ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਦੇ ਖਿਲਾਫ ਪੈਸੇ ਲੈ ਕੇ ਬਦਲੀਆਂ ਕਰਨ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਲਗਾਏ ਦੋਸ਼ਾਂ ਦੀ ਨਿਰਪੱਖ ਜਾਂਚ ਹੋਵੇ : ਅਕਾਲੀ ਦਲ
ਹੈਰਾਨੀ ਵਾਲੀ ਗੱਲ ਹੈ ਕਿ ਮਾਮਲੇ ਦੀ ਜਾਂਚ ਦੇ ਹੁਕਮ ਦੇਣ ਦੀ ਥਾਂ ਮੁੱਖ ਮੰਤਰੀ ਚੰਨੀ ਘੁਟਾਲੇ ਨੁੰ ਰਫਾ ਦਫਾ ਕਰਨ ਦਾ ਯਤਨ ਕਰਰਹੇ ਹਨ : ਬਿਕਰਮ ਸਿੰਘ ਮਜੀਠੀਆ
ਚੰਡੀਗੜ੍ਹ, 10 ਦਸੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ ਪੈਸੇ ਲੈ ਕੇ ਬਦਲੀਆਂ ਕਰਨ ਦੇ ਲਗਾਏ ਦੋਸ਼ਾਂ ਦੀ ਜਾਂਚ ਕੀਤੀ ਜਾਵੇ ਤੇ ਪਾਰਟੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੁੱਛਿਆ ਕਿ ਉਹ ਇਸ ਅਪਰਾਧੀ ਕਾਰਵਾਈ ਨੂੰ ਰਫਾ ਦਫਾ ਕਰਨ ਦੀ ਕੋਸ਼ਿਸ਼ ਕਿਉਂ ਕਰ ਰਹੇ ਹਨ।
ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਗ੍ਰਹਿ ਮੰਤਰੀ ’ਤੇ ਪੁਲਿਸ ਅਫਸਰਾਂ ਨੁੰ ਐਸ ਐਸ ਪੀ, ਐਸ ਐਸ ਪੀ ਤੇ ਡੀ ਐਸ ਪੀ ਲਗਾਉਣ ਲਈ ਰਿਸ਼ਵਤ ਲੈੈਣ ਦੇ ਦੋਸ਼ ਲਗਾਏ ਹਨ। ਉਹਨਾਂ ਕਿਹਾ ਕਿ ਇਹੀ ਦੋਸ਼ ਕਮਿਸ਼ਨਰ ਆਫ ਪੁਲਿਸ ਦੀ ਤਾਇਨਾਤੀ ਵਾਸਤੇ ਲਗਾਏ ਗਏ ਹਨ। ਹੁਣ ਇਹ ਸਾਰਾ ਘੁਟਾਲਾ ਇਕ ਸੀਨੀਅਰ ਕੈਬਨਿਟ ਮੰਤਰੀ ਨੇ ਆਪ ਬੇਨਕਾਬ ਕੀਤਾ ਹੈ।
ਮਜੀਠੀਆ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਸਾਰੇ ਮਾਮਲੇ ਦੀ ਜਾਂਚ ਦੇ ਹੁਕਮ ਦੇਣ ਦੀ ਥਾਂ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮਾਮਲਾ ਰਫਾ ਦਫਾ ਕਰਨ ’ਤੇ ਲੱਗੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਤਾਂ ਕੈਬਨਿਟ ਮੀਟਿੰਗ ਵਿਚ ਹਾਜ਼ਰ ਅਫਸਰਾਂ ਨੁੰ ਕਮਰੇ ਵਿਚੋਂ ਬਾਹਰ ਜਾਣ ਵਾਸਤੇ ਆਖ ਦਿੱਤਾ ਤੇ ਕਮਰਾ ਬੰਦ ਕਰਨ ਵਾਸਤੇ ਵੀ ਆਖਿਆ। ਉਹਨਾਂ ਕਿਹਾ ਕਿ ਬਾਅਦ ਵਿਚ ਮੁੱਖ ਮੰਤਰੀ ਨੇ ਇਕ ਡਿੰਨਰ ਪਾਰਟੀ ਕੀਤੀ ਤਾਂ ਜੋ ਇਹ ਮਾਮਲਾ ਖਤਮ ਹੋ ਜਾਵੇ ਜਿਸ ਤੋਂ ਸੰਕੇਤ ਮਿਲਦੇ ਹਨ ਕਿ ਭ੍ਰਿਸ਼ਟਾਚਾਰ ਤੇ ਗਲਤ ਕੰਮ ਨੁੰ ਰਫਾ ਦਫਾ ਕਰਨ ਵਾਸਤੇ ਸੌਦੇਬਾਜ਼ੀ ਕੀਤੀ ਗਈ ਹੈ।
ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਸਰਕਾਰ ਨਾ ਸਿਰਫ ਬਦਲੀਆਂ ਵਾਸਤੇ ਨਗਦ ਪੈਸੇ ਲੈ ਕੇ ਭ੍ਰਿਸ਼ਟਾਚਾਰ ਕਰ ਰਹੀ ਹੈ ਬਲਕਿ ਸਰਕਾਰ ਕੌਮੀ ਸੁਰੱਖਿਆ ਨਾਲ ਵੀ ਖੇਡ ਰਹੀ ਹੈ। ਉਹਨਾਂ ਕਿਹਾ ਕਿ ਬਾਰਡਰ ’ਤੇ ਬੀ ਐਸ ਐਫ ਤੋਂ ਬਾਅਦ ਪੰਜਾਬ ਪੁਲਿਸ ਤਾਇਨਾਤ ਹੈ ਅਤੇ ਜੇਕਰ ਸਰਕਾਰ ਨੇ ਰਿਸ਼ਵਤਾਂ ਲੈ ਕੇ ਸੰਵੇਦਨਸ਼ੀਲ ਪੋਸਟਾਂ ’ਤੇ ਅਫਸਰਾਂ ਦੀ ਤਾਇਨਾਤੀ ਕੀਤੀ ਤਾਂ ਫਿਰ ਕੌਮੀ ਸੁਰੱਖਿਆ ਨਾਲ ਸਮਝੌਤਾ ਹੋ ਜਾਵੇਗਾ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਇਕ ਪਾਸੇ ਸਰਕਾਰ ਮੰਗ ਰਹੀ ਹੈ ਕਿ ਬਾਰਡਰ ’ਤੇ ਬੀ ਐਸ ਐਫ ਦੀ ਨਫਰੀ ਵਧਾਈ ਜਾਵੇ ਪਰ ਦੂਜੇ ਪਾਸੇ ਬਾਰਡਰ ’ਤੇ ਤਾਇਨਾਤੀਆਂ ਵਾਸਤੇ ਪੈਸੇ ਲਏ ਜਾ ਰਹੇ ਹਨ।