Punjab
ਮੋਦੀ ਸਰਕਾਰ ਪਿਛਲੇ 7 ਸਾਲਾਂ ਦੌਰਾਨ ਦੇਸ਼ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਨਾਕਾਮ ਰਹੀ: ਹਾਰਦਿਕ ਪਟੇਲ
; ਕਿਹਾ- ਬੇਰੁਜ਼ਗਾਰੀ ਨੇ ਤੋੜਿਆ 45 ਸਾਲਾਂ ਦਾ ਰਿਕਾਰਡ
ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਆਗੂ ਹਾਰਦਿਕ ਪਟੇਲ ਨੇ ਕਿਹਾ ਹੈ ਕਿ 2014 ਵਿੱਚ ਲੋਕਾਂ ਲਈ ‘ਅੱਛੇ ਦਿਨ’ ਲਿਆਉਣ ਦਾ ਸੁਪਨਾ ਲੈ ਕੇ ਸੱਤਾ ਵਿੱਚ ਆਈ ਨਰਿੰਦਰ ਮੋਦੀ ਸਰਕਾਰ ਪਿਛਲੇ 7 ਸਾਲਾਂ ਦੌਰਾਨ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਵਿੱਚ ਨਾਕਾਮ ਰਹੀ ਹੈ। ਪ੍ਰਧਾਨ ਮੰਤਰੀ ਨੇ ਹਰ ਸਾਲ 2 ਕਰੋੜ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ, ਪਰ ਬੇਰੁਜ਼ਗਾਰੀ ਨੇ ਪਿਛਲੇ 45 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਉਹ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਦੇ ਮੁੱਖ ਦਫਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਪ੍ਰੈਸ ਕਾਨਫਰੰਸ ਦਾ ਸੰਚਾਲਨ ਪਾਰਟੀ ਦੇ ਬੁਲਾਰੇ ਅਤੇ ਮੀਡੀਆ ਤੇ ਸੰਚਾਰ ਇੰਚਾਰਜ ਪੰਜਾਬ ਚੋਣ ਪਵਨ ਖੇੜਾ ਨੇ ਕੀਤਾ।
ਹਾਰਦਿਕ ਪਟੇਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਲੋਕਾਂ ਤੱਕ ‘ਅੱਛੇ ਦਿਨ’ ਲਿਆਉਣ ਦਾ ਸੁਪਨਾ ਲੈ ਕੇ ਸੱਤਾ ‘ਚ ਆਈ ਹੈ। ਉਨ੍ਹਾਂ ਨੇ ਹਰ ਸਾਲ 2 ਕਰੋੜ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ, ਪਰ ਬੇਰੁਜ਼ਗਾਰੀ ਨੇ ਪਿਛਲੇ 45 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਮੋਦੀ ਦੇ ਰਾਜ ਵਿੱਚ ਨੌਜਵਾਨਾਂ ਨੂੰ ਬਰਬਾਦੀ ਵੱਲ ਧੱਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 60 ਲੱਖ ਤੋਂ ਵੱਧ ਸਰਕਾਰੀ ਨੌਕਰੀਆਂ ਖਾਲੀ ਹਨ, ਪਰ ਇਨ੍ਹਾਂ ਦੀ ਭਰਤੀ ਨਹੀਂ ਕੀਤੀ ਜਾ ਰਹੀ। ਜਦੋਂ ਨੌਜਵਾਨ ਰੁਜ਼ਗਾਰ ਮੰਗਦੇ ਹਨ ਤਾਂ ਉਨ੍ਹਾਂ ‘ਤੇ ਡਾਂਗਾਂ ਮਾਰੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਸ਼ਾਸਤ ਉੱਤਰਾਖੰਡ, ਯੂਪੀ, ਗੁਜਰਾਤ, ਗੋਆ, ਮੱਧ ਪ੍ਰਦੇਸ਼ ਵਿੱਚ ਬੇਰੁਜ਼ਗਾਰੀ ਸਾਰੀਆਂ ਹੱਦਾਂ ਪਾਰ ਕਰ ਚੁੱਕੀ ਹੈ।
ਇਸੇ ਤਰ੍ਹਾਂ ਭਾਜਪਾ ਨੇ ਸਿੱਖਿਆ ਨੂੰ ਵੀ ਵੰਡਿਆ ਹੈ। ਇਸਦੇ ਉਲਟ ਕਾਂਗਰਸ ਨੌਜਵਾਨਾਂ ਨੂੰ ਰੁਜ਼ਗਾਰ, ਸਿੱਖਿਆ, ਵਧੀਆ ਪ੍ਰਸ਼ਾਸਨ ਅਤੇ ਇਨਸਾਫ਼ ਦੇਣ ਦੀ ਗੱਲ ਕਰਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ 15 ਲੱਖ ਤੋਂ ਵੱਧ ਅਧਿਆਪਕਾਂ ਦੀ ਘਾਟ ਹੈ। ਨਵੀਂ ਸਿੱਖਿਆ ਨੀਤੀ ਰਾਹੀਂ ਭਾਜਪਾ ਦੇ ਚਮਚਿਆਂ ਨੂੰ ਫਾਇਦਾ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸੱਤਾ ਦਾ ਆਨੰਦ ਮਾਣਨ ਅਤੇ ਕਾਂਗਰਸ ਛੱਡ ਕੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਇਸ ਦੌਰਾਨ ਉਨ੍ਹਾਂ ਭਾਜਪਾ ਦੇ ਉਨਾਓ ਦੇ ਵਿਧਾਇਕ ਦਾ ਜ਼ਿਕਰ ਕੀਤਾ, ਜਿਸਨੇ ਇਕ ਪਰਿਵਾਰ ਨੂੰ ਤਬਾਹ ਕਰ ਦਿੱਤਾ ਪਰ ਉਸ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ। ਪਾਰਟੀ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਪੰਜਾਬ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਨਹੀਂ ਕਰਨ ਤੇ ਉਨ੍ਹਾਂ ਕਿਹਾ ਕਿ ਤਿਵਾੜੀ ਕਾਂਗਰਸ ਦੇ ਸੀਨੀਅਰ ਆਗੂ ਹਨ ਅਤੇ ਸੰਗਠਨ ਵਿੱਚ ਉਨ੍ਹਾਂ ਦੀਆਂ ਹੋਰ ਵੀ ਕਈ ਭੂਮਿਕਾਵਾਂ ਹਨ।