ਸ਼ਹੀਦ ਸਿਪਾਹੀ ਪਰਗਟ ਸਿੰਘ ਦਾ ਜੱਦੀ ਪਿੰਡ ਦੁਬਰਜੀ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ
ਸ਼ਹੀਦ ਸਿਪਾਹੀ ਪਰਗਟ ਸਿੰਘ ਦਾ ਜੱਦੀ ਪਿੰਡ ਦੁਬਰਜੀ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ
ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਿਪਾਹੀ ਪਰਗਟ ਸਿੰਘ ਦੀ ਸ਼ਹਾਦਤ ਨੂੰ ਸਿਜਦਾ, ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟਾਇਆ
ਸ਼ਹੀਦ ਦੇਸ਼ ਅਤੇ ਕੌਮ ਦਾ ਸਰਮਾਇਆ, ਪਰਗਟ ਸਿੰਘ ਉਤੇ ਸਾਨੂੰ ਮਾਣ ਹੈ: ਰੰਧਾਵਾ
ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਤੇ ਇਕ ਸਰਕਾਰੀ ਨੌਕਰੀ ਦਿੱਤੀ ਜਾਵੇਗੀ
ਡੇਰਾ ਬਾਬਾ ਨਾਨਕ, 9 ਮਈ
ਸਿਆਚੀਨ ਗਲੇਸ਼ੀਅਰ ਵਿੱਚ ਬਰਫੀਲੇ ਤੂਫਾਨ ਕਾਰਨ ਬਰਫ ਦੇ ਤੋਦਿਆਂ ਹੇਠ ਦੱਬ ਜਾਣ ਕਾਰਨ ਸ਼ਹੀਦ ਹੋਏ ਸਿਪਾਹੀ ਪਰਗਟ ਸਿੰਘ ਦਾ ਅੱਜ ਸ਼ਹੀਦ ਦੇ ਜੱਦੀ ਪਿੰਡ ਦਬੁਰਜੀ, ਨੇੜੇ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। 21 ਪੰਜਾਬ ਦਾ ਸਿਪਾਹੀ ਪਰਗਟ ਸਿੰਘ ਆਪਣੇ ਪਿੱਛੇ ਪਿਤਾ ਸ. ਪ੍ਰੀਤਮ ਸਿੰਘ, ਮਾਤਾ ਸਰਦਾਰਨੀ ਸੁਖਵਿੰਦਰ ਕੌਰ ਅਤੇ ਦੋ ਭੈਣਾਂ ਛੱਡ ਗਿਆ।
ਇਸ ਮੌਕੇ ਪੰਜਾਬ ਸਰਕਾਰ ਤਰਫੋ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵਲੋ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਅਰਪਨ ਕੀਤੇ ਗਏ ਅਤੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਝਾਂ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਤੇ ਐਸ ਡੀ ਐਮ ਅਰਸ਼ਦੀਪ ਸਿੰਘ ਲੁਬਾਣਾ ਵੀ ਹਾਜ਼ਰ ਸਨ।
ਸਿਪਾਹੀ ਪਰਗਟ ਸਿੰਘ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਪੰਜਾਬ ਦੇ ਸ. ਰੰਧਾਵਾ ਨੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸ਼ਹੀਦ ਦੇਸ਼ ਅਤੇ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਸਿਪਾਹੀ ਪਰਗਟ ਸਿੰਘ ਦੀ ਸ਼ਹਾਦਤ ਨੌਜਵਾਨਾਂ ਲਈ ਪ੍ਰੇਰਨਾ ਦਾ ਸ੍ਰੋਤ ਹੈ ਅਤੇ ਉਸ ਉਪਰ ਸਾਨੂੰ ਸਾਰਿਆਂ ਨੂੰ ਬਹੁਤ ਮਾਣ ਹੈ।
ਸ. ਰੰਧਾਵਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਸਿਪਾਹੀ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਸੂਬਾ ਸਰਕਾਰ ਅਤੇ ਉਹ ਨਿੱਜੀ ਤੌਰ ਉਤੇ ਉਨ੍ਹਾਂ ਦੇ ਦੁੱਖ ਵਿੱਚ ਸ਼ਰੀਕ ਹਨ ਅਤੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਮੱਦਦ ਦੇਣ ਦਾ ਵੀ ਵਿਸ਼ਵਾਸ ਦਿਵਾਇਆ।
ਜ਼ਿਕਰਯੋਗ ਹੈ ਕਿ 25 ਅਪਰੈਲ, 2021 ਨੂੰ ਸਿਆਚੀਨ ਗਲੇਸ਼ੀਅਰ ਵਿੱਚ ਭਿਆਨਕ ਬਰਫੀਲਾ ਤੂਫਾਨ ਆਇਆ ਸੀ ਜਿਸ ਵਿੱਚ 21 ਪੰਜਾਬ ਦੇ ਦੋ ਸਿਪਾਹੀ ਅਮਰਦੀਪ ਸਿੰਘ (ਬਰਨਾਲਾ) ਤੇ ਪ੍ਰਭਜੋਤ ਸਿੰਘ (ਮਾਨਸਾ) ਸ਼ਹੀਦ ਹੋ ਗਏ ਸਨ। ਪਰਗਟ ਸਿੰਘ ਨੂੰ ਬਰਫ ਹੇਠੋਂ ਕੱਢ ਕੇ 27 ਅਪਰੈਲ, 2021 ਨੂੰ ਚੰਡੀਗੜ੍ਹ ਕਮਾਂਡ ਹਸਪਤਾਲ ਲਿਆਂਦਾ ਗਿਆ ਸੀ ਜਿੱਥੇ ਉਹ ਕੱਲ੍ਹ (8 ਮਈ) ਹਾਈਪੋਥਰਮਿਆ ਅਤੇ ਗੁਰਦੇ ਦੀ ਗੰਭੀਰ ਸੱਟ ਕਾਰਨ ਸ਼ਹੀਦ ਹੋ ਗਿਆ।