ਚੰਡੀਗੜ੍ਹ, 27 ਦਸੰਬਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਖਨੌਰੀ ਬਾਰਡਰ ਦਾ ਦੌਰਾ ਕਰਕੇ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ।
ਮੰਤਰੀ ਚੀਮਾ ਨੇ ਡੱਲੇਵਾਲ ਦੀ ਕਿਸਾਨਾਂ ਦੇ ਹਿੱਤਾਂ ਪ੍ਰਤੀ ਅਟੁੱਟ ਵਚਨਬੱਧਤਾ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਚੱਲ ਰਹੇ ਸੰਘਰਸ਼ ਨਾਲ ਪੂਰੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਚੀਮਾ ਦੇ ਨਾਲ ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਮਨਜੀਤ ਸਿੰਘ ਬਿਲਾਸਪੁਰੀ, ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਅਤੇ ਕਰਮਜੀਤ ਅਨਮੋਲ ਹਾਜ਼ਰ ਸਨ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਇਸ ਦੇਸ਼ ਦੇ ਕਿਸਾਨਾਂ ਦੇ ਹੱਕਾਂ ਲਈ ਦ੍ਰਿੜ ਇਰਾਦੇ ਨਾਲ ਲੜ ਰਹੇ ਹਨ। ਅਸੀਂ 21ਵੀਂ ਸਦੀ ਵਿੱਚ ਭਾਰਤੀ ਕਿਸਾਨਾਂ ਦੇ ਭਵਿੱਖ ਦੀ ਰਾਖੀ ਲਈ ਇਸ ਅਹਿਮ ਲੜਾਈ ਦੀ ਅਗਵਾਈ ਕਰਨ ਲਈ ਉਨ੍ਹਾਂ ਦੇ ਤਹਿ ਦਿਲੋਂ ਧੰਨਵਾਦੀ ਹਾਂ।
ਵਿਵਾਦਗ੍ਰਸਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੀ ਇਤਿਹਾਸਕ ਕਿਸਾਨ ਲਹਿਰ ਨੂੰ ਯਾਦ ਕਰਦਿਆਂ ਚੀਮਾ ਨੇ ਇਸੇ ਤਰ੍ਹਾਂ ਦੇ ਨਤੀਜੇ ਦੀ ਆਸ ਪ੍ਰਗਟਾਈ। ਉਨ੍ਹਾਂ ਕਿਹਾ, “ਜਦੋਂ ਕਿਸਾਨ ਆਪਣੇ ਪਹਿਲੇ ਸੰਘਰਸ਼ ਵਿੱਚ ਇੱਕਜੁੱਟ ਹੋਏ ਤਾਂ ਮੋਦੀ ਸਰਕਾਰ ਨੂੰ ਝੁਕਣਾ ਪਿਆ ਅਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਪਿਆ। ਮੇਰਾ ਪੂਰਾ ਵਿਸ਼ਵਾਸ ਹੈ ਕਿ ਕੇਂਦਰ ਸਰਕਾਰ ਨੂੰ ਅਜਿਹੇ ਮੁੱਦਿਆਂ ਦੇ ਹੱਲ ਲਈ ਇੱਕ ਵਾਰ ਫਿਰ ਝੁਕਣਾ ਪਵੇਗਾ ਅਤੇ ਸਾਰਥਕ ਗੱਲਬਾਤ ਕਰਨੀ ਪਵੇਗੀ। ਅਜਿਹੇ ਮਸਲੇ ਹਮੇਸ਼ਾ ਗੱਲਬਾਤ ਰਾਹੀਂ ਹੱਲ ਹੁੰਦੇ ਹਨ, ਜਿੱਦ ਨਾਲ ਨਹੀਂ।”
ਵਿੱਤ ਮੰਤਰੀ ਨੇ ਕੇਂਦਰ ਸਰਕਾਰ ਦੇ ਅੜੀਅਲ ਰੁਖ਼ ਦੀ ਸਖ਼ਤ ਆਲੋਚਨਾ ਕਰਦਿਆਂ ਉਸ ਨੂੰ ਆਪਣੀ ਜ਼ਿੱਦ ਛੱਡ ਕੇ ਤੁਰੰਤ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਡੱਲੇਵਾਲ ਦੀ ਡਾਕਟਰੀ ਦੇਖਭਾਲ ਸਬੰਧੀ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਵੱਲੋਂ ਹਾਲ ਹੀ ਵਿੱਚ ਦਿੱਤੇ ਨਿਰਦੇਸ਼ਾਂ ਦਾ ਵੀ ਹਵਾਲਾ ਦਿੱਤਾ। ਚੀਮਾ ਨੇ ਕਿਹਾ, “ਅਸੀਂ ਨਿਆਂਪਾਲਿਕਾ ਦੀ ਚਿੰਤਾ ਦਾ ਸਤਿਕਾਰ ਕਰਦੇ ਹਾਂ, ਪਰ ਮੇਰਾ ਮੰਨਣਾ ਹੈ ਕਿ ਸੁਪਰੀਮ ਕੋਰਟ ਨੂੰ ਕੇਂਦਰ ਸਰਕਾਰ ਨੂੰ ਤੁਰੰਤ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨ ਦਾ ਨਿਰਦੇਸ਼ ਦੇਣਾ ਚਾਹੀਦਾ ਹੈ। ਅਜਿਹੀ ਕਾਰਵਾਈ ਨਾਲ 24 ਘੰਟਿਆਂ ਦੇ ਅੰਦਰ ਸਮੱਸਿਆ ਦਾ ਹੱਲ ਹੋ ਜਾਵੇਗਾ।”
ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਹਿਲਕਦਮੀ ਕਰਨ ਅਤੇ ਡੈੱਡਲਾਕ ਨੂੰ ਤੋੜਨ ਲਈ ਕਿਹਾ। ਉਨ੍ਹਾਂ ਕਿਹਾ, “ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੇ ਪੱਤਰ ਦਾ ਜਵਾਬ ਦੇਣਾ ਚਾਹੀਦਾ ਹੈ ਅਤੇ ਉਸਾਰੂ ਗੱਲਬਾਤ ਕਰਨੀ ਚਾਹੀਦੀ ਹੈ। ਸੁਪਰੀਮ ਕੋਰਟ ਵਲੋਂ ਕੇਂਦਰ ਸਰਕਾਰ ਨੂੰ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ ਅਤੇ ਮੈਨੂੰ ਭਰੋਸਾ ਹੈ ਕਿ ਇਸ ਨਾਲ ਉਹ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਮਜਬੂਰ ਹੋਣਗੇ।”
ਕਿਸਾਨ ਭਾਈਚਾਰੇ ਪ੍ਰਤੀ ਪੰਜਾਬ ਸਰਕਾਰ ਦੀ ਅਟੁੱਟ ਹਮਾਇਤ ਨੂੰ ਦੁਹਰਾਉਂਦਿਆਂ ਮੰਤਰੀ ਚੀਮਾ ਨੇ ਕਿਹਾ ਕਿ ‘ਆਪ’ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਸੰਘਰਸ਼ ਦੇ ਨਾਲ ਖੜ੍ਹੀ ਹੈ ਅਤੇ ਅਸੀਂ ਇਸ ਨੂੰ ਜਾਰੀ ਰੱਖਾਂਗੇ। ਜਗਜੀਤ ਸਿੰਘ ਡੱਲੇਵਾਲ ਦੀ ਆਵਾਜ਼ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਲੜਾਈ ਨੂੰ ਹੋਰ ਮਜਬੂਤੀ ਮਿਲੇਗੀ। ਸਾਡੇ ਸਪੀਕਰ ਅਤੇ ਕਈ ਕੈਬਨਿਟ ਮੰਤਰੀਆਂ ਦੇ ਨਾਲ-ਨਾਲ ਵਿਧਾਇਕਾਂ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸਮਰਥਨ ਦੇਣ ਲਈ ਮੁਲਾਕਾਤ ਕੀਤੀ ਹੈ।