ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ 331725 ਮੀਟ੍ਰਿਕ ਟਨ ਕਣਕ, 330083 ਮੀਟ੍ਰਿਕ ਟਨ ਦੀ ਹੋਈ ਖ਼ਰੀਦ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ 331725 ਮੀਟ੍ਰਿਕ ਟਨ ਕਣਕ, 330083 ਮੀਟ੍ਰਿਕ ਟਨ ਦੀ ਹੋਈ ਖ਼ਰੀਦ : ਡਿਪਟੀ ਕਮਿਸ਼ਨਰ
ਫ਼ਸਲ ਦੀ ਅਦਾਇਗੀ ਵਜੋਂ 313.07 ਕਰੋੜ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤੇ ਟਰਾਂਸਫ਼ਰ
ਜਲੰਧਰ, 24 ਅਪ੍ਰੈਲ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 331725 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 330083 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪਨਗਰੇਨ ਵਲੋਂ 98240 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 87622 ਮੀਟ੍ਰਿਕ ਟਨ,ਪਨਸਪ ਵਲੋਂ 70324 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 44310 ਮੀਟ੍ਰਿਕ ਟਨ ਅਤੇ ਐਫ.ਸੀ.ਆਈ. ਵੱਲੋਂ 29587 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਖ਼ਰੀਦ ਕੀਤੀ ਕਣਕ ਦੀ ਅਦਾਇਗੀ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖ਼ਰੀਦ ਕੀਤੀ ਫ਼ਸਲ ਦੀ ਅਦਾਇਗੀ ਵਜੋਂ 313.07 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਲਿਫ਼ਟਿੰਗ ਦੇ ਮਾਮਲੇ ਵਿੱਚ ਵੀ ਜਲੰਧਰ ਸੂਬੇ ਦੇ ਮੋਹਰੀ ਜ਼ਿਲ੍ਹਿਆਂ ਵਿੱਚ ਸ਼ਾਮਲ ਹੋ ਚੁੱਕਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸਿੱਧੀ ਅਦਾਇਗੀ ਲਈ ‘ਅਨਾਜ ਖ਼ਰੀਦ ਪੋਰਟਲ’ ‘ਤੇ ਕਿਸਾਨਾਂ ਦੀ ਰਜਿਸਟਰੇਸ਼ਨ ਲਈ ਜ਼ਿਲ੍ਹੇ ਦੀਆਂ 12 ਮਾਰਕੀਟ ਕਮੇਟੀਆਂ ਵਿਖੇ ‘ਫਾਰਮਰ ਹੈਲਪ ਡੈਸਕ’ ਸਥਾਪਤ ਕੀਤੇ ਗਏ ਹਨ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।
ਥੋਰੀ ਨੇ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵੱਲੋਂ ਸਮੁੱਚੇ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਮੰਡੀਆਂ ਵਿੱਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਿਛਲੇ ਦੋ ਦਿਨਾਂ ਤੋਂ ਮੌਸਮ ਵਿੱਚ ਆਈ ਤਬਦੀਲੀ ਦੇ ਮੱਦੇਨਜ਼ਰ ਕਣਕ ਦੀ ਕਟਾਈ ਇਸ ਹਿਸਾਬ ਨਾਲ ਕੀਤੀ ਜਾਵੇ ਕਿ ਉਸ ਵਿੱਚ ਨਮੀ ਦੀ ਮਾਤਰਾ ਘੱਟ ਹੋਵੇ ਤਾਂ ਜੋ ਉਨ੍ਹਾਂ ਨੂੰ ਫ਼ਸਲ ਦੀ ਵਿਕਰੀ ਲਈ ਜ਼ਿਆਦਾ ਦੇਰ ਮੰਡੀ ਵਿੱਚ ਇੰਤਜ਼ਾਰ ਨਾ ਕਰਨਾ ਪਵੇ ਅਤੇ ਉਨ੍ਹਾਂ ਵੱਲੋਂ ਮੰਡੀ ਵਿੱਚ ਲਿਆਂਦੀ ਜਿਣਸ ਦੀ ਖ਼ਰੀਦ ਤੁਰੰਤ ਹੋ ਜਾਵੇ।