Punjab
ਦੋ ਵਾਰ ਕਾਂਗਰਸੀ ਵਿਧਾਇਕ ਰਹੇ ਮਹਿੰਦਰ ਰਿਣਵਾ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਲ
ਸ਼੍ਰੋਮਣੀ ਅਕਾਲੀ ਦਲ ਨੁੰ ਫਾਜ਼ਿਲਕਾ ’ਚ ਮਿਲਿਆ ਹੁਲਾਰਾ
ਰਿਣਵਾ ਨੇ ਕਿਹਾ ਕਿ ਲੋਕਾਂ ਦਾ ਮੰਨਣਾ ਹੈ ਕਿ ਅਕਾਲੀ ਦਲ ਅਤੇ ਇਸਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੀ ਫਾਜ਼ਿਲਕਾ ਵਿਚ ਮੁੜ ਵਿਕਾਸ ਸ਼ੁਰੂ ਕਰ ਸਕਦੇ ਹਨ
ਕੈਪਟਨ ਅਮਰਿੰਦਰ ਸਿੰਘ ਨੂੰ ਗੂੜ੍ਹੀ ਨੀਂਦ ਵਿਚ ਸੁੱਤਾ ਮੁੱਖ ਮੰਤਰੀ ਕਰਾਰ ਦਿੱਤਾ
ਚੰਡੀਗੜ੍ਹ, 13 ਮਈ : ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਫਾਜ਼ਿਲਕਾ ਵਿਚ ਕਾਂਗਰਸ ਦੇ ਦੋ ਵਾਰ ਵਿਧਾਇਕ ਰਹੇ ਸੀਨੀਅਰ ਆਗੂ ਡਾ. ਮਹਿੰਦਰ ਕੁਮਾਰ ਰਿਣਵਾ ਇਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।
ਡਾ. ਮਹਿੰਦਰ ਰਿਣਵਾ, ਜੋ ਆਪਣੀ ਸਾਰੀ ਟੀਮ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ, ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀ ਇੱਛਾ ਮੁਤਾਬਕ ਅਜਿਹਾ ਕਰ ਰਹੇ ਹਨ ਕਿਉਂਕਿ ਲੋਕਾਂ ਨੇ ਉਹਨਾਂ ਨੂੰ ਕਿਹਾ ਹੈ ਕਿ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਇਸਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ’ਤੇ ਪੂਰਾ ਭਰੋਸਾ ਹੈ ਕਿ ਉਹ ਹੀ ਉਹਨਾਂ ਦੀਆਂ ਸ਼ਿਕਾਇਤਾਂ ਹੱਲ ਕਰ ਸਕਦੇ ਹਨ ਅਤੇ ਜ਼ਿਲ੍ਹੇ ਦਾ ਵਿਕਾਸ ਮੁੜ ਸ਼ੁਰੂ ਕਰ ਸਕਦੇ ਹਨ। ਸ੍ਰੀ ਰਿਣਵਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਗੂੜ੍ਹੀ ਨੀਂਦ ਵਿਚ ਸੁੱਤਾ ਮੁੱਖ ਮੰਤਰੀ ਕਰਾਰ ਦਿੱਤਾ ਜਿਸ ਕੋਲ ਕਾਂਗਰਸੀਆਂ ਵਾਸਤੇ ਕੋਈ ਸਮਾਂ ਨਹੀਂ ਹੈ। ਉਹਨਾਂ ਇਹ ਵੀ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੀ ਕਾਂਗਰਸੀਆਂ ਤੋਂ ਬਦਲਾ ਲੈ ਰਹੇ ਹਨ ਅਤੇ ਪਿਛਲੇ ਤਿੰਨ ਸਾਲਾਂ ਦੌਰਾਨ ਉਹਨਾਂ ਨੇ ਆਪਣੇ ਜੱਦੀ ਸ਼ਹਿਰ ਜਾਂ ਆਲੇ ਦੁਆਲੇ ਦੇ ਹਲਕਿਆਂ ਵਿਚ ਇਕ ਵੀ ਮੀਟਿੰਗ ਨਹੀਂ ਕੀਤੀ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸ੍ਰੀ ਰਿਣਵਾ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਤੇ ਉਹਨਾਂ ਨੂੰ ਭਰੋਸਾ ਦੁਆਇਆ ਕਿ ਉਹਨਾਂ ਨੂੰ ਅਤੇ ਉਹਨਾਂ ਦੇ ਸਮਰਥਕਾਂ ਨੁੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਮਿਲੇਗਾ।
ਉਹਨਾਂ ਇਸ ਮੌਕੇ ਰਿਣਵਾ ਨੂੰ ਪਾਰਅੀ ਦਾ ਜਨਰਲ ਸਕੱਤਰ ਬਣਾਉਣ ਦਾ ਐਲਾਨ ਵੀ ਕੀਤਾ। ਉਹਨਾਂ ਕਿਹਾ ਕਿ ਸ੍ਰੀ ਰਿਣਵਾ ਨੂੰ ਆਉਂਦੇ ਸਮੇਂ ਵਿਚ ਹੋਰ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ ਤੇ ਕਿਹਾ ਕਿ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਵੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਸਨ ਜਿਸ ਸਦਕਾ ਹੁਣ ਜ਼ਿਲ੍ਹੇ ਵਿਚ ਸਿਰਫ ਸੁਨੀਲ ਜਾਖੜ ਹੀ ਕਾਂਗਰਸ ਦੇ ਆਗੂ ਰਹਿ ਗਏਹਨ।
ਬਾਦਲ ਨੇ ਕਿਹਾ ਕਿ ਜਾਖੜ ਵੱਲੋਂ ਕੀਤੀ ਜਾ ਰਹੀ ਬਦਲਾਖੋਰੀ ਦੀ ਰਾਜਨੀਤੀ ਜਿਸ ਤਹਿਤ ਉਹਨਾਂ ਨੇ ਅਬੋਹਰ ਹਲਕੇ ਵਿਚ ਦਹਿਸ਼ਤ ਦਾ ਮਾਹੌਲ ਬਣਾਇਆ ਹੋਇਆ ਹੈ ਤੇ ਆਲੇ ਦੁਆਲੇ ਦੇ ਹਲਕਿਆਂ ਨਾਲ ਵੀ ਵਿਕਤਰਾ ਕੀਤਾ ਜਾ ਰਿਹਾ ਹੈ ਕਿਉਂਕਿ ਉਹਨਾਂ ਨੂੰ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਬਾਦਲ ਨੇ ਇਸ ਮੌਕੇ ਦੱਸਿਆ ਕਿ ਕਿਵੇਂ ਸਿਰਫ ਇਕ ਹੀ ਪਰਿਵਾਰ ਦੇ ਖਿਲਾਫ 16 ਕੇਸ ਦਰਜ ਕੀਤੇ ਗਏ ਹਨ ਅਤੇ ਉਹਨਾਂ ਜਾਖੜ ਨੂੰ ਆਪਣੀ ਲੋਕਪ੍ਰਿਅਤਾ ਪਰਖਣ ਲਈ ਇਕ ਵਾਰ ਫਿਰ ਤੋਂ ਅਬੋਹਰ ਤੋਂ ਚੋਣ ਲੜ ਕੇ ਵਿਖਾਉਣ ਦੀ ਚੁਣੌਤੀ ਵੀ ਦਿੱਤੀ।