ਚੰਨੀ ਵੱਲੋਂ ਪੰਜਾਬ ਕਲਾ ਪਰਿਸ਼ਦ ਅਤੇ ਅਕਾਦਮੀਆਂ ਦੇ ਕੰਮਾਂ/ਗਤੀਵਿਧੀਆਂ ਦੀ ਸਮੀਖਿਆ

Punjab
By Admin

 

੍ਹ        ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਉਲੀਕੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਕਿਹਾ

੍ਹ        ਜ਼ਲ੍ਹਿਆਂ ਵਾਲ ਬਾਗ ਸ਼ਤਾਬਦੀ ਸਮਾਗਮਾਂ ‘ਚ ਨੌਜਵਾਨਾਂ ਨੂੰ ਕੀਤਾ ਜਾਵੇਗਾ ਸ਼ਾਮਲ

ਚੰਡੀਗੜ੍ਹ, 27 ਜੂਨ:

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਅਤੇ ਜ਼ਲ੍ਹਿਆਂ ਵਾਲੇ ਬਾਗ ਦੇ ਸ਼ਤਾਬਦੀ ਸਮਾਗਮਾਂ ਨੂੰ ਸੂਬੇ ਭਰ ‘ਚ ਮਨਾਉਣ ਸਬੰਧੀ ਤਿਆਰੀਆਂ ਜਾਰੀ ਹਨ। ਇਹ ਸਮਾਗਮ ਸੂਬੇ ‘ਚ ਵੱਖ-ਵੱਖ ਥਾਵਾਂ ‘ਤੇ ਵੱਡੇ ਪੱਧਰ ‘ਤੇ ਮਨਾਉਣ ਦੇ ਨਾਲ-ਨਾਲ ਸਮੂਹ ਜ਼ਿਲ੍ਹਿਆਂ ‘ਚ ਵੀ ਮਨਾਏ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਸਬੰਧੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਕਲਾ ਪਰਿਸ਼ਦ, ਪੰਜਾਬ ਸੰਗੀਤ ਨਾਟਕ ਅਕਾਦਮੀ, ਪੰਜਾਬ ਲਲਿਤ ਕਲਾ ਅਕਾਦਮੀ ਅਤੇ ਪੰਜਾਬ ਸਾਹਿਤ ਅਕਾਦਮੀ ਦੀਆਂ ਗਤੀਵਿਧੀਆਂ/ਕੰਮਾਂ ਸਬੰਧੀ ਸਮੀਖਿਆ ਮੀਟਿੰਗ ਮੌਕੇ ਕੀਤਾ।

ਸ. ਚੰਨੀ ਨੇ ਪੰਜਾਬ ਕਲਾ ਪਰਿਸ਼ਦ ਤੇ ਅਕਾਦਮੀਆਂ ਵੱਲੋਂ ਕਰਵਾਏ ਜਾਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਬਾਰੇ ਦੱਸਦਿਆਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਦਾ ਉਦੇਸ਼ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ, ਸਿੱਖ ਇਤਿਹਾਸ, ਸਿੱਖ ਦਰਸ਼ਨ ਬਾਰੇ ਜਾਣੂ ਕਰਵਾਉਣਾ ਹੈ। ਇਨ੍ਹਾਂ ਸਮਾਗਮਾਂ ਦੌਰਾਨ ਕਵੀ ਦਰਬਾਰ, ਰਬਾਬ ਉਤਸਵ, ਢਾਡੀ ਦਰਬਾਰ, ‘ਬਲਿਹਾਰੀ ਕੁਦਰਤ ਵਸਿਆ’-ਸ਼ਬਦ ਗਾਇਨ ਅਤੇ ਗੋਸ਼ਟੀ, ‘ਜਿੱਥੇ ਬਾਬਾ ਪੈਰ ਧਰੇ’-ਨਾਟਕ, ‘ਜਗ ਚਾਨਣ ਹੋਆ’-ਨਾਟਕ, ‘ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼’-ਗੋਸ਼ਟੀ, ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਪੇਂਟਿੰਗਜ਼-ਪ੍ਰਦਰਸ਼ਨੀ ਅਤੇ ਗੋਸ਼ਟੀ, ਮਲਵਈ ਲੋਕ ਨਾਚ-ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਲੋਕ ਬੋਲੀਆਂ, ਰਾਗਾਂ ਅਨੁਸਾਰ ਕੀਰਤਨ ਦਰਬਾਰ, ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੰਧ ਚਿੱਤਰ-ਫੋਟੋ ਪ੍ਰਦਰਸ਼ਨੀ ਅਤੇ ਵੱਖ-ਵੱਖ ਸੈਮੀਨਾਰ ਆਦਿ ਸਮਾਗਮ ਕਰਵਾਏ ਜਾਣਗੇ।

ਸ. ਚੰਨੀ ਨੇ ਅੱਗੇ ਦੱਸਿਆ ਕਿ ਜ਼ਲ੍ਹਿਆਂ ਵਾਲੇ ਬਾਗ ਦੇ ਸ਼ਤਾਬਦੀ ਸਮਾਗਮਾਂ ‘ਚ ਪੰਜਾਬ ਦੇ ਸੂਰਬੀਰਾਂ ਵੱਲੋਂ ਕੀਤੀਆਂ ਕੁਰਬਾਨੀਆਂ ਅਤੇ ਉਨ੍ਹਾਂ ਨਾਲ ਸਬੰਧਤ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ‘ਚ ਜਿੱਥੇ ਦੇਸ਼ ਭਗਤੀ ਨਾਲ ਸਬੰਧਤ ਸੰਗੀਤਕ ਪ੍ਰੋਗਰਾਮ, ਨਾਟਕ ਮੇਲੇ, ਕਵੀ ਦਰਬਾਰ ਆਦਿ ਪ੍ਰੋਗਰਾਮ ਕਰਵਾਏ ਜਾਣਗੇ, ਉੱਥੇ ਹੀ ਲ੍ਹਿਆਂ ਵਾਲੇ ਬਾਗ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣ ਲਈ ਛੇਤੀ ਹੀ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ‘ਚ ਸਬੰਧਤ ਵਿਧਾਇਕ ਦੀ ਸ਼ਮੂਲੀਅਤ ਨੂੰ ਵੀ ਯਕੀਨੀ ਬਣਾਇਆ ਜਾਵੇਗਾ।

ਸ. ਚੰਨੀ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ‘ਚ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਅਤੇ ਪਿੰਡਾਂ/ਸ਼ਹਿਰਾਂ ਦੇ ਨੌਜਵਾਨਾਂ ਨੂੰ ਸ਼ਾਮਲ ਕਰਨ ਲਈ ਵੀ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਨੇ ਸ਼ਤਾਬਦੀ ਸਮਾਗਮਾਂ ਲਈ ਲੋੜੀਂਦਾ ਪ੍ਰਚਾਰ ਕਰਕੇ ਪਿੰਡਾਂ/ਸ਼ਹਿਰਾਂ ਅਤੇ ਆਮ ਲੋਕਾਂ ਤੱਕ ਪਹੁੰਚ ਕਰਨ ਲਈ ਵੀ ਕਿਹਾ। ਇਸ ਮੌਕੇ ਡਾ. ਸੁਰਜੀਤ ਪਾਤਰ ਨੇ ਪੰਜਾਬ ਕਲਾ ਪਰਿਸ਼ਦ ਵੱਲੋਂ ਪਿਛਲੇ ਸਮੇਂ ਦੌਰਾਨ ਕੀਤੇ ਕੰਮਾਂ/ਗਤੀਵਿਧੀਆਂ ਸਬੰਧੀ ਜਾਣਕਾਰੀ ਦਿੱਤੀ ਅਤੇ ਆਪਣੀਆਂ ਭਵਿੱਖੀ ਯੋਜਨਾਵਾਂ ਸਬੰਧੀ ਵੀ ਚਾਨਣਾ ਪਾਇਆ।

ਇਸ ਮੌਕੇ ਸੈਰ-ਸਪਾਟਾ ਤੇ ਸੱਭਿਆਚਾਰ ਮਾਮਲੇ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ, ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਅਤੇ ਜਨਰਲ ਸਕੱਤਰ ਡਾ. ਲਖਵਿੰਦਰ ਜੌਹਲ, ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਪ੍ਰਧਾਨ ਸ੍ਰੀ ਕੇਵਲ ਧਾਲੀਵਾਲ, ਪੰਜਾਬ ਲਲਿਤ ਕਲਾ ਅਕਾਦਮੀ ਦੇ ਪ੍ਰਧਾਨ ਸ੍ਰੀ ਦੀਵਾਨ ਮਾਨਾ, ਪੰਜਾਬ ਸਾਹਿਤ ਅਕਾਦਮੀ ਦੀ ਪ੍ਰਧਾਨ ਡਾ. ਸਰਬਜੀਤ ਕੌਰ ਸੋਹਲ ਤੋਂ ਇਲਾਵਾ ਸੈਰ-ਸਪਾਟਾ ਤੇ ਸੱਭਿਆਚਾਰ ਮਾਮਲੇ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਸਨ।

Leave a Reply