
• ਅਹਿਮ ਫ਼ੈਸਲਾ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਧਿਆਪਕਾਂ ਦੀ ਭਲਾਈ ਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ: ਸਿੱਖਿਆ ਮੰਤਰੀ
• ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਾਲ 2018 ਵਿੱਚ ਕੋਟਾ 75 ਫ਼ੀਸਦੀ ਤੋਂ ਘਟਾ ਕੇ 50 ਫ਼ੀਸਦੀ ਕਰਨ ਨਾਲ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਹੋ ਗਈ ਸੀ ਪ੍ਰਿੰਸੀਪਲਾਂ ਦੀ ਘਾਟ
ਚੰਡੀਗੜ੍ਹ, 15 ਅਪ੍ਰੈਲ:
ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਪ੍ਰਿੰਸੀਪਲਾਂ ਲਈ ਤਰੱਕੀ ਕੋਟਾ 50 ਫ਼ੀਸਦ ਤੋਂ ਵਧਾ ਕੇ 75 ਫ਼ੀਸਦ ਕਰਨ ਦਾ ਮਹੱਤਵਪੂਰਨ ਫ਼ੈਸਲਾ ਲਿਆ ਹੈ, ਜਿਸ ਨਾਲ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ 500 ਅਧਿਆਪਕਾਂ ਨੂੰ ਪ੍ਰਿੰਸੀਪਲ ਵਜੋਂ ਤਰੱਕੀ ਦੇਣ ਦਾ ਰਾਹ ਪੱਧਰਾ ਹੋ ਗਿਆ ਹੈ।
ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਫ਼ੈਸਲਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਧਿਆਪਕਾਂ ਦੀ ਭਲਾਈ ਅਤੇ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਪ੍ਰਤੀ ਦ੍ਰਿੜ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।
ਸਿੱਖਿਆ ਮੰਤਰੀ ਨੇ ਪਿਛਲੀ ਕਾਂਗਰਸ ਸਰਕਾਰ ਵੱਲੋਂ ਲਏ ਗ਼ਲਤ ਫ਼ੈਸਲੇ ‘ਤੇ ਅਫ਼ਸੋਸ ਜ਼ਾਹਰ ਕਰਦਿਆਂ ਕਿਹਾ ਕਿ ਸਾਲ 2018 ਵਿੱਚ ਕਾਂਗਰਸ ਸਰਕਾਰ ਨੇ ਇਸ ਕੋਟੇ ਨੂੰ 75 ਫ਼ੀਸਦ ਤੋਂ ਘਟਾ ਕੇ 50 ਫ਼ੀਸਦ ਕਰ ਦਿੱਤਾ ਸੀ ਜਿਸ ਕਾਰਨ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀ ਘਾਟ ਆ ਗਈ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਇਸ ਕੋਟੇ ਨੂੰ ਮੁੜ ਵਧਾਉਣ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਪ੍ਰਿੰਸੀਪਲਾਂ ਦੇ ਕੋਟੇ ਵਿੱਚ ਕੀਤਾ ਇਹ ਵਾਧਾ ਮਾਹਰ ਅਤੇ ਯੋਗ ਅਧਿਆਪਕਾਂ ਨੂੰ ਅਗਵਾਈ ਦੀਆਂ ਵਿਸ਼ੇਸ਼ ਭੂਮਿਕਾਵਾਂ ਨਿਭਾਉਣ ਦੇ ਵਧੇਰੇ ਮੌਕੇ ਪ੍ਰਦਾਨ ਕਰੇਗਾ ਜਿਸ ਨਾਲ ਸਕੂਲਾਂ ਵਿੱਚ ਵਧੇਰੇ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਵਿਦਿਅਕ ਵਾਤਾਵਰਣ ਨੂੰ ਉਤਸ਼ਾਹਿਤ ਕੀਤਾ ਜਾ ਸਕੇਗਾ।
ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਇਤਿਹਾਸਕ ਫ਼ੈਸਲਾ ਅਧਿਆਪਕਾਂ ਦੀ ਤਰੱਕੀ ਵਿੱਚ ਆਈ ਖੜੋਤ ਨੂੰ ਖ਼ਤਮ ਕਰਨ ਦੇ ਨਾਲ-ਨਾਲ ਅਕਾਦਮਿਕ ਵਿਕਾਸ ਲਈ ਵਧੇਰੇ ਅਨੁਕੂਲ ਅਤੇ ਪ੍ਰੇਰਨਾਦਾਇਕ ਮਾਹੌਲ ਪੈਦਾ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਉਹ ਆਪਣੇ ਵਿਦਿਆਰਥੀਆਂ ਨੂੰ ਮਿਆਰੀ ਅਤੇ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਲਈ ਸਮਰਪਿਤ ਹਨ, ਇਸ ਲਈ ਸਰਕਾਰੀ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਸਿੱਖਿਆ ਵਿਧੀਆਂ ਨਾਲ ਲੈਸ ਕਰਨ ਲਈ ਪ੍ਰਮੁੱਖ ਕੌਮਾਂਤਰੀ ਅਤੇ ਕੌਮੀ ਸਿਖਲਾਈ ਸੰਸਥਾਵਾਂ ਵਿੱਚ ਭੇਜਿਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ 2000 ਕਰੋੜ ਰੁਪਏ ਦੀ ਲਾਗਤ ਨਾਲ 12,000 ਤੋਂ ਵੱਧ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ ਕੀਤੀ ਗਈ ਹੈ।