
Punjab School Education Minister Harjot Singh Bains
•18 ਮਹੀਨਿਆਂ ਦੇ ਅੰਦਰ-ਅੰਦਰ ਨੰਗਲ ਦੇ ਹਰ ਘਰ ਨੂੰ ਮਿਲੇਗਾ ਦਰਿਆ ਦਾ ਪੀਣਯੋਗ ਪਾਣੀ: ਬੈਂਸ
ਚੰਡੀਗੜ੍ਹ/ਨੰਗਲ, 10 ਅਕਤੂਬਰ:
ਪੀਣਯੋਗ ਪਾਣੀ ਦੀ ਕਮੀ ਨਾਲ ਜੂਝ ਰਹੇ ਨੰਗਲ ਵਾਸੀਆਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 16 ਕਰੋੜ ਰੁਪਏ ਦਾ ਪਾਈਪਲਾਈਨ ਜਲ ਪ੍ਰੋਜੈਕਟ ਲਗਾਇਆ ਜਾਵੇਗਾ ਜੋ ਸਤਲੁਜ ਦਰਿਆ ਤੋਂ ਸ਼ਹਿਰ ਦੇ ਹਰ ਘਰ ਨੂੰ ਸਾਫ਼ ਪੀਣ ਵਾਲਾ ਪਾਣੀ ਸਪਲਾਈ ਕਰੇਗਾ। ਇਹ ਪ੍ਰੋਜੈਕਟ 18 ਮਹੀਨਿਆਂ ਦੇ ਅੰਦਰ ਪੂਰਾ ਹੋਣ ਦੀ ਉਮੀਦ ਹੈ।
ਇਸ ਮਹੱਤਵਪੂਰਨ ਪ੍ਰੋਜੈਕਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਬੈਂਸ ਨੇ ਦੱਸਿਆ ਕਿ ਇਸ ਪ੍ਰੋਜੈਕਟ, ਜਿਸ ਲਈ ਟੈਂਡਰ ਜਾਰੀ ਕਰ ਦਿੱਤੇ ਗਏ ਹਨ, ਤਹਿਤ ਦੋ ਨਵੇਂ ਵਾਟਰ ਟ੍ਰੀਟਮੈਂਟ ਪਲਾਂਟ ਸਥਾਪਤ ਕੀਤੇ ਜਾਣਗੇ ਅਤੇ ਮੌਜੂਦਾ ਪਲਾਂਟਾਂ ਦੀ 4ਐਮਐਲਡੀ ਸਮਰੱਥਾ ਵਿੱਚ ਵਾਧਾ ਕੀਤਾ ਜਾਵੇਗਾ। ਇਹ ਬੁਨਿਆਦੀ ਢਾਂਚਾ ਅਪਗ੍ਰੇਡੇਸ਼ਨ ਪ੍ਰੋਜੈਕਟ ਨੰਗਲ ਵਾਸੀਆਂ, ਜਿਨ੍ਹਾਂ ਨੇ ਲੰਬੇ ਸਮੇਂ ਤੋਂ ਪਾਣੀ ਦੀ ਕਮੀ ਅਤੇ ਧਰਤੀ ਹੇਠਲੇ ਪਾਣੀ ਦੇ ਦੂਸ਼ਿਤ ਹੋਣ ਵਰਗੀਆਂ ਸਮੱਸਿਆ ਨੂੰ ਝੱਲਿਆ ਹੈ, ਦੇ ਦਹਾਕਿਆਂ ਦੀ ਸਮੱਸਿਆ ਨੂੰ ਖਤਮ ਕਰੇਗਾ।
ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਨੰਗਲ ਦੇ ਵਸਨੀਕਾਂ ਵਾਸਤੇ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਦੇ ਸਾਡੇ ਯਤਨਾਂ ਨੂੰ ਬੂਰ ਪੈਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 18 ਮਹੀਨਿਆਂ ਦੇ ਅੰਦਰ ਹਰ ਘਰ ਨੂੰ ਸਤਲੁਜ ਦਰਿਆ ਤੋਂ ਸ਼ੁੱਧ-ਸਾਫ਼ ਪਾਣੀ ਦੀ ਸਪਲਾਈ ਮਿਲਣੀ ਸ਼ੁਰੂ ਹੋ ਜਾਵੇਗੀ । ਉਨ੍ਹਾਂ ਕਿਹਾ ਕਿ ਇਹ ਬਹੁਤ ਹੈਰਾਨੀਜਨਕ ਗੱਲ ਹੈ ਕਿ ਨੰਗਲ, ਜਿੱਥੋਂ ਸਤਲੁਜ ਦਰਿਆ ਪੰਜਾਬ ਵਿੱਚੋਂ ਆਪਣਾ ਸਫ਼ਰ ਸ਼ੁਰੂ ਕਰਦਾ ਹੈ, ਨੂੰ ਐਨੇ ਲੰਬੇ ਸਮੇਂ ਤੋਂ ਪਾਣੀ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਨੰਗਲ ਦੇ ਪਾਣੀ ਸੰਕਟ ਨੂੰ ਹੱਲ ਕਰਨ ਦੀਆਂ ਪਿਛਲੀਆਂ ਕੋਸ਼ਿਸ਼ਾਂ, ਜਿਸ ਵਿੱਚ ਨਗਰ ਕੌਂਸਲ ਵੱਲੋਂ ਕਈ ਬੋਰ ਕੀਤੇ ਗਏ, ਟਿਕਾਊ ਜਾਂ ਸੁਰੱਖਿਅਤ ਪਾਣੀ ਦੀ ਸਪਲਾਈ ਪ੍ਰਦਾਨ ਕਰਨ ਵਿੱਚ ਅਸਫਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਖੇਤਰ ਦਾ ਧਰਤੀ ਹੇਠਲਾ ਪਾਣੀ ਉਦਯੋਗਿਕ ਪ੍ਰਦੂਸ਼ਣ ਕਾਰਨ ਬੁਰੀ ਤਰ੍ਹਾਂ ਦੂਸ਼ਿਤ ਹੋ ਗਿਆ ਹੈ, ਜੋ ਜਨਤਕ ਸਿਹਤ ਲਈ ਇੱਕ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ ਨੂੰ ਦੇਖਦਿਆਂ ਇਥੇ ਸੁਰੱਖਿਅਤ ਅਤੇ ਸਾਫ਼ ਪਾਣੀ ਦੀ ਸਪਲਾਈ ਲਈ ਠੋਸ ਹੱਲ ਦੀ ਜ਼ਰੂਰਤ ਮਹਿਸੂਸ ਹੋਈ, ਜਿਸਨੂੰ ਨਵੇਂ ਪ੍ਰੋਜੈਕਟ ਤਹਿਤ ਸਤਲੁਜ ਦਰਿਆ ਤੋਂ ਨੰਗਲ ਵਾਸੀਆਂ ਨੂੰ ਪਾਣੀ ਦੀ ਸਪਲਾਈ ਰਾਹੀਂ ਪੂਰਾ ਕੀਤਾ ਜਾਵੇਗਾ।
ਸ. ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਨਾਗਰਿਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਥੋਂ ਦੇ ਵਸਨੀਕ ਸਤਲੁਜ ਦਰਿਆ ਦੇ ਸਾਫ਼ ਪਾਣੀ ਦੇ ਹੱਕਦਾਰ ਹਨ, ਜੋ ਹਮੇਸ਼ਾ ਤੋਂ ਉਨ੍ਹਾਂ ਦਾ ਹੱਕ ਸੀ। ਸਤਲੁਜ ਦਰਿਆ ਤੋਂ ਨੰਗਲ ਦੇ ਵਸਨੀਕਾਂ ਨੂੰ ਸਿੱਧਾ ਸਾਫ਼ ਪਾਣੀ ਦੀ ਸਪਲਾਈ ਦੇ ਉਦੇਸ਼ ਵਾਲਾ ਇਹ ਮਹੱਤਪੂਰਨ ਪ੍ਰੋਜੈਕਟ ਲੋਕਾਂ ਨੂੰ ਵੱਡੇ ਪੱਧਰ ‘ਤੇ ਲਾਭ ਪਹੁੰਚਾਏਗਾ, ਜਿਸ ਨਾਲ ਜਨਤਕ ਸਿਹਤ ਅਤੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਵਰਗੇ ਕਈ ਵੱਡੇ ਫਾਇਦੇ ਹੋਣਗੇ। ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਡੇਢ ਸਾਲ ਤੋਂ ਨੰਗਲ ਦੀਆਂ ਪਾਣੀ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਕੱਢਣ ਲਈ ਕੀਤੇ ਗਏ ਅਣਥੱਕ ਯਤਨਾਂ ‘ਤੇ ਵੀ ਚਾਨਣਾ ਪਾਇਆ।