ਸੁਖਬੀਰ ਨੇ ਕੇਂਦਰੀ ਰਾਹਤ ਦੁੱਗਣੀ ਕਰਨ ਦੀ ਮੰਗ ਕਰਕੇ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ-ਕੈਪਟਨ ਅਮਰਿੰਦਰ ਸਿੰਘ

Punjab
By Admin
ਚੰਡੀਗੜ, 4 ਫਰਵਰੀ
 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੱਲੋਂ ਕੇਂਦਰ ਦੁਆਰਾ ਕਿਸਾਨਾਂ ਨੂੰ ਦਿੱਤੀ ਗਈ ਮਾਮੂਲੀ ਰਾਹਤ ਦੁੱਗਣੀ ਕਰਨ ਦੀ ਮੰਗ ਕਰਕੇ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੀ ਤਿੱਖੀ ਆਲੋਚਨਾ ਕੀਤੀ ਹੈ।
ਸਾਬਕਾ ਉਪ ਮੁੱਖ ਮੰਤਰੀ ਦੇ ਬਿਆਨ ਦੀ ਖਿੱਲੀ ਉਡਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੇਂਦਰ ਵਿੱਚ ਸੱਤਾਧਾਰੀ ਗੱਠਜੋੜ ਦਾ ਭਾਈਵਾਲ ਹੋਣ ਦੇ ਬਾਵਜੂਦ ਇਨਾਂ ਵਰਿਆਂ ਦੌਰਾਨ ਕਿਸਾਨਾਂ ਦੇ ਮੁੱਦਿਆਂ ’ਤੇ ਸੁਖਬੀਰ ਨੇ ਚੁੱਪ ਕਿਉਂ ਵੱਟੀ ਰੱਖੀ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਵਾਸਤੇ ਕੇਵਲ 6000 ਰੁਪਏ ਸਾਲਾਨਾ ਦਾ ਐਲਾਨ ਕਰਕੇ ਉਨਾਂ ਦਾ ਪਹਿਲਾਂ ਹੀ ਮਖੌਲ ਉਡਾਇਆ ਹੈ ਜੋ ਕਿ ਰੋਜ਼ਾਨਾ 17 ਰੁਪਏ ਬਣਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਸੰਕਟ ਵਿੱਚੋਂ ਕੱਢਣ ਦੀ ਬਜਾਏ ਅਕਾਲੀ ਦਲ ਦਾ ਪ੍ਰਧਾਨ ਆਪਣੀ ਢੀਠਤਾ ਭਰੀ ਮੰਗ ਨਾਲ ਉਨਾਂ ਨੂੰ ਹੋਰ ਬੇਇੱਜ਼ਤ ਕਰ ਰਿਹਾ ਹੈ। ਉਨਾਂ ਪੁੱਛਿਆ ਕਿ ਕੀ ਸੁਖਬੀਰ ਦਾ ਇਹ ਵਿਸ਼ਵਾਸ ਹੈ ਕਿ ਸੰਕਟ ਵਿੱਚ ਘਿਰੇ ਹੋਏ ਕਿਸਾਨਾਂ ਨੂੰ 1000 ਰੁਪਏ ਮਹੀਨਾ ਦੇਣ ਨਾਲ ਉਨਾਂ ਦਾ ਭਲਾ ਹੋ ਸਕਦਾ ਹੈ ਜੋ ਕਿ ਕਰਜ਼ੇ ਹੇਠ ਦੱਬੇ ਹੋਣ ਕਾਰਨ ਖੁਦਕੁਸ਼ੀਆਂ ਦੇ ਰਾਹ ਪਏ ਹੋਏ ਹਨ।
ਆਪਣੇ 10 ਸਾਲਾਂ ਦੇ ਸ਼ਾਸਨ ਦੌਰਾਨ ਸੰਕਟ ਨਾਲ ਜੂਝ ਰਹੇ ਕਿਸਾਨਾਂ ਨੂੰ ਇਕ ਵੀ ਪੈਸਾ ਦੇਣ ਵਿੱਚ ਅਸਫਲ ਰਹੀ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਉਲਟ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪਹਿਲਾਂ ਹੀ 5.63 ਲੱਖ ਛੋਟੇ ਤੇ ਸੀਮਾਂਤ ਕਿਸਾਨਾਂ ਦੇ 4514 ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਦੋ ਸਾਲ ਤੋਂ ਘੱਟ ਸਮੇਂ ਵਿੱਚ ਸਮਾਜ ਦੇ ਹਰੇਕ ਵਰਗ ਨੂੰ ਕੁਝ ਨਾ ਕੁਝ ਰਾਹਤ ਦੇਣ ਵਿੱਚ ਸਫਲ ਹੋਈ ਹੈ। ਪਿਛਲੀ ਸਰਕਾਰ ਵੱਲੋਂ ਖਾਲੀ ਛੱਡੇ ਖਜ਼ਾਨੇ ਦੇ ਬਾਵਜੂਦ ਇਹ ਰਾਹਤ ਦਿੱਤੀ ਗਈ ਹੈ। ਉਨਾਂ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਰਾਹ ਲੱਭਣ ਵਾਸਤੇ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਸਣੇ ਸਮੁੱਚੇ ਬਾਦਲ ਕੁਨਬੇ ਨੇ ਇਨਾਂ ਸਾਲਾਂ ਦੌਰਾਨ ਕਿਸਾਨਾਂ ਦੀ ਭਲਾਈ ਲਈ ਕੱਖ ਵੀ ਨੀਂ ਕੀਤਾ ਅਤੇ ਹੁਣ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਾਂ ਬਟੋਰਨ ਲਈ ਮਗਰਮੱਛ ਦੇ ਹੰਝੂ ਵਹਾ ਰਿਹਾ ਹੈ। ਉਨਾਂ ਕਿਹਾ ਕਿ ਕਿਸਾਨ ਉਨਾਂ ਦੇ ਅਜਿਹੇ ਝਾਂਸਿਆਂ ਵਿੱਚ ਨਹੀਂ ਆਉਣਗੇ। ਉਨਾਂ ਕਿਹਾ ਕਿ ਕੇਂਦਰ ਵਿੱਚ ਸੱਤਾਧਾਰੀ ਗੱਠਜੋੜ ਆਪਣਾ ਭਰੋਸਾ ਗੁਆ ਚੁੱਕਾ ਹੈ ਅਤੇ ਲੋਕਾਂ ਨੇ ਇਸ ਨੂੰ ਗੱਦੀ ਤੋਂ ਲਾਹੁਣ ਦਾ ਮਨ ਬਣਾ ਲਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਨੂੰ ਆਖਿਆ ਕਿ ਉਹ ਲੋਕਾਂ ਨੂੰ ਖਾਸ ਕਰਕੇ ਕਿਸਾਨਾਂ ਨੂੰ ਉਨਾਂ ਦੀਆਂ ਸਮੱਸਿਆਵਾਂ ਦੀ ਚਿੰਤਾ ਹੋਣ ਦਾ ਢੌਂਗ ਰਚਾ ਕੇ ਗੁੰਮਰਾਹ ਨਾ ਕਰਨ। ਉਨਾਂ ਨੇ ਅਕਾਲੀ ਆਗੂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਲੋਕ ਉਨਾਂ ਨੂੰ ਕਿਸੇ ਵੀ ਸੂਰਤ ’ਚ ਮੁਆਫ ਨਹੀਂ ਕਰਨਗੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਕੇਂਦਰ ਸੱਚਮੁੱਚ ਕਿਸਾਨਾਂ ਦੀ ਮਦਦ ਕਰਨ ਦੀ ਇੱਛਾ ਰੱਖਦਾ ਹੈ ਤਾਂ ਉਸ ਨੂੰ ਕਿਸਾਨਾਂ ਦਾ ਯਕਮੁਸ਼ਤ ਕਰਜ਼ਾ ਮੁਆਫ ਕਰਨ ਦਾ ਐਲਾਨ ਕਰਨਾ ਚਾਹੀਦਾ ਹੈ ਅਤੇ ਇਸ ਦੇ ਨਾਲ ਹੀ ਉਨਾਂ ਦੀ ਫਸਲਾਂ ਦੇ ਲਾਹੇਵੰਦ ਭਾਅ ਨੂੰ ਯਕੀਨੀ ਬਣਾਉਣ ਵਾਸਤੇ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਨੂੰ ਹੂ-ਬ-ਹੂ ਲਾਗੂ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਮੋਦੀ ਸਰਕਾਰ ਤੇ ਇਸ ਦੇ ਭਾਈਵਾਲਾਂ ਦੀ ਕਿਸਾਨ ਵਿਰੋਧੀ ਮਾਨਸਿਕਤਾ ਪੂਰੀ ਤਰਾਂ ਜੱਗ ਜ਼ਾਹਰ ਹੋ ਗਈ ਹੈ।

Leave a Reply