ਤਰਨਤਾਰਨ ਜ਼ਿਮਨੀ ਚੋਣ ‘ਚ ਹਾਰ ਵੇਖ ਕਾਂਗਰਸੀ ਆਗੂਆਂ ਦਾ ਮਾਨਸਿਕ ਸੰਤੁਲਨ ਵਿਗੜਿਆ: ਹਰਮੀਤ ਸਿੰਘ ਸੰਧੂ
ਭਾਜਪਾ ‘ਚ ਸ਼ਾਮਲ ਹੋਏ ਕਾਂਗਰਸੀ ਸਿਰਫ਼ ‘ਸਜਾਵਟੀ ਮੰਤਰੀ’, ਪੰਜਾਬ ਦੇ ਹਿੱਤਾਂ ਨਾਲ ਇਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ: ਸੰਧੂ
ਤਰਨਤਾਰਨ, 9 ਨਵੰਬਰ:
ਆਮ ਆਦਮੀ ਪਾਰਟੀ (ਆਪ) ਦੇ ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਦੇ ਪਹਿਲੇ ਕਾਫ਼ਲੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਦਾ ਭਰਵਾਂ ਸਵਾਗਤ ਕੀਤਾ ਹੈ। ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਉਨ੍ਹਾਂ ਬਜ਼ੁਰਗਾਂ ਲਈ ਵਰਦਾਨ ਸਾਬਤ ਹੋਵੇਗੀ ਜੋ ਲੰਬੇ ਸਮੇਂ ਤੋਂ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਤਾਂਘ ਰੱਖਦੇ ਸਨ।
ਇੱਥੇ ਜਾਰੀ ਇੱਕ ਬਿਆਨ ਵਿੱਚ ਹਰਮੀਤ ਸਿੰਘ ਸੰਧੂ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਹ ਯਾਤਰਾ ਪੰਜਾਬੀਆਂ ਵਿੱਚ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ 50 ਸਾਲ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਏਸੀ ਬੱਸਾਂ, ਵਧੀਆ ਹੋਟਲਾਂ ਵਿੱਚ ਰਿਹਾਇਸ਼ ਅਤੇ ਖਾਣੇ ਦੀ ਸਹੂਲਤ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ। ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਹ ਯੋਜਨਾ ਇਸੇ ਵਚਨਬੱਧਤਾ ਦਾ ਸਬੂਤ ਹੈ।
ਵਿਰੋਧੀ ਪਾਰਟੀਆਂ ‘ਤੇ ਤਿੱਖੇ ਹਮਲੇ ਕਰਦਿਆਂ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਤਰਨਤਾਰਨ ਜ਼ਿਮਨੀ ਚੋਣ ਵਿੱਚ ਆਪਣੀ ਸਾਫ਼ ਹਾਰ ਨੂੰ ਵੇਖਦਿਆਂ ਕਾਂਗਰਸੀ ਆਗੂ ਬੁਰੀ ਤਰ੍ਹਾਂ ਬੌਖਲਾ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਆਪਣਾ ਮਾਨਸਿਕ ਸੰਤੁਲਨ ਗੁਆ ਬੈਠੇ ਹਨ, ਜਿਸ ਕਾਰਨ ਉਹ ਲਗਾਤਾਰ ਗੈਰ-ਜ਼ਿੰਮੇਵਾਰਾਨਾ ਅਤੇ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਹੁਣ ਅਜਿਹੇ ਆਗੂਆਂ ਦੇ ਬਹਿਕਾਵੇ ਵਿੱਚ ਨਹੀਂ ਆਉਣਗੇ।
ਕੇਂਦਰ ਦੀ ਭਾਜਪਾ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਸੰਧੂ ਨੇ ਕਿਹਾ ਕਿ ਚੋਣਾਂ ਦੌਰਾਨ ਕੂੜੇ ਦੇ ਢੇਰਾਂ ਵਿੱਚੋਂ ਵੀਵੀਪੈਟ ਪਰਚੀਆਂ ਦਾ ਮਿਲਣਾ ਚੋਣ ਕਮਿਸ਼ਨ ਦੇ ਕੰਮਕਾਜ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਪੰਜਾਬ ਵਿਰੋਧੀ ਮਾਨਸਿਕਤਾ ਨਾਲ ਕੰਮ ਕਰ ਰਹੀ ਹੈ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਤੇ ਪਿਛਲੇ ਦਰਵਾਜ਼ੇ ਰਾਹੀਂ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ, ਜਿਸ ਨੂੰ ‘ਆਪ’ ਸਰਕਾਰ ਕਦੇ ਕਾਮਯਾਬ ਨਹੀਂ ਹੋਣ ਦੇਵੇਗੀ।
ਹਰਮੀਤ ਸੰਧੂ ਨੇ ਅੱਗੇ ਕਿਹਾ ਕਿ ਸੱਤਾ ਦੇ ਲਾਲਚ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਕਾਂਗਰਸੀ ਆਗੂ ਸਿਰਫ਼ ‘ਸਜਾਵਟੀ ਮੰਤਰੀ’ ਬਣ ਕੇ ਰਹਿ ਗਏ ਹਨ, ਕਿਉਂਕਿ ਭਾਜਪਾ ਸਰਕਾਰ ਨਿੱਜੀਕਰਨ ਨੂੰ ਬੜਾਵਾ ਦੇ ਰਹੀ ਹੈ ਅਤੇ ਇਨ੍ਹਾਂ ਮੰਤਰੀਆਂ ਕੋਲ ਲੋਕ ਭਲਾਈ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹੜ੍ਹ ਰਾਹਤ ਲਈ ਐਲਾਨੇ 1600 ਕਰੋੜ ਰੁਪਏ ਜਾਰੀ ਨਾ ਕਰਕੇ ਪੰਜਾਬ ਨਾਲ ਧੱਕਾ ਕੀਤਾ ਹੈ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਆਪਣੇ ਦਮ ‘ਤੇ ਕਿਸਾਨਾਂ ਨੂੰ 20,000 ਰੁਪਏ ਪ੍ਰਤੀ ਏਕੜ ਦਾ ਸਭ ਤੋਂ ਵੱਧ ਮੁਆਵਜ਼ਾ ਦਿੱਤਾ ਹੈ ਅਤੇ ਹੁਣ ਮੁਫ਼ਤ ਬੀਜ ਵੀ ਵੰਡ ਰਹੀ ਹੈ।

