ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 12 ਅਹਿਮ ਸ਼੍ਰੇਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ
ਚੰਡੀਗੜ੍ਹ, 28 ਨਵੰਬਰ: ਪੰਜਾਬ ਭਰ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 12 ਪ੍ਰਮੁੱਖ ਸ਼ੇ੍ਰਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ ਦੇ ਦਿੱਤੀ।
ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।
ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਦੱਸਿਆ ਕਿ ਪੰਜਾਬ ਕੈਬਨਿਟ ਨੇ 12 ਅਹਿਮ ਸ਼ੇ੍ਰਣੀਆਂ, ਜਿਨ੍ਹਾਂ ਵਿੱਚ ਮੈਡੀਸਨ, ਪੈਡੀਐਟ੍ਰਿਕ (ਬੱਚਿਆਂ ਦੇ ਮਾਹਿਰ), ਸਾਈਕੈਟਰੀ (ਮਨੋਰੋਗਾਂ ਦੇ ਮਾਹਿਰ), ਡਰਮਾਟੋਲੋਜੀ (ਚਮੜੀ ਰੋਗਾਂ ਦੇ ਮਾਹਿਰ), ਚੈਸਟ ਤੇ ਟੀ.ਬੀ. (ਛਾਤੀ ਦੇ ਰੋਗਾਂ ਦੇ ਮਾਹਿਰ), ਸਰਜਰੀ, ਗਾਇਨਾਕੋਲੋਜੀ (ਔਰਤਾਂ ਦੇ ਰੋਗਾਂ ਦੇ ਮਾਹਿਰ), ਓਰਥੋਪੈਡਿਕਸ (ਹੱਡੀਆਂ ਦੇ ਮਾਹਿਰ), ਓਪਥਾਮੋਲੋਜੀ (ਅੱਖਾਂ ਦੇ ਰੋਗਾਂ ਦੇ ਮਾਹਿਰ), ਈ.ਐਨ.ਟੀ. (ਕੰਨ, ਨੱਕ ਤੇ ਗਲਾ ਰੋਗਾਂ ਦੇ ਮਾਹਿਰ) ਅਤੇ ਐਨਿਸਥੀਸੀਓਲੋਜੀ ਸ਼ਾਮਲ ਹਨ, ਦੇ 300 ਮਾਹਿਰ ਡਾਕਟਰਾਂ ਨੂੰ ਸੂਚੀਬੱਧ ਕਰਨ ਦਾ ਵੀ ਫੈਸਲਾ ਕੀਤਾ ਹੈ। ਇਸ ਕਦਮ ਨਾਲ ਸਪੈਸ਼ਲਿਸਟ ਡਾਕਟਰਾਂ ਦੀ ਉਪਲਬਧਤਾ ਵਧੇਗੀ ਅਤੇ ਪੰਜਾਬ ਦੇ ਲੋਕਾਂ ਨੂੰ ਸੈਕੰਡਰੀ ਪੱਧਰ ਦੀਆਂ ਸਿਹਤ ਸੰਭਾਲ ਸੇਵਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ। ਇਨ੍ਹਾਂ ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਜ਼ਿਲ੍ਹਾ ਪੱਧਰ ਉੱਤੇ ਸਿਵਲ ਸਰਜਨਾਂ ਰਾਹੀਂ ਕੀਤੀ ਜਾਵੇਗੀ ਅਤੇ ਸੂਚੀਬੱਧ ਹੋਏ ਡਾਕਟਰ ਓ.ਪੀ.ਡੀ., ਆਈ.ਪੀ.ਡੀ., ਐਮਰਜੈਂਸੀ, ਵੱਡੇ ਤੇ ਛੋਟੇ ਅਪਰੇਸ਼ਨਾਂ ਤੇ ਹੋਰ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਲਈ ਪ੍ਰਤੀ ਮਰੀਜ਼ ਇੰਪੈਨਲਮੈਂਟ ਫੀਸ ਲੈਣ ਦੇ ਯੋਗ ਹੋਣਗੇ।

