
* ਮੁੱਖ ਮੰਤਰੀ ਮਾਨ ਨੇ ਡਾ. ਜਗਦੀਪ ਸਿੰਘ ਨੂੰ ਮਾਲਵਾ ਦੀ ਮਾਣਮੱਤੀ ਸੰਸਥਾ ਦੀ ਅਗਵਾਈ ਕਰਨ ਲਈ ਦਿੱਤੀਆਂ ਸ਼ੁਭ-ਕਾਮਨਾਵਾਂ
* ਡਾ. ਜਗਦੀਪ ਸਿੰਘ ਦੀ ਅਗਵਾਈ ਹੇਠ ਪੰਜਾਬੀ ਯੂਨੀਵਰਸਿਟੀ ਸਫ਼ਲਤਾ ਦੀਆਂ ਨਵੀਆਂ ਕਹਾਣੀਆਂ ਲਿਖੇਗੀ: ਮੁੱਖ ਮੰਤਰੀ ਮਾਨ
ਚੰਡੀਗੜ੍ਹ, 19 ਮਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬੀ ਯੂਨੀਵਰਸਿਟੀ ਦੇ ਨਵ-ਨਿਯੁਕਤ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੂੰ ਵਧਾਈ ਦਿੱਤੀ।
ਇੱਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਡਾ. ਜਗਦੀਪ ਸਿੰਘ ਦੀ ਯੋਗ, ਫੈਸਲਾਕੁੰਨ ਅਤੇ ਦੂਰਦਰਸ਼ੀ ਅਗਵਾਈ ਹੇਠ ਯੂਨੀਵਰਸਿਟੀ ਅਕਾਦਮਿਕ ਖੇਤਰ ਵਿੱਚ ਨਵੇਂ ਮਾਪਦੰਡ ਸਥਾਪਤ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਆਮ ਤੌਰ ‘ਤੇ ਪੰਜਾਬ ਅਤੇ ਖਾਸ ਕਰ ਕੇ ਮਾਲਵਾ ਖੇਤਰ ਦਾ ਮਾਣ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਡਾ. ਜਗਦੀਪ ਸਿੰਘ ਸੰਸਥਾ ਦੀ ਪੁਰਾਣੀ ਸ਼ਾਨ ਬਹਾਲ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵੇਂ ਵਾਈਸ ਚਾਂਸਲਰ ਦੀ ਨਿਯੁਕਤੀ ਯੂਨੀਵਰਸਿਟੀ ਲਈ ਬੇਮਿਸਾਲ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਿੱਖਿਆ, ਸਿਹਤ ਤੇ ਰੋਜ਼ਗਾਰ ਸੂਬਾ ਸਰਕਾਰ ਦੇ ਧਿਆਨ ਦੇ ਮੁੱਖ ਕੇਂਦਰ ਹਨ ਅਤੇ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਹੱਤਵਪੂਰਨ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ ਕਿ ਇਸ ਜਨਤਕ ਮਹੱਤਵ ਵਾਲੇ ਖੇਤਰ ਨੂੰ ਉਹ ਧਿਆਨ ਮਿਲੇ, ਜਿਸ ਦਾ ਇਹ ਹੱਕਦਾਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਦਾ ਉਦੇਸ਼ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਉਣਾ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।