Punjab
ਉਪ ਮੁੱਖ ਮੰਤਰੀ ਵੱਲੋਂ ਗੁਲਾਬੀ ਸੁੰਡੀ ਦੇ ਮਾਮਲੇ ਵਿੱਚ ਵਿਸ਼ੇਸ਼ ਗਿਰਦਾਵਰੀ ਦਾ ਕੰਮ ਤੁਰੰਤ ਮੁਕੰਮਲ ਕਰਨ ਦੇ ਆਦੇਸ਼
ਦੀਵਾਲੀ ਤੋਂ ਪਹਿਲਾਂ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਯਕੀਨੀ ਬਣਾਇਆ ਜਾਵੇ: ਰੰਧਾਵਾ
ਚੰਡੀਗੜ, 6 ਅਕਤੂਬਰ
ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਗੁਲਾਬੀ ਸੁੰਡੀ ਦੇ ਹਮਲੇ ਨਾਲ ਪ੍ਰਭਾਵਿਤ ਹੋਈ ਨਰਮੇ ਦੀ ਫਸਲ ਦੇ ਨੁਕਸਾਨ ਦਾ ਅਸਲ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦਾ ਕੰਮ ਤੁਰੰਤ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ।
ਸ. ਰੰਧਾਵਾ ਨੇ ਵਿੱਤ ਕਮਿਸ਼ਨਰ ਵਿਕਾਸ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਸ਼ੇਸ਼ ਗਿਰਦਾਵਰੀ ਮੁਕੰਮਲ ਕਰਨ ਤੋਂ ਬਾਅਦ ਪ੍ਰਭਾਵਿਤ ਕਿਸਾਨਾਂ ਨੂੰ ਦੀਵਾਲੀ ਤੋਂ ਪਹਿਲਾਂ ਮੁਆਵਜ਼ਾ ਦੇਣਾ ਯਕੀਨੀ ਬਣਾਇਆ ਜਾਵੇ ਤਾਂ ਨਰਮਾ ਪੱਟੀ ਦੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਪੂਰਤੀ ਕੀਤੀ ਜਾ ਸਕੇ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਉਪ ਮੁੱਖ ਮੰਤਰੀ ਨੇ ਆਖਿਆ ਕਿ ਮਾਲਵਾ ਬੈਲਟ ਵਿੱਚ ਨਰਮੇ ਦੀ ਫਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਾਅਦ ਮੁੱਖ ਮੰਤਰੀ ਦੀ ਅਗਵਾਈ ਵਿੱਚ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨਾਂ ਨੇ ਖੇਤੀਬਾੜੀ ਮੰਤਰੀ ਸ. ਰਣਦੀਪ ਸਿੰਘ ਨਾਭਾ ਨੂੰ ਨਾਲ ਲੈ ਕੇ ਕਿਸਾਨ ਆਗੂਆਂ ਨਾਲ ਮੀਟਿੰਗ ਕਰ ਕੇ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼ ਜਾਰੀ ਕੀਤੇ ਸਨ।
ਸ. ਰੰਧਾਵਾ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੂੰ ਇਸ ਮਾਮਲੇ ਵਿੱਚ ਵਿਸ਼ੇਸ਼ ਗਿਰਦਾਵਰੀ ਦਾ ਕੰਮ ਤੁਰੰਤ ਮੁਕੰਮਲ ਕਰ ਕੇ ਹਰ ਹਾਲ ਵਿੱਚ ਦੀਵਾਲੀ ਤੋਂ ਪਹਿਲਾਂ ਮੁਆਵਜ਼ਾ ਦੇਣਾ ਯਕੀਨੀ ਬਣਾਇਆ ਜਾਵੇ।