
• ਬਕਾਏ ਦੀ ਰਿਕਵਰੀ ਲਈ ਵਨ ਟਾਇਮ ਸੈਟਲਮੈਂਟ ਸਕੀਮ ਲਿਆਂਦੀ
ਚੰਡੀਗੜ੍ਹ, 24 ਸਤੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਦੇ ਅਰਥਚਾਰੇ ਨੂੰ ਤੇਜ਼ ਵਿਕਾਸ ਦੇ ਰਾਹ ਉੱਤੇ ਪਾਉਣ ਲਈ ਕਾਰੋਬਾਰ ਨੂੰ ਹੁਲਾਰਾ ਦੇਣ ਵਾਸਤੇ ਅੱਜ ਕਈ ਅਹਿਮ ਪਹਿਲਕਦਮੀਆਂ ਉੱਤੇ ਮੋਹਰ ਲਾਈ।
ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਇੱਥੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।
ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਪੁਰਾਣੇ ਕੇਸਾਂ ਦਾ ਬੋਝ ਘਟਾਉਣ ਅਤੇ ਸਨਅਤ ਤੇ ਕਾਰੋਬਾਰਾਂ ਲਈ ਨਿਯਮਾਂ ਦੀ ਪਾਲਣਾ ਵਧਾਉਣ ਵਾਸਤੇ ਬਕਾਇਆ ਦੀ ਰਿਕਵਰੀ ਲਈ ਪੰਜਾਬ ਵਨ ਟਾਇਮ ਸੈਟਲਮੈਂਟ ਸਕੀਮ 2025 (ਓ.ਟੀ.ਐਸ.) ਲਿਆਉਣ ਦੀ ਵੀ ਪ੍ਰਵਾਨਗੀ ਦੇ ਦਿੱਤੀ। ਇਹ ਸਕੀਮ ਪਹਿਲੀ ਅਕਤੂਬਰ 2025 ਤੋਂ ਲਾਗੂ ਹੋਵੇਗੀ ਅਤੇ 12 ਦਸੰਬਰ 2025 ਤੱਕ ਲਾਗੂ ਰਹੇਗੀ। ਜਿਨ੍ਹਾਂ ਕਰਦਾਤਾਵਾਂ ਦੇ ਮੁਲਾਂਕਣ 30 ਸਤੰਬਰ, 2025 ਤੱਕ ਕੀਤੇ ਗਏ ਹਨ ਅਤੇ ਮੁਲਾਂਕਣ ਆਦੇਸ਼ਾਂ ਦੇ ਸਾਰੇ ਸੁਧਾਰ/ਸੋਧ ਵਿਭਾਗ ਦੁਆਰਾ 30 ਸਤੰਬਰ, 2025 ਤੱਕ ਸਬੰਧਤ ਐਕਟ(ਆਂ) ਜਿਵੇਂ ਕਿ ਪੰਜਾਬ ਜਨਰਲ ਸੇਲਜ਼ ਟੈਕਸ ਐਕਟ, 1948, ਸੈਂਟਰਲ ਸੇਲਜ਼ ਟੈਕਸ ਐਕਟ, 1956, ਪੰਜਾਬ ਇਨਫਰਾਸਟ੍ਰਕਚਰ ਡਿਵੈਲਪਮੈਂਟ ਐਂਡ ਰੈਗੂਲੇਸ਼ਨ ਐਕਟ, 2002 ਅਤੇ ਪੰਜਾਬ ਵੈਟ ਐਕਟ, 2005, ਪੰਜਾਬ ਐਂਟਰਟੇਨਮੈਂਟ ਡਿਊਟੀ ਐਕਟ, 1955 ਅਤੇ ਪੰਜਾਬ ਐਂਟਰਟੇਨਮੈਂਟ ਟੈਕਸ ਸਿਨੇਮੈਟੋਗ੍ਰਾਫੀ ਸ਼ੋਅਜ਼ ਐਕਟ, 1954 ਅਧੀਨ ਪਾਸ ਕੀਤੇ ਗਏ ਹਨ, ਉਹ ਇਸ ਸਕੀਮ ਅਧੀਨ ਨਿਪਟਾਰੇ ਲਈ ਅਰਜ਼ੀ ਦੇਣ ਦੇ ਯੋਗ ਹੋਣਗੇ।
ਇਸ ਓ.ਟੀ.ਐਸ. ਸਕੀਮ ਅਧੀਨ ਜਿਸ ਮਾਮਲੇ ਵਿੱਚ ਟੈਕਸ ਰਕਮ ਇਕ ਕਰੋੜ ਰੁਪਏ ਤੱਕ ਹੈ, ਉਸ ਮਾਮਲੇ ਵਿੱਚ ਵਿਆਜ ਤੋਂ 100 ਫੀਸਦੀ ਛੋਟ, ਜੁਰਮਾਨੇ ਉੱਤੇ 100 ਫੀਸਦੀ ਮੁਆਫ਼ੀ ਅਤੇ ਟੈਕਸ ਰਕਮ ਉੱਤੇ 50 ਫੀਸਦੀ ਛੋਟ ਹੋਵੇਗੀ, ਜਦੋਂ ਕਿ ਇੱਕ ਕਰੋੜ ਰੁਪਏ ਤੋਂ 25 ਕਰੋੜ ਰੁਪਏ ਤੱਕ ਦੀ ਬਕਾਇਆ ਟੈਕਸ ਰਕਮ ਉੱਤੇ ਵਿਆਜ ਉੱਤੇ 100 ਫੀਸਦੀ ਛੋਟ, ਜੁਰਮਾਨੇ ਉੱਤੇ 100 ਫੀਸਦੀ ਛੋਟ ਅਤੇ ਟੈਕਸ ਰਕਮ ਉੱਤੇ 25 ਫੀਸਦੀ ਦੀ ਮੁਆਫ਼ੀ ਹੋਵੇਗੀ। 25 ਕਰੋੜ ਰੁਪਏ ਤੋਂ ਉੱਪਰ ਦੀ ਟੈਕਸ ਰਕਮ ਦੇ ਮਾਮਲੇ ਵਿੱਚ ਵਿਆਜ ਉੱਤੇ 100 ਫੀਸਦੀ ਛੋਟ, ਜੁਰਮਾਨੇ ਉੱਤੇ 100 ਫੀਸਦੀ ਛੋਟ ਅਤੇ ਟੈਕਸ ਰਕਮ ਉੱਤੇ 10 ਫੀਸਦੀ ਦੀ ਮੁਆਫ਼ੀ ਦਿੱਤੀ ਜਾ ਰਹੀ ਹੈ।
ਚੌਲ ਮਿੱਲ ਮਾਲਕਾਂ ਲਈ ਓ.ਟੀ.ਐਸ. ਨੂੰ ਮਨਜ਼ੂਰੀ
ਕੈਬਨਿਟ ਨੇ ਚੌਲ ਮਿੱਲਾਂ ਲਈ ਵਨ ਟਾਇਮ ਸੈਟਲਮੈਂਟ (ਓ.ਟੀ.ਐਸ.) 2025 ਲਿਆਉਣ ਨੂੰ ਵੀ ਮਨਜ਼ੂਰੀ ਦੇ ਦਿੱਤੀ ਕਿਉਂਕਿ ਹਰੇਕ ਮਿੱਲ ਮਾਲਕ ਨੂੰ ਮਿਲਿੰਗ ਦਾ ਸਮਾਂ ਪੂਰਾ ਹੋਣ ਮਗਰੋਂ ਹਰੇਕ ਸੂਬਾਈ ਖ਼ਰੀਦ ਏਜੰਸੀ ਨਾਲ ਆਪਣਾ ਖ਼ਾਤਾ ਕਲੀਅਰ ਕਰਨਾ ਹੁੰਦਾ ਹੈ ਤਾਂ ਕਿ ਉਸ ਮਿੱਲ ਮਾਲਕ ਨੂੰ ਅਗਲੇ ਸਾਲ ਲਈ ਕਸਟਮ ਮਿਲਿੰਗ ਲਈ ਝੋਨੇ ਦੀ ਅਲਾਟਮੈਂਟ ਵਾਸਤੇ ਵਿਚਾਰਿਆ ਜਾ ਸਕੇ। ਕਈ ਮਿੱਲ ਮਾਲਕਾਂ ਨੇ ਆਪਣਾ ਬਕਾਏ ਜਮ੍ਹਾਂ ਨਹੀਂ ਕਰਵਾਏ, ਜਿਸ ਕਾਰਨ ਇਨ੍ਹਾਂ ਮਿੱਲ ਮਾਲਕਾਂ ਨੂੰ ਡਿਫਾਲਟਰ ਐਲਾਨ ਦਿੱਤਾ ਗਿਆ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਇਹ ਕਾਰਵਾਈ ਪਿਛਲੇ ਕਈ ਸਾਲਾਂ ਤੋਂ ਵੱਖ ਵੱਖ ਅਦਾਲਤਾਂ/ਲੀਗਲ ਫੋਰਮਾਂ ਵਿੱਚ ਲੰਬਿਤ ਹੈ।
ਇਹ ਨਵੀਂ ਓ.ਟੀ.ਐਸ. ਸਕੀਮ ਸਾਰੀਆਂ ਏਜੰਸੀਆਂ ਦੇ ਕੇਸਾਂ ਨੂੰ ਘੱਟ ਤੋਂ ਘੱਟ ਕਰਨ ਅਤੇ ਇਸ ਨੀਤੀ ਅਧੀਨ ਕੇਸਾਂ ਦਾ ਨਿਬੇੜਾ ਕਰਨ ਲਈ ਲਿਆਂਦੀ ਗਈ ਹੈ ਤਾਂ ਕਿ ਅਜਿਹੀਆਂ ‘ਬਿਮਾਰ’ ਚੌਲ ਮਿੱਲਾਂ ਨੂੰ ਮੁੜ ਕਾਰਜਸ਼ੀਲ ਕਰ ਕੇ ਸੂਬੇ ਵਿੱਚ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਹੋ ਸਕਣ। ਇਸ ਨਾਲ ਸਾਉਣੀ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿੱਚੋਂ ਝੋਨੇ ਦੀ ਚੁਕਾਈ ਤੇਜ਼ ਤੇ ਸੁਚਾਰੂ ਤਰੀਕੇ ਨਾਲ ਹੋਵੇਗੀ ਅਤੇ ਕਿਸਾਨਾਂ ਨੂੰ ਲਾਭ ਮਿਲੇਗਾ।
ਯੋਜਨਾਬੱਧ ਵਿਕਾਸ ਲਈ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ, 1995 ਵਿੱਚ ਸੋਧ ਕਰਨ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ, 1995 ਦੀ ਧਾਰਾ 5(1), 5(3)(2) ਅਤੇ ਧਾਰਾ 5(8) ਵਿੱਚ ਸੋਧ ਕਰਨ ਦੀ ਵੀ ਸਹਿਮਤੀ ਦੇ ਦਿੱਤੀ। ਇਸ ਨਾਲ ਕਲੋਨੀਆਂ/ਖੇਤਰਾਂ ਦਾ ਵਿਕਾਸ ਸਹੀ ਅਤੇ ਯੋਜਨਾਬੱਧ ਢੰਗ ਨਾਲ ਯਕੀਨੀ ਬਣਾਇਆ ਜਾ ਸਕੇਗਾ, ਜਿਸ ਨਾਲ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਘੱਟ ਹੋਣਗੀਆਂ।
ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧ ਬਿੱਲ) 2025 ਵਿੱਚ ਸੋਧ ਕਰਨ ਦੀ ਸਹਿਮਤੀ
ਕੈਬਨਿਟ ਨੇ ਕਰਦਾਤਾਵਾਂ ਦੀ ਸਹੂਲਤ ਅਤੇ ਕਰਦਾਤਾਵਾਂ ਦੁਆਰਾ ਟੈਕਸ ਪਾਲਣਾ ਯਕੀਨੀ ਬਣਾਉਣ ਲਈ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧ ਬਿੱਲ) 2025 ਵਿੱਚ ਸੋਧ ਕਰਨ ਦੀ ਵੀ ਸਹਿਮਤੀ ਦੇ ਦਿੱਤੀ। ਜ਼ਿਕਰਯੋਗ ਹੈ ਕਿ ਵਿੱਤ ਐਕਟ, 2025 ਨੇ ਜੀ.ਐਸ.ਟੀ. ਕੌਂਸਲ ਦੀ ਸਿਫ਼ਾਰਸ਼ ਅਨੁਸਾਰ ਕੇਂਦਰੀ ਗੁੱਡਜ਼ ਐਂਡ ਸਰਵਿਸਜ਼ ਐਕਟ, 2017 ਦੇ ਉਪਬੰਧਾਂ ਵਿੱਚ ਸੋਧ ਕੀਤੀ ਹੈ। ਪੰਜਾਬ ਗੁੱਡਜ਼ ਐਂਡ ਸਰਵਿਸਜ਼ ਐਕਟ, 2017 ਵਿੱਚ ਵੀ ਇਸੇ ਤਰ੍ਹਾਂ ਦੀਆਂ ਸੋਧਾਂ ਕੀਤੀਆਂ ਜਾਣੀਆਂ ਹਨ।
ਮੋਹਾਲੀ ਵਿਖੇ ਵਿਸ਼ੇਸ਼ ਐਨ.ਆਈ.ਏ. ਅਦਾਲਤ ਕਾਇਮ ਕਰਨ ਲਈ ਹਰੀ ਝੰਡੀ
ਮੰਤਰੀ ਮੰਡਲ ਨੇ ਐਨ.ਆਈ.ਏ. ਦੇ ਮੁਕੱਦਮਿਆਂ ਦੀ ਸੁਣਵਾਈ ਵਿੱਚ ਦੇਰੀ ਤੋਂ ਬਚਣ ਲਈ ਐਸ.ਏ.ਐਸ. ਨਗਰ, ਮੋਹਾਲੀ ਵਿਖੇ ਵਿਸ਼ੇਸ਼ ਅਦਾਲਤ ਦੇ ਗਠਨ ਨੂੰ ਵੀ ਸਹਿਮਤੀ ਦੇ ਦਿੱਤੀ ਹੈ। ਐਨ.ਆਈ.ਏ. ਐਕਟ ਦੀ ਧਾਰਾ 22 ਅਧੀਨ ਮਾਮਲਿਆਂ ਦੀ ਜਾਂਚ ਲਈ ਮੋਹਾਲੀ ਵਿਖੇ ਐਗਜ਼ੀਕਿਊਟਿਵ ਵਿਸ਼ੇਸ਼ ਅਦਾਲਤ ਦੇ ਗਠਨ ਲਈ ਜ਼ਿਲ੍ਹਾ ਅਤੇ ਸੈਸ਼ਨ ਜੱਜ/ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪੱਧਰ ਦੀ ਇਕ ਅਸਾਮੀ ਮੋਹਾਲੀ ਵਿਖੇ ਬਣਾਈ ਜਾਵੇਗੀ। ਐਨ.ਆਈ.ਏ. ਤੋਂ ਇਲਾਵਾ ਇਸ ਅਦਾਲਤ ਨੂੰ ਈ.ਡੀ., ਸੀ.ਬੀ.ਆਈ. ਅਤੇ ਹੋਰ ਵਿਸ਼ੇਸ਼ ਮਾਮਲਿਆਂ ਦੀ ਸੁਣਵਾਈ ਕਰਨ ਦਾ ਵੀ ਅਧਿਕਾਰ ਹੋਵੇਗਾ।
ਧਰਮਸੋਤ ਵਿਰੁੱਧ ਮੁਕੱਦਮਾ ਚਲਾਉਣ ਦੀ ਸਿਫ਼ਾਰਸ਼
ਮੰਤਰੀ ਮੰਡਲ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਕ੍ਰਿਮੀਨਲ ਪ੍ਰੋਸੀਜਰ ਕੋਡ ਦੀ ਧਾਰਾ 197 (1) (ਬੀ.ਐਨ.ਐਸ.ਐਸ. 2023 ਦੀ ਧਾਰਾ 218) ਅਤੇ ਭ੍ਰਿਸ਼ਟਾਚਾਰ ਰੋਕਥਾਮ ਐਕਟ 1988 ਦੀ ਧਾਰਾ 19, ਜਿਵੇਂ ਕਿ ਪੀ.ਸੀ. (ਸੋਧ) ਐਕਟ 2018 ਅਤੇ ਕ੍ਰਿਮੀਨਲ ਪ੍ਰੋਸੀਜਰ ਕੋਡ ਦੀ ਧਾਰਾ 197 ਤਹਿਤ ਸੋਧਿਆ ਗਿਆ ਹੈ, ਤਹਿਤ ਮੁਕੱਦਮਾ ਚਲਾਉਣ ਦੀ ਸਿਫ਼ਾਰਸ਼ ਕਰਨ ਨੂੰ ਹਰੀ ਝੰਡੀ ਦੇ ਦਿੱਤੀ, ਜੋ ਪੰਜਾਬ ਦੇ ਰਾਜਪਾਲ ਨੂੰ ਭੇਜੀ ਜਾਵੇਗੀ।