ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਉਣ ਸਬੰਧੀ ਕੇਂਦਰ ਦੇ ਫੈਸਲੇ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ

Punjab
By Admin

ਚੰਡੀਗੜ੍ਹ, 22 ਨਵੰਬਰ:

            ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵੱਡੀ ਪੱਧਰ ‘ਤੇ ਮਨਾਉਣ ਲਈ ਕੇਂਦਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਇਸ ਸਬੰਧ ਵਿੱਚ ਉਨ੍ਹਾਂ ਦੀ ਨਿੱਜੀ ਬੇਨਤੀ ਨੂੰ ਪ੍ਰ੍ਹਵਾਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ |

            ਅੱਜ ਇਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਇਸ ਸਬੰਧ ਵਿੱਚ ਪ੍ਰਧਾਨ ਮੰਤਰੀ ਨੂੰ ਲਿਖੇ ਵੱਖ-ਵੱਖ ਪੱਤਰਾਂ ਅਤੇ ਕੀਤੀਆਂ ਬੇਨਤੀਆਂ ਦੇ ਹੁੰਗਾਰੇ ਵੱਜੋ ਇਸ ਇਤਿਹਾਸਕ ਸਮਾਰੋਹ ਨੂੰ ਸ਼ਾਨਦਾਰ ਤਰੀਕੇ ਨਾਲ ਮਨਾਉਣ ਲਈ ਕੇਂਦਰੀ ਮੰਤਰੀ ਮੰਡਲ ਵੱਲੋਂ ਪਾਸ ਕੀਤੇ ਮਤੇ ਦੀ ਪ੍ਰਸ਼ੰਸਾ ਕੀਤੀ ਹੈ |

            ਗੁਰਦਾਸਪੁਰ ਜਿਲ੍ਹੇ ਵਿੱਚ ਡੇਰਾਬਾਬਾ ਨਾਨਕ ਤੋਂ ਅੰਤਰਰਾਸ਼ਟਰੀ ਸਰਹੱਦ ਤੱਕ ਕਰਤਾਰਪੁਰ ਲਾਂਘਾ ਬਨਾਉਣ ਅਤੇ ਵਿਕਸਤ ਕਰਨ ਦੇ ਸਬੰਧ ਵਿੱਚ ਕੇਂਦਰੀ ਮੰਤਰੀ ਮੰਡਲ ਵੱਲੋਂ ਦਿੱਤੀ ਗਈ ਪ੍ਰਵਾਨਗੀ ਦਾ ਵਿਸ਼ੇਸ਼ ਤੌਰ ‘ਤੇ ਸਵਾਗਤ ਕੀਤਾ ਹੈ ਤਾਂ ਜੋ ਪਾਕਿਸਤਾਨ ਵਿੱਚ ਰਾਵੀ ਨਦੀ ਦੇ ਕਿਨਾਰੇ ‘ਤੇ ਗੁਰਦੁਆਰਾ ਸਾਹਿਬ ਕਰਤਾਰਪੁਰ ਵਿਖੇ ਜਾਣ ਲਈ ਭਾਰਤੀ ਸ਼ਰਧਾਲੂਆਂ ਨੂੰ ਸੁਵਿਧਾ ਪ੍ਰਦਾਨ ਹੋ ਸਕੇ | ਇਸ ਸਥਾਨ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜੀਵਨ ਦੇ 18 ਸਾਲ ਗੁਜਾਰੇ ਸਨ |ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਦੇ ਨਾਲ ਕਰਤਾਰਪੁਰ ਗੁਰਦੁਆਰਾ ਵਿਖੇ ਨਤਮਸਤਕ ਹੋਣ ਦੀ ਲੱਖਾਂ ਸ਼ਰਧਾਲੁਆਂ ਦੀ ਚਾਹਤ ਦੇ ਸਬੰਧ ਵਿੱਚ ਸਹੁਲਤ ਪ੍ਰਾਪਤ ਹੋਵੇਗੀ | ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਪਾਕਿਸਤਾਨ ਸਰਕਾਰ ਸਰਹੱਦ ਦੇ ਆਪਣੇ ਵਾਲੇ ਪਾਸੇ ਲਾਂਘੇ ਨੂੰ ਖੋਲ੍ਹਣ ਦੀ ਕੋਸ਼ਿਸ਼ ਨੂੰ ਪੂਰਾ ਕਰੇਗੀ |

            ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਇਸ ਇਤਿਹਾਸਕ ਕਸਬੇ ਸੁਲਤਾਨਪੁਰ ਲੋਧੀ ਦੇ ਸਮਾਰਟ ਸਿਟੀ ਦੀ ਲਾਈਨ’ਤੇ ਵਿਰਾਸਤੀ ਕਸਬੇ ਵਜੋਂ ਵਿਕਾਸ ਕਰਨ ਦੇ ਕੇਂਦਰੀ ਮੰਤਰੀ ਮੰਡਲ ਦੇ ਫੈਸਲੇ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ |

            ਸੂਬਾ ਸਰਕਾਰ ਵੱਲੋਂ ਕੇਂਦਰ ਨੂੰ ਦਿੱਤੇ ਗਏ ਯਾਦ-ਪੱਤਰ ਵਿੱਚ ਕੀਤੀ ਗਈ ਮੰਗ ਦੇ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਫ਼ਲਸਫ਼ੇ ਅਤੇ ਸਿੱਖਿਆਵਾਂ ਨੂੰ ਬੜ੍ਹਾਵਾ ਦੇਣ, ‘ਪਿੰਡ ਬਾਬੇ ਨਾਨਕ ਦਾ ਅਜਾਇਬ ਘਰ’ ਨੂੰ ਵਿਕਸਿਤ ਕਰਨ, ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਦਾ ਪੱਧਰ ਉੱਚਾ ਚੁੱਕਣ, ਵਿਦੇਸ਼ੀ ਯੂਨੀਵਰਸਿਟੀ ਵਿੱਚ ਇੰਟਰਫੇਥ ਸਟਡੀ ਸੈਂਟਰ ਅਤੇ ਚੇਅਰਜ਼ ਸਥਾਪਤ ਕਰਨ, ਯਾਦਗਾਰੀ ਸਿੱਕਾ ਅਤੇ ਡਾਕ ਟਿਕਟਾਂ ਆਦਿ ਜਾਰੀ ਕਰਨ ਦੇ ਮੰਤਰੀ ਮੰਡਲ ਦੇ ਫੈਸਲੇ ਦੀ ਵੀ ਉਨ੍ਹਾਂ ਨੇ ਪ੍ਰਸ਼ੰਸਾ ਕੀਤੀ |

            ਮੁੱਖ ਮੰਤਰੀ ਨੇ ਦੇਸ਼ ਭਰ ਅਤੇ ਵਿਸ਼ਵ ਪੱਧਰ ‘ਤੇ ਲੜੀਵਾਰ ਸਰਗਰਮੀਆਂ ਰਾਹੀਂ ਇਸ ਸਮਾਰੋਹ ਨੂੰ ਮਨਾਉਣ ਦੇ ਕੇਂਦਰ ਦੇ ਫੈਸਲੇ ਦੀ ਵੀ ਸਰਾਹਨਾ ਕੀਤੀ |ਇਹ ਕਦਮ, ਸਾਲ ਭਰ ਚਲੱਣ ਵਾਲੇ ਸਮਾਰੋਹਾਂ ਦੇ ਰਾਹੀਂ ਇਸ ਪਵਿੱਤਰ ਸਮਾਰੋਹ ਨੂੰ ਮਨਾਉਣ ਲਈ ਸੂਬਾ ਸਰਕਾਰ ਦੀਆਂ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਬਹੁਤ ਜਿਆਦਾ ਹੁਲਾਰਾ ਦੇਣਗੇ ਜਿਨ੍ਹਾਂ ਦੀ ਸ਼ੁਰੂਆਤ ਸ਼ੁੱਕਰਵਾਰ ਤੋਂ ਕੀਤੀ ਜਾ ਰਹੀ ਹੈ |

            ਮੁੱਖ ਮੰਤਰੀ ਨੇ ਪ੍ਰਵਾਨਿਤ ਪ੍ਰਾਜੈਕਟਾਂ ਲਈ ਜਲਦੀ ਤੋਂ ਜਲਦੀ ਫੰਡ ਜਾਰੀ ਕਰਨ ਲਈ ਕੇਂਦਰ ਨੂੰ ਅਪੀਲ ਕੀਤੀ ਹੈ ਤਾਂ ਜੋ ਇਨ੍ਹਾਂ ਪ੍ਰਾਜੈਕਟਾਂ ਨੂੰ ਇਕ ਸਾਲ ਦੇ ਸਮੇਂ ਵਿੱਚ ਮੁਕੰਮਲ ਕੀਤਾ ਜਾ ਸਕੇ |

Leave a Reply