ਬੇਅਦਬੀ ਮਾਮਲਾ : ਫਰੀਦਕੋਟ ਦੀ ਅਦਾਲਤ ਵਲੋਂ ਚਾਰ ਡੇਰਾ ਪ੍ਰੇਮੀਆਂ ਨੂੰ ਜ਼ਮਾਨਤ
ਫਰੀਦਕੋਟ ਦੀ ਅਦਾਲਤ ਨੇ ਪਿੰਡ ਬੁਰਜ ਜਵਾਹਰ ਸਿੰਘ ਵਿੱਚ ਗੁਰੂ ਸਾਹਿਬ ਦੇ ਬਾਰੇ ਭੜਕਾਓ ਪੋਸਟਰ ਲਾਉਣ ਦੇ ਮਾਮਲੇ ਵਿੱਚ ਚਾਰ ਡੇਰਾ ਪ੍ਰੇਮੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਖਿਲਾਫ ਥਾਣਾ ਬਾਜਾਖਾਨਾ ਵਿਖੇ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਇਲਾਵਾ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕੁਝ ਅੰਗਾਂ ਨੂੰ ਗਲੀਆਂ ਵਿੱਚ ਖਿੰਡਾਉਣ ਦੇ ਮਾਮਲੇ ਵਿੱਚ ਅਦਾਲਤ ਪਹਿਲਾਂ ਹੀ ਉਸਨੂੰ ਜ਼ਮਾਨਤ ਦੇ ਚੁੱਕੀ ਹੈ। ਸੁਖਜਿੰਦਰ ਸਿੰਘ, ਸ਼ਕਤੀ ਸਿੰਘ, ਰਣਜੀਤ ਸਿੰਘ ਅਤੇ ਬਲਜੀਤ ਸਿੰਘ ਨੂੰ 16 ਮਈ 2021 ਨੂੰ ਕੋਟਕਪੂਰਾ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਚਾਰਾਂ ਨੇ ਫਰੀਦਕੋਟ ਦੀ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ।
25 ਸਤੰਬਰ 2015 ਨੂੰ ਪਿੰਡ ਬੁਰਜ ਜਵਾਹਰ ਸਿੰਘ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਪੋਸਟਰ ਲਗਾਏ ਗਏ ਸਨ। ਜਿਸ ‘ਤੇ ਸਿੱਖ ਕੌਮ ਖਿਲਾਫ ਇਤਰਾਜ਼ਯੋਗ ਸ਼ਬਦ ਲਿਖੇ ਗਏ ਸਨ। ਇਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਬਾਰੇ ਲਿਖਿਆ ਗਿਆ ਸੀ। ਥਾਣਾ ਬਾਜਾਖਾਨਾ ਵਿਖੇ ਪੁਲਿਸ ਨੇ 117/2015 ਐਫਆਈਆਰ ਦਰਜ ਕੀਤੀ ਸੀ। ਇਸ ਦਾ ਚਲਾਨ ਅਦਾਲਤ ਵਿੱਚ ਨਵੀਂ ਜਾਂਚ ਟੀਮ ਪੇਸ਼ ਕਰ ਚੁਕੀ ਹੈ । ਮੰਗਲਵਾਰ ਨੂੰ ਇਸ ਪਟੀਸ਼ਨ ‘ਤੇ ਸੁਣਵਾਈ ਦੌਰਾਨ ਚਾਰਾਂ ਦੀ ਤਰਫੋਂ ਐਡਵੋਕੇਟ ਵਿਨੋਦ ਕੁਮਾਰ ਮੌਂਗਾ ਅਦਾਲਤ ਵਿੱਚ ਪੇਸ਼ ਹੋਏ।