Kultar Singh Sandhwan
ਚੰਡੀਗੜ੍ਹ 28 ਸਤੰਬਰ 2025:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਨਕਲਾਬੀ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਉਨ੍ਹਾਂ ਦੇ 118ਵੇਂ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸ. ਭਗਤ ਸਿੰਘ ਨੇ ਭਾਰਤ ਨੂੰ ਬ੍ਰਿਟਿਸ਼ ਸ਼ਾਸਨ ਦੇ ਚੁੰਗਲ ਤੋਂ ਆਜ਼ਾਦ ਕਰਵਾਉਣ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦਿੱਤੀ।
ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕਾਂ ਨੂੰ ਅੰਗਰੇਜ਼ਾਂ ਦੇ ਜ਼ੁਲਮ-ਅੱਤਿਆਚਾਰਾਂ ਤੋਂ ਆਜ਼ਾਦੀ ਦਿਵਾਉਣ ਲਈ ਸਰਦਾਰ ਭਗਤ ਸਿੰਘ ਨੇ ਬ੍ਰਿਟਿਸ਼ ਸ਼ਾਸਨ ਵਿਰੁੱਧ ਮਹਾਨ ਜੰਗ ਲੜੀ। ਸਪੀਕਰ ਨੇ ਕਿਹਾ ਕਿ ਸ. ਭਗਤ ਸਿੰਘ ਨੇ ਭਾਰਤ ਦੇ ਆਜ਼ਾਦੀ ਸੰਘਰਸ਼ ਵਿੱਚ ਵੱਡਾ ਯੋਗਦਾਨ ਪਾਇਆ।
ਸੰਧਵਾਂ ਨੇ ਕਿਹਾ ਕਿ ਭਾਰਤ ਦੇ ਆਜ਼ਾਦੀ ਸੰਘਰਸ਼ ਦੇ ਇਤਿਹਾਸ ਵਿੱਚ ਸਰਦਾਰ ਭਗਤ ਸਿੰਘ ਦਾ ਯੋਗਦਾਨ ਅਮਿੱਟ ਰਹੇਗਾ ਅਤੇ ਦੇਸ਼ ਉਨ੍ਹਾਂ ਦੀ ਸ਼ਹਾਦਤ ਨੂੰ ਸਲਾਮ ਕਰਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਬਹਾਦਰੀ ਅਤੇ ਹਿੰਮਤੀ ਜਜ਼ਬੇ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਾਨੂੰ ਮਹਾਨ ਸ਼ਹੀਦ ਦੇ ਆਦਰਸ਼ਾਂ ਅਤੇ ਉਨ੍ਹਾਂ ਵਿਲੋਂ ਦਿਖਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ।
ਸਪੀਕਰ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਛੋਟੀ ਉਮਰ ਵਿੱਚ ਹੀ ਕਈ ਮਹਾਨ ਕੰਮ ਕੀਤੇ ਅਤੇ ਉਨ੍ਹਾਂ ਨੂੰ ਡੂੰਘੀ ਸੂਝ-ਬੂਝ ਆਪਣੇ ਪਰਿਵਾਰ ਤੋਂ ਵਿਰਾਸਤ ਵਿੱਚ ਮਿਲੀ। ਸਰਦਾਰ ਭਗਤ ਸਿੰਘ ਨੂੰ ਕਿਤਾਬਾਂ ਪੜ੍ਹਨ ਦਾ ਬਹੁਤ ਸ਼ੌਕ ਸੀ ਅਤੇ ਕਿਤਾਬਾਂ ਨੇ ਉਨ੍ਹਾਂ ਦੀ ਜ਼ਿੰਦਗੀ ਨੂੰ ਢਾਲਣ ਵਿੱਚ ਵੱਡੀ ਭੂਮਿਕਾ ਨਿਭਾਈ। ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਕਿਤਾਬਾਂ ਅਸਲ ਵਿੱਚ ਉਨ੍ਹਾਂ ਦੀ ਖੁਰਾਕ ਸਨ।
———–

