ਤਰਨਤਾਰਨ ‘ਚ ‘ਆਪ’ ਦਾ ਵਿਸ਼ਾਲ ਸ਼ਕਤੀ ਪ੍ਰਦਰਸ਼ਨ
ਕੈਬਨਿਟ ਮੰਤਰੀਆਂ ਨੇ ਹਰਮੀਤ ਸਿੰਘ ਸੰਧੂ ਦੇ ਹੱਕ ‘ਚ ਕੱਢਿਆ ਰੋਡ ਸ਼ੋਅ, ਵਿਰੋਧੀਆਂ ਦੇ ਹੌਸਲੇ ਹੋਏ ਪਸਤ
‘ਆਪ’ ਦੇ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ, ਲੋਕਾਂ ਨੇ ਵਿਕਾਸ ਦੇ ਨਾਂ ‘ਤੇ ਮੋਹਰ ਲਗਾਉਣ ਦਾ ਕੀਤਾ ਫੈਸਲਾ
ਤਰਨਤਾਰਨ, 9 ਨਵੰਬਰ 2025
ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪ੍ਰਚਾਰ ਸਿਖਰਾਂ ‘ਤੇ ਹੈ। ਅੱਜ ਆਮ ਆਦਮੀ ਪਾਰਟੀ (ਆਪ) ਨੇ ਆਪਣੀ ਤਾਕਤ ਦਾ ਜ਼ਬਰਦਸਤ ਪ੍ਰਦਰਸ਼ਨ ਕਰਦਿਆਂ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਕੱਢਿਆ। ਇਸ ਰੋਡ ਸ਼ੋਅ ਵਿੱਚ ਆਮ ਲੋਕਾਂ, ਖਾਸ ਕਰਕੇ ਨੌਜਵਾਨਾਂ ਦੇ ਭਾਰੀ ਇਕੱਠ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਤਰਨਤਾਰਨ ਵਿੱਚ ‘ਆਪ’ ਦੀ ਜਿੱਤ ਯਕੀਨੀ ਹੈ।
ਇਸ ਵਿਸ਼ਾਲ ਰੋਡ ਸ਼ੋਅ ਦੀ ਅਗਵਾਈ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨੇ ਕੀਤੀ। ਰੋਡ ਸ਼ੋਅ ਵਿੱਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਤਰੁਣਪ੍ਰੀਤ ਸਿੰਘ ਸੌਂਦ ਅਤੇ ਬਰਿੰਦਰ ਕੁਮਾਰ ਗੋਇਲ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਪਾਰਟੀ ਦੇ ਵਰਕਿੰਗ ਪ੍ਰਧਾਨ ਸ਼ੈਰੀ ਕਲਸੀ ਅਤੇ ਪਰਮਿੰਦਰ ਸਿੰਘ ਗੋਲਡੀ ਵੀ ਮੌਜੂਦ ਸਨ। ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਲੰਘਦਿਆਂ ਇਸ ਕਾਫ਼ਲੇ ਦਾ ਲੋਕਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ।
ਰੋਡ ਸ਼ੋਅ ਦੌਰਾਨ ਨੌਜਵਾਨਾਂ ਦਾ ਜੋਸ਼ ਵੇਖਿਆਂ ਹੀ ਬਣਦਾ ਸੀ। ‘ਆਪ’ ਯੂਥ ਵਿੰਗ ਦੇ ਹਜ਼ਾਰਾਂ ਕਾਰਕੁਨਾਂ ਨੇ ਮੋਟਰਸਾਈਕਲਾਂ ਅਤੇ ਗੱਡੀਆਂ ਦੇ ਕਾਫ਼ਲੇ ਨਾਲ ਸ਼ਕਤੀ ਪ੍ਰਦਰਸ਼ਨ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਨੌਜਵਾਨਾਂ ਦੀ ਇਹ ਭਾਰੀ ਸ਼ਮੂਲੀਅਤ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਬੇਹੱਦ ਖੁਸ਼ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਹੁਣ ਬੋਲਣ ਲਈ ਕੁਝ ਨਹੀਂ ਬਚਿਆ ਹੈ ਅਤੇ ਉਹ ਆਪਣੀ ਹਾਰ ਨੂੰ ਸਾਹਮਣੇ ਵੇਖ ਕੇ ਬੌਖਲਾਹਟ ਵਿੱਚ ਹਨ।
ਵਰਕਿੰਗ ਪ੍ਰਧਾਨ ਸ਼ੈਰੀ ਕਲਸੀ ਨੇ ਕਿਹਾ ਕਿ ਹਰਮੀਤ ਸਿੰਘ ਸੰਧੂ ਇੱਕ ਜ਼ਮੀਨੀ ਪੱਧਰ ਦੇ ਆਗੂ ਹਨ ਜੋ ਹਮੇਸ਼ਾ ਲੋਕਾਂ ਦੇ ਦੁੱਖ-ਸੁੱਖ ਵਿੱਚ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਤਰਨਤਾਰਨ ਦੇ ਵਿਕਾਸ ਲਈ ਇੱਥੋਂ ‘ਆਪ’ ਦਾ ਵਿਧਾਇਕ ਹੋਣਾ ਬਹੁਤ ਜ਼ਰੂਰੀ ਹੈ ਤਾਂ ਜੋ ਹਲਕੇ ਦੇ ਰੁਕੇ ਹੋਏ ਕੰਮਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਆਗੂਆਂ ਨੇ ਦਾਅਵਾ ਕੀਤਾ ਕਿ 13 ਨਵੰਬਰ ਨੂੰ ਤਰਨਤਾਰਨ ਦੇ ਲੋਕ ਵਿਕਾਸ ਦੇ ਹੱਕ ਵਿੱਚ ਫਤਵਾ ਦੇਣਗੇ ਅਤੇ ਹਰਮੀਤ ਸਿੰਘ ਸੰਧੂ ਨੂੰ ਵੱਡੇ ਫਰਕ ਨਾਲ ਜਿਤਾ ਕੇ ਵਿਧਾਨ ਸਭਾ ਭੇਜਣਗੇ। ਅੱਜ ਦੇ ਇਸ ਰੋਡ ਸ਼ੋਅ ਨੇ ਵਿਰੋਧੀ ਪਾਰਟੀਆਂ ਦੇ ਸਿਆਸੀ ਸਮੀਕਰਨ ਵਿਗਾੜ ਦਿੱਤੇ ਹਨ।

