Punjab

ਮੁੱਖ ਮੰਤਰੀ ਚੰਨੀ ਵੱਲੋਂ ਬਾਕੀ ਰਹਿੰਦੇ 1.09 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ 1200 ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰਨ ਦਾ ਐਲਾਨ

ਖੇਤੀਬਾੜੀ ਵਿਕਾਸ ਬੈਂਕ ਦੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਵੀ ਖੇਤੀ ਕਰਜ਼ਾ ਮੁਆਫੀ ਦੇ ਦਾਇਰੇ ਹੇਠ ਲਿਆਉਣ ਦਾ ਐਲਾਨ

ਕਿਸਾਨ ਅੰਦੋਲਨ ਅਤੇ ਕੁਰਬਾਨੀਆਂ ਨੂੰ ਸਮਰਪਿਤ ਪੰਜਾਬ ਵਿੱਚ 5 ਏਕੜ ਵਿੱਚ ਆਲ੍ਹਾ ਦਰਜੇ ਦੀ ਯਾਦਗਾਰ ਸਥਾਪਤ ਹੋਵੇਗੀ

ਚੰਡੀਗੜ, 23 ਦਸੰਬਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਵਿਚ 5 ਏਕੜ ਤੱਕ ਦੀ ਮਾਲਕੀ ਵਾਲੇ ਲਗਭਗ 1.09 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਕਰਜ਼ੇ ਦੇ ਨਿਪਟਾਰੇ ਲਈ ਮੌਜੂਦਾ ਕਰਜ਼ਾ ਮੁਆਫੀ ਸਕੀਮ ਤਹਿਤ 1200 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦਾ ਐਲਾਨ ਕੀਤਾ ਹੈ।

ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਪਹਿਲਾਂ ਹੀ ਅਜਿਹੇ 5.63 ਲੱਖ ਕਿਸਾਨਾਂ ਦੇ 4610 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰ ਚੁੱਕੀ ਹੈ। ਇਨ੍ਹਾਂ ਵਿੱਚੋਂ 1.34 ਲੱਖ ਛੋਟੇ ਕਿਸਾਨਾਂ ਨੂੰ 980 ਕਰੋੜ ਰੁਪਏ ਦੀ ਰਾਹਤ ਮਿਲੀ ਹੈ ਜਦਕਿ 4.29 ਲੱਖ ਸੀਮਾਂਤ ਕਿਸਾਨਾਂ ਨੂੰ 3630 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦਾ ਲਾਭ ਮਿਲਿਆ ਹੈ।

ਸਾਲ ਭਰ ਚੱਲੇ ਕਿਸਾਨ ਅੰਦੋਲਨ ਦੌਰਾਨ ਸੈਂਕੜੇ ਕਿਸਾਨਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਦੀ ਯਾਦ ਵਿਚ ਅਤੇ ਇਸ ਦੌਰਾਨ ਕਿਸਾਨਾਂ ਦੇ ਲਾਮਿਸਾਲ ਯੋਗਦਾਨ ਸਦਕਾ ਮੁੱਖ ਮੰਤਰੀ ਨੇ 5 ਏਕੜ ਜ਼ਮੀਨ ਵਿੱਚ ਅਤਿ-ਆਧੁਨਿਕ ਯਾਦਗਾਰ ਬਣਾਉਣ ਦਾ ਐਲਾਨ ਵੀ ਕੀਤਾ। ਇਸ ਸਬੰਧ ਵਿੱਚ ਪ੍ਰਸਤਾਵ ਪੇਸ਼ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਇਹ ਸਮਾਰਕ ਕੇਂਦਰ ਸਰਕਾਰ ਤੋਂ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਲੜੀ ਗਈ ਅਣਥੱਕ ਲੜਾਈ ਨੂੰ ਦਰਸਾਉਣ ਵਿੱਚ ਸਹਾਈ ਹੋਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਯਾਦਗਾਰ ਇਸ ਲਈ ਵੀ ਮਹੱਤਵਪੂਰਨ ਹੋਵੇਗੀ ਕਿਉਂ ਜੋ ਇਹ ਲੋਕਤੰਤਰ ਦੀ ਸਰਵਉੱਚਤਾ ਅਤੇ ਕਿਸਾਨ ਅੰਦੋਲਨ ਦੇ ਸ਼ਾਂਤਮਈ ਵਿਹਾਰ ਨੂੰ ਦਰਸਾਏਗੀ। ਉਨ੍ਹਾਂ ਨੇ ਕਿਸਾਨਾਂ ਦੀ ਅਦੁੱਤੀ ਭਾਵਨਾ ਅਤੇ ਸ਼ਾਂਤਮਈ ਅੰਦੋਲਨ ਨੂੰ ਪ੍ਰਦਰਸ਼ਿਤ ਕਰਨ ਲਈ ਆਲ੍ਹਾ ਦਰਜੇ ਦੀ ਯਾਦਗਾਰ ਬਣਾਉਣ ਲਈ ਸਾਂਝਾ ਕਿਸਾਨ ਮੋਰਚਾ (ਐਸਕੇਐਮ) ਤੋਂ ਪੂਰਨ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ।

ਇੱਕ ਮਹੱਤਵਪੂਰਨ ਫੈਸਲੇ ਵਿੱਚ ਮੁੱਖ ਮੰਤਰੀ ਚੰਨੀ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ, ਜਿਸ ਨੂੰ ਪਹਿਲਾਂ ਲੈਂਡ ਮਾਰਗੇਜ ਬੈਂਕ ਦੇ ਨਾਂਅ ਨਾਲ ਜਾਣਿਆ ਜਾਂਦਾ ਸੀ, ਦੇ 2 ਲੱਖ ਰੁਪਏ ਤੱਕ ਦੇ ਕਰਜ਼ਦਾਰ 5 ਏਕੜ ਤੱਕ ਦੀ ਜ਼ਮੀਨ ਵਾਲੇ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਵੀ ਕਰਜ਼ਾ ਮੁਆਫੀ ਯੋਜਨਾ ਦੇ ਦਾਇਰੇ ਵਿੱਚ ਲਿਆਉਣ ਦਾ ਐਲਾਨ ਕੀਤਾ।

ਸੰਯੁਕਤ ਕਿਸਾਨ ਮੋਰਚੇ ਦੀ ਇੱਕ ਹੋਰ ਵੱਡੀ ਮੰਗ ਨੂੰ ਪ੍ਰਵਾਨ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਸੂਬੇ ਅੰਦਰ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਦਰਜ ਕੀਤੀਆਂ ਸਾਰੀਆਂ ਐਫ.ਆਈ.ਆਰਜ਼ ਨੂੰ 31 ਦਸੰਬਰ, 2021 ਤੱਕ ਰੱਦ ਕਰਨ ਦਾ ਐਲਾਨ ਕੀਤਾ। ਉਨ੍ਹਾਂ ਲੋੜੀਂਦੀਆਂ ਰਸਮਾਂ ਪੂਰੀਆਂ ਕਰਨ ਲਈ ਡੀਜੀਪੀ ਨੂੰ ਤੁਰੰਤ ਨਿਰਦੇਸ਼ ਦਿੱਤੇ ਤਾਂ ਜੋ ਰਾਜ ਭਰ ਵਿੱਚ ਕਿਸਾਨ ਅੰਦੋਲਨ ਅਤੇ ਝੋਨੇ ਦੀ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵੱਖ-ਵੱਖ ਕਿਸਾਨਾਂ ਵਿਰੁੱਧ ਦਰਜ ਸਾਰੀਆਂ ਮਾਮਲੇ ਰੱਦ ਕੀਤਾ ਜਾ ਸਕਣ।

ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ 17 ਵਾਰਸਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਵੀ ਸੌਂਪੇ।

ਇਸ ਮੌਕੇ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ, ਵਿਜੇ ਇੰਦਰ ਸਿੰਗਲਾ, ਅਰੁਣਾ ਚੌਧਰੀ ਅਤੇ ਰਾਜ ਕੁਮਾਰ ਵੇਰਕਾ ਤੋਂ ਇਲਾਵਾ ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਵਿੱਤ ਕਮਿਸ਼ਨਰ ਮਾਲ ਵੀ.ਕੇ. ਜੰਜੂਆ, ਵਿੱਤ ਕਮਿਸ਼ਨਰ ਵਿਕਾਸ ਡੀ.ਕੇ. ਤਿਵਾੜੀ, ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ ਸਿਨਹਾ ਅਤੇ ਡੀ.ਜੀ.ਪੀ. ਐਸ.ਚਟੋਪਾਧਿਆਏ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Sorry Content is protected !!