ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਵਿਚ ਯੋਗਦਾਨ ਪਾਉਣ ਦੇ ਚਾਹਵਾਨ ਪ੍ਰਵਾਸੀ ਪੰਜਾਬੀਆਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ: ਕੁਲਦੀਪ ਧਾਲੀਵਾਲ
ਅਮਰੀਕਾ-ਕੈਨੇਡਾ ਦੇ ਐਨ.ਆਰ.ਆਈ. ਪਰਿਵਾਰ ਵੱਲੋਂ 50 ਲੱਖ ਰੁਪਏ ਦੀ ਲਾਗਤ ਨਾਲ ਸਮਾਰਟ ਪ੍ਰਾਇਮਰੀ ਸਕੂਲ ਦੀ ਉਸਾਰੀ ਦੀ ਇੱਛਾ ਜਤਾਉਣ ਤੋਂ 36 ਘੰਟੇ ਦੇ ਅੰਦਰ ਪਿੰਡ ਅਠੌਲਾ ਪਹੁੰਚ ਨੇ ਕੈਬਨਿਟ ਮੰਤਰੀ ਨੇ ਸਕੂਲ ਦਾ ਰੱਖਿਆ ਨੀਂਹ ਪੱਥਰ
ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਵਿਚ ਯੋਗਦਾਨ ਪਾਉਣ ਦੇ ਚਾਹਵਾਨ ਪ੍ਰਵਾਸੀ ਪੰਜਾਬੀਆਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ: ਕੁਲਦੀਪ ਧਾਲੀਵਾਲ
ਪੇਂਡੂ ਸਿੱਖਿਆ, ਸਿਹਤ-ਸੰਭਾਲ ਤੇ ਖੇਡਾਂ ਅਤੇ ਪਿੰਡਾਂ ਦੇ ਸੁੰਦਰੀਕਰਨ ਵਿੱਚ ਵੱਡੇ ਸੁਧਾਰਾਂ ਲਈ ਪਰਵਾਸੀ ਭਾਰਤੀਆਂ ਨੂੰ ਸੂਬਾ ਸਰਕਾਰ ਨਾਲ ਹੱਥ ਮਿਲਾਉਣ ਦੀ ਅਪੀਲ
ਅਠੌਲਾ (ਜਲੰਧਰ), 10 ਅਪ੍ਰੈਲ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪ੍ਰਵਾਸੀ ਭਾਰਤੀਆਂ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਠੌਲਾ ਪਿੰਡ ਜਾ ਕੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਉਸਾਰੇ ਜਾਣ ਵਾਲੇ ਪ੍ਰਾਈਮਰੀ ਸਕੂਲ ਦਾ ਨੀਂਹ ਪੱਥਰ ਰੱਖਿਆ।ਜਿਕਰਯੋਗ ਹੈ ਕਿ ਪਿੰਡ ਅਠੌਲਾ ਦੇ ਅਮਰੀਕਾ ਅਤੇ ਕਨੇਡਾ ਵਸੇ ਪ੍ਰਵਾਸੀ ਪਰਿਵਾਰ ਨੇ ਕੱਲ੍ਹ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ 50 ਲੱਖ ਰੁਪਏ ਦੀ ਲਾਗਤ ਨਾਲ ਪਿੰਡ ‘ਚ ਸਮਾਰਟ ਪ੍ਰਾਇਮਰੀ ਸਕੂਲ ਦੀ ਉਸਾਰੀ ਲਈ ਆਪਣੀ ਯੋਜਨਾ ਬਾਰੇ ਜਾਣੂ ਕਰਵਾਇਆ ਸੀ। ਮੰਤਰੀ ਨੇ ਕਿਹਾ ਕਿ ਇਸ ਕਾਰਜ ਵਿੱਚ ਪੰਜਾਬ ਸਰਕਾਰ ਵਲੋਂ ਸਹਿਯੋਗ ਦੇਣ ਲਈ ਉਹ 36 ਘੰਟਿਆਂ ਦੇ ਅੰਦਰ ਪਿੰਡ ਪਹੁੰਚ ਗਏ। ਉਨ੍ਹਾਂ ਹੋਰਨਾਂ ਪ੍ਰਵਾਸੀ ਭਾਰਤੀਆਂ ਨੂੰ ਉਨ੍ਹਾਂ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਅੱਗੇ ਆਉਣ ਦੀ ਅਪੀਲ ਕੀਤੀ। ਅਸੀਂ ਅਜਿਹੇ ਨੇਕ ਕਾਰਜਾਂ ਲਈ ਪ੍ਰਵਾਸੀ ਭਾਰਤੀਆਂ ਦੀ ਉਡੀਕ ਕਰ ਰਹੇ ਹਾਂ ਕਿਉਂਕਿ ਸਰਕਾਰ ਪੇਂਡੂ ਪੰਜਾਬ ਦੀ ਬਿਹਤਰੀ ਲਈ ਹਰ ਸੰਭਵ ਸਹਾਇਤਾ ਦੇਵੇਗੀ।ਮੰਤਰੀ ਨੇ ਕਿਹਾ ਕਿ ਐਨ.ਆਰ.ਆਈ. ਮਾਮਲੇ ਵਿਭਾਗ ਨੇ ਕੁਝ ਦਿਨ ਪਹਿਲਾਂ ਹੀ ਪ੍ਰਵਾਸੀ ਪੰਜਾਬੀਆਂ ਨੂੰ ਪੇਂਡੂ ਵਿਕਾਸ ਲਈ ਸਹਿਯੋਗ ਅਤੇ ਮਦਦ ਦੀ ਅਪੀਲ ਕੀਤੀ ਸੀ, ਜਿਸ ਦੇ ਚਲਦਿਆਂ ਪ੍ਰਵਾਸੀ ਪੰਜਾਬੀ ਪਰਿਵਾਰ ਵਲੋਂ ਇਹ ਪਹਿਲਕਦਮੀ ਕੀਤੀ ਗਈ ਹੈ।
ਅਮਰੀਕਾ ਵਸੇ ਐਨ. ਆਰ. ਆਈ. ਹਰਮੇਲ ਸਿੰਘ ਸ਼ਾਹ, ਗੁਰਕਰਨ ਸਿੰਘ ਸ਼ਾਹ ਅਤੇ ਕੈਨੇਡਾ ਵਸੇ ਐਨ. ਆਰ. ਆਈ. ਨਵਤੇਜ ਸਿੰਘ ਸ਼ਾਹ ਨੇ ਆਪਣੇ ਦਾਦਾ ਸ.ਗੁਰਬਖਸ਼ ਸਿੰਘ ਸ਼ਾਹ ਅਤੇ ਦਾਦੀ ਬੀਬੀ ਹਰਬੰਸ ਕੌਰ ਦੀ ਯਾਦ ਵਿੱਚ ਪਿੰਡ ਵਿੱਚ 50 ਲੱਖ ਰੁਪਏ ਤੋਂ ਵੱਧ ਦੀ ਲਾਗਤ ਨਾਲ ਸਮਾਰਟ ਪ੍ਰਾਇਮਰੀ ਸਕੂਲ ਬਣਾਉਣ ਦੀ ਪੇਸ਼ਕਸ਼ ਕੀਤੀ ਹੈ। ਮੰਤਰੀ ਨੇ ਸਕੂਲ ਦੇ ਵਿਹੜੇ ਵਿੱਚ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਇਹ ਵੀ ਐਲਾਨ ਕੀਤਾ ਕਿ ਪਿੰਡਾਂ ਵਿੱਚ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਨੋ ਆਬਜੈਕਸ਼ਨ ਸਰਟੀਫਿਕੇਟ ਤੁਰੰਤ ਮੁਹੱਈਆ ਕਰਵਾਏ ਜਾਣਗੇ। ਧਾਲੀਵਾਲ ਨੇ ਮੌਕੇ `ਤੇ ਹੀ ਜੰਗਲਾਤ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੀਆਂ ਐਨ.ਓ.ਸੀ. ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸਮਾਰਟ ਪ੍ਰਾਇਮਰੀ ਸਕੂਲ ਦੀ ਉਸਾਰੀ ਦਾ ਕੰਮ ਇੱਕ ਜਾਂ ਦੋ ਦਿਨਾਂ ਵਿੱਚ ਸ਼ੁਰੂ ਕੀਤਾ ਜਾ ਸਕੇ। ਉਨ੍ਹਾਂ ਨੇ ਪਿੰਡ ਦੇ ਪਤਵੰਤਿਆਂ ਅਤੇ ਵਿਧਾਇਕ ਬਲਕਾਰ ਸਿੰਘ ਸਮੇਤ ਇੱਟ ਰੱਖ ਕੇ ਸਮਾਰਟ ਪ੍ਰਾਇਮਰੀ ਸਕੂਲ ਦੇ ਕਾਰਜ ਦੀ ਸ਼ੁਰੂਆਤ ਵੀ ਕਰਾਈ।
ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਐਲਾਨ ਕੀਤਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਵਿੱਚ ਪ੍ਰਵਾਸੀ ਭਾਰਤੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਇੱਕ ਵਿਆਪਕ ਨੀਤੀ ਤਿਆਰ ਕਰਕੇ ਜਲਦ ਲਾਗੂ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਨੀਤੀ ਦਾ ਖਰੜਾ ਅਗਲੇ ਦੋ ਹਫ਼ਤਿਆਂ ਵਿੱਚ ਤਿਆਰ ਕਰ ਲਿਆ ਜਾਵੇਗਾ, ਜਿਸ ਵਿੱਚ ਲੋੜ ਪੈਣ ’ਤੇ ਹੋਰ ਤਬਦੀਲੀਆਂ ਲਈ ਪ੍ਰਵਾਸੀ ਭਾਰਤੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਣਾ ਹੈ ਅਤੇ ਫਿਰ ਮੁੱਖ ਮੰਤਰੀ ਭਗਵੰਤ ਮਾਨ ਇਸ ਨੂੰ ਪ੍ਰਵਾਨਗੀ ਦੇਣਗੇ। ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੇਂਡੂ ਵਿਕਾਸ ਵਿੱਚ ਵੱਡੇ ਸੁਧਾਰਾਂ `ਤੇ ਧਿਆਨ ਕੇਂਦਰਿਤ ਕਰ ਰਹੀ ਹੈ, ਜੋ ਕਿ ਪ੍ਰਵਾਸੀ ਭਾਰਤੀਆਂ ਦੇ ਪੂਰਨ ਸਹਿਯੋਗ ਅਤੇ ਮਦਦ ਨਾਲ ਤੁਰੰਤ ਸੰਭਵ ਹੋ ਸਕਦੇ ਹਨ। ਮੰਤਰੀ ਨੇ ਅੱਗੇ ਕਿਹਾ ਕਿ ਇੱਕ ਵਾਰ ਨੀਤੀ ਲਾਗੂ ਹੋਣ `ਤੇ ਪ੍ਰਵਾਸੀ ਪੰਜਾਬੀ ਆਪਣੇ ਕੰਮ ਨਿਰਵਿਘਨ ਤਰੀਕੇ ਨਾਲ ਕਰਨਗੇ।
ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ, ਉਨ੍ਹਾਂ ਦੇ ਕਾਨੂੰਨੀ ਕੇਸ ਅਤੇ ਵਿਆਹ ਸੰਬੰਧੀ ਝਗੜਿਆਂ ਨਾਲ ਸਬੰਧਤ ਮੁੱਦੇ ਆਉਣ ਵਾਲੀ ਨੀਤੀ ਦਾ ਮੁੱਖ ਵਿਸ਼ਾ ਹੋਣਗੇ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪ੍ਰਵਾਸੀ ਭਾਰਤੀਆਂ ਨਾਲ ਮਜ਼ਬੂਤ ਸੰਪਰਕ ਸਾਧਣ `ਤੇ ਵੀ ਵਿਸ਼ੇਸ਼ ਤੌਰ ‘ਤੇ ਕੇਂਦਰਿਤ ਕਰੇਗੀ।
ਇਥੇ ਆਪਣੇ ਸੰਬੋਧਨ ‘ਚ ਮੰਤਰੀ ਨੇ ਕਿਹਾ ਕਿ ਪ੍ਰਵਾਸੀ ਭਾਰਤੀਆਂ ਦਾ ਸਹਿਯੋਗ ਯਕੀਨੀ ਤੌਰ ‘ਤੇ ਸਿੱਖਿਆ, ਖੇਡਾਂ, ਸਿਹਤ ਸੰਭਾਲ ਦੇ ਖੇਤਰਾਂ ਵਿੱਚ ਵੱਡੀ ਤਬਦੀਲੀ ਲਿਆਉਣ ਦੇ ਨਾਲ ਨਾਲ ਪੇਂਡੂ ਪੰਜਾਬ ਨੂੰ ਹੋਰ ਸੁੰਦਰ ਬਣਾਏਗਾ। ਮੰਤਰੀ ਨੇ ਦ੍ਰਿੜ ਸੰਕਲਪ ਲਿਆ ਕਿ `ਆਪ` ਸਰਕਾਰ ਪ੍ਰਵਾਸੀ ਭਾਰਤੀਆਂ ਲਈ ਹਰ ਸਮੇਂ ਉਪਲਬਧ ਰਹੇਗੀ ਤਾਂ ਜੋ ਭਵਿੱਖ ਦੀਆਂ ਲੋੜਾਂ ਅਨੁਸਾਰ ਪਿੰਡਾਂ ਦੇ ਵਿਕਾਸ ਨੂੰ ਯੋਜਨਾਬੱਧ ਤਰੀਕੇ ਨਾਲ ਯਕੀਨੀ ਬਣਾਇਆ ਜਾ ਸਕੇ।
ਇੱਕ ਹੋਰ ਮਹੱਤਵਪੂਰਨ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਵਾਸੀ ਭਾਰਤੀਆਂ ਦੀ ਸਹੂਲਤ ਲਈ ਸਾਰੇ ਜ਼ਿਲ੍ਹਿਆਂ ਵਿੱਚ ਨੋਡਲ ਅਫਸਰ ਤਾਇਨਾਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਵਾਸੀ ਭਾਰਤੀ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਸਬੰਧਤ ਕਿਸੇ ਵੀ ਸ਼ਿਕਾਇਤ ਦੀ ਬਾਬਤ ਇਨ੍ਹਾਂ ਨੋਡਲ ਅਫਸਰਾਂ ਨੂੰ ਮਿਲਣਗੇ, ਜੋ ਕਿ ਬਿਨਾਂ ਕਿਸੇ ਦੇਰੀ ਦੇ ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦੇਣਗੇ। ਉਨ੍ਹਾਂ ਕਿਹਾ ਕਿ ਇਹ ਕਦਮ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਾਹੇਵੰਦ ਸਿੱਧ ਹੋਵੇਗਾ।
ਇਸ ਤੋਂ ਪਹਿਲਾਂ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਨੇ ਪਿੰਡਾਂ ਦੇ ਪ੍ਰਵਾਸੀ ਭਾਰਤੀਆਂ ਵੱਲੋਂ ਸਿੱਖਿਆ ਦਾ ਬਿਹਤਰ ਬੁਨਿਆਦੀ ਢਾਂਚਾ ਸਿਰਜਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ, ਜੋ ਨਾ ਸਿਰਫ਼ ਪਿੰਡਾਂ ਦੇ ਬੱਚਿਆਂ ਲਈ ਸਗੋਂ ਨਾਲ ਲੱਗਦੇ ਪਿੰਡਾਂ ਦੇ ਬੱਚਿਆਂ ਲਈ ਵੀ ਬਹੁਤ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ `ਆਪ` ਸਰਕਾਰ ਵੱਲੋਂ ਵਡੇਰੇ ਜਨਤਕ ਹਿੱਤ ਵਿੱਚ ਸਿੱਖਿਆ ਅਤੇ ਸਿਹਤ ਸੰਭਾਲ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ।
ਇਸ ਮੌਕੇ ਪਿੰਡ ਦੀ ਸਰਪੰਚ ਪ੍ਰੋ. ਭੁਪਿੰਦਰ ਕੌਰ, ਪ੍ਰਵਾਸੀ ਭਾਰਤੀ ਹਰਮੇਲ ਸਿੰਘ ਸ਼ਾਹ, ਡਿਪਟੀ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤਾਂ ਜਗਵਿੰਦਰਜੀਤ ਸਿੰਘ ਸੰਧੂ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ।