ਲੁਧਿਆਣਾ ਪੁਲਿਸ ਵੱਲੋਂ ਗੋਲਡੀ ਬਰਾੜ ਮਾਡਿਊਲ ਦਾ ਪਰਦਾਫਾਸ਼: 3 ਹਫ਼ਤਿਆਂ ਦੀ ਮੁਹਿੰਮ ‘ਚ 10 ਗੁੰਡੇ ਅਸਲ੍ਹੇ ਸਮੇਤ ਗ੍ਰਿਫ਼ਤਾਰ
ਕੈਬਨਿਟ ਮੰਤਰੀਆਂ ਨੇ ਪੁਲਿਸ ਕਾਰਵਾਈ ਦੀ ਕੀਤੀ ਸ਼ਲਾਘਾ, ਕਿਹਾ – ਸੂਬੇ ਵਿੱਚ ਕਾਨੂੰਨ ਦਾ ਰਾਜ ਹਰ ਕੀਮਤ ‘ਤੇ ਕਾਇਮ ਰੱਖਿਆ ਜਾਵੇਗਾ
ਚੰਡੀਗੜ੍ਹ 18 ਜਨਵਰੀ
ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਇੱਕ ਵਾਰ ਫਿਰ ਵੱਡੀ ਕਾਰਵਾਈ ਕਰਦਿਆਂ ਸਖ਼ਤ ਸੁਨੇਹਾ ਦਿੱਤਾ ਹੈ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਅਮਨ ਅਰੋੜਾ ਨੇ ਸਾਂਝੇ ਤੌਰ ‘ਤੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸੇ ਵੀ ਗੁੰਡਾਗਰਦੀ ਜਾਂ ਦੇਸ਼ ਵਿਰੋਧੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਅਜਿਹੇ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਸੇ ਮੁਹਿੰਮ ਤਹਿਤ ਲੁਧਿਆਣਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਨੇ ਖ਼ਤਰਨਾਕ ਗੈਂਗਸਟਰ ਗੋਲਡੀ ਬਰਾੜ ਦੇ ਮਾਡਿਊਲ ਨੂੰ ਬੇਨਕਾਬ ਕਰ ਦਿੱਤਾ। ਪਿਛਲੇ 3 ਹਫ਼ਤਿਆਂ ਤੋਂ ਚਲਾਈ ਗਈ ਇੱਕ ਵਿਸ਼ੇਸ਼ ਅਤੇ ਸਖ਼ਤ ਮੁਹਿੰਮ ਦੌਰਾਨ ਪੁਲਿਸ ਨੇ ਇਸ ਮਾਡਿਊਲ ਨਾਲ ਸਬੰਧਤ 10 ਗੁੰਡਿਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਵੱਲੋਂ ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਨਾਜਾਇਜ਼ ਹਥਿਆਰ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿੱਚ 2 ਵਿਦੇਸ਼ੀ ਪਿਸਤੌਲ ਵੀ ਸ਼ਾਮਲ ਹਨ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਆਰਮਜ਼ ਐਕਟ ਅਤੇ ਹੋਰ ਗੰਭੀਰ ਧਾਰਾਵਾਂ ਤਹਿਤ ਮੁਕੱਦਮੇ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਦੋਵਾਂ ਮੰਤਰੀਆਂ ਨੇ ਲੁਧਿਆਣਾ ਪੁਲਿਸ ਦੀ ਇਸ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਫਲਤਾ ਪੰਜਾਬ ਪੁਲਿਸ ਦੀ ਮੁਸਤੈਦੀ ਅਤੇ ਸਰਕਾਰ ਦੀ ਅਪਰਾਧ ਵਿਰੁੱਧ ‘ਜ਼ੀਰੋ ਟਾਲਰੈਂਸ’ ਨੀਤੀ ਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ‘ਤੇ ਅਮਨ-ਕਾਨੂੰਨ ਨੂੰ ਕਿਸੇ ਵੀ ਕੀਮਤ ‘ਤੇ ਭੰਗ ਨਹੀਂ ਹੋਣ ਦਿੱਤਾ ਜਾਵੇਗਾ। ਮੰਤਰੀਆਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਅਤੇ ਸੂਬੇ ਦੇ ਹਰ ਨਾਗਰਿਕ ਦੀ ਜਾਨ-ਮਾਲ ਦੀ ਰਾਖੀ ਕਰਨ ਲਈ ਸਰਕਾਰ ਹਰ ਕਦਮ ਚੁੱਕ ਰਹੀ ਹੈ।
