Punjab
ਅਰੁਨਾ ਚੌਧਰੀ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਭਰਨ ਦੇ ਨਿਰਦੇਸ਼
ਚੰਡੀਗੜ੍ਹ, 2 ਮਾਰਚ:
ਪੰਜਾਬ ਦੀਆਂ ਆਂਗਨਵਾੜੀ ਵਰਕਰਜ਼ ਯੂਨੀਅਨਾਂ ਦੀ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਪ੍ਰਵਾਨਗੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਵੱਲੋਂ ਅੱਜ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਨ ਦੇ ਆਦੇਸ਼ ਦਿੱਤੇ ਗਏ ਹਨ। ਇਹ ਅਸਾਮੀਆਂ ਭਰਨ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀਆਂ (ਡੀ.ਪੀ.ਓਜ਼) ਨੂੰ ਪਹਿਲਾਂ ਹੀ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ।
ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਆਂਗਣਵਾੜੀ ਵਰਕਰਜ਼ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਚੌਧਰੀ ਨੇ ਅਧਿਕਾਰੀਆਂ ਨੂੰ ਤੁਰੰਤ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਦੇ ਨਿਰਦੇਸ਼ ਦਿੱਤੇ। ਉਹਨਾਂ ਇਹ ਵੀ ਦੱਸਿਆ ਕਿ ਹੋਰਨਾਂ ਵਿਭਾਗਾਂ ਨਾਲ ਸੰਬੰਧਤ ਜਾਇਜ਼ ਮੰਗਾਂ ਵੀ ਉਚਿਤ ਢੰਗ ਨਾਲ ਉਠਾਈਆਂ ਜਾਣਗੀਆਂ ਅਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਕਿਹਾ ਕਿ ਵਿੱਤ ਵਿਭਾਗ ਨਾਲ ਸਬੰਧਤ ਮੰਗਾਂ ਦੇ ਜਲਦੀ ਨਿਪਟਾਰੇ ਲਈ ਉਹ ਨਿੱਜੀ ਤੌਰ ‘ਤੇ ਇਹ ਮਾਮਲਾ ਵਿੱਤ ਮੰਤਰੀ ਕੋਲ ਉਠਾਉਣਗੇ।
ਆਂਗਨਵਾੜੀ ਕੇਂਦਰਾਂ ਵਿਚ 3 ਤੋਂ 6 ਸਾਲ ਦੇ ਬੱਚਿਆਂ ਨੂੰ ਦਾਖਲ ਕਰਨ ਸਬੰਧੀ ਮਾਮਲੇ ਬਾਰੇ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਸਕੂਲ ਸਿੱਖਿਆ ਮੰਤਰੀ ਕੋਲ ਉਠਾਇਆ ਜਾਵੇਗਾ। ਉਨ੍ਹਾਂ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਮਹਿਲਾ ਦਿਵਸ ਨੂੰ ਜੋਸ਼ੋ-ਖੋਰੋਸ਼ ਨਾਲ ਮਨਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾਇਰੈਕਟਰ-ਕਮ-ਵਿਸ਼ੇਸ਼ ਸਕੱਤਰ ਵਿਪੁਲ ਉਜਵਲ, ਜੁਆਇੰਟ ਸਕੱਤਰ ਵਿੰਮੀ ਭੁੱਲਰ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਅਤੇ ਆਂਗਨਵਾੜੀ ਵਰਕਰਜ਼ ਯੂਨੀਅਨਾਂ ਦੇ ਨੁਮਾਇੰਦੇ ਹਰਗੋਬਿੰਦ ਕੌਰ, ਊਸ਼ਾ ਰਾਣੀ, ਸੁਭਾਸ਼ ਰਾਣੀ, ਸ਼ਿੰਦਰਪਾਲ ਕੌਰ ਅਤੇ ਸਰੋਜ ਛੱਪੜੀਵਾਲਾ ਸ਼ਾਮਲ ਸਨ।