
ਰਵਾਇਤੀ ਸਿਆਸੀ ਪਾਰਟੀਆਂ ਨਸ਼ਾ ਤਸਕਰਾਂ ਦੇ ਹੱਕ ਵਿੱਚ ਹਨ ਜਾਂ ਵਿਰੋਧ ਵਿੱਚ-ਮੁੱਖ ਮੰਤਰੀ ਵੱਲੋਂ ਸਟੈਂਡ ਸਪੱਸ਼ਟ ਕਰਨ ਦੀ ਚੁਣੌਤੀ
ਨਾਭਾ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਦੇ ਹੱਕ ਵਿੱਚ ਆਏ ਰਵਾਇਤੀ ਪਾਰਟੀਆਂ ਦੇ ਆਗੂਆਂ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਜਿਹੜਾ ਆਗੂ ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਹੋਵੇ, ਉਸ ਦੇ ਹੱਕ ਵਿੱਚ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ, ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਅਤੇ ਰਵਨੀਤ ਸਿੰਘ ਬਿੱਟੂ ਖੁੱਲ੍ਹ ਕੇ ਬਿਆਨਬਾਜ਼ੀ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਤੋਂ ਰਵਾਇਤੀ ਪਾਰਟੀਆਂ ਦੀ ਆਪਸੀ ਮਿਲੀਭੁਗਤ ਸਾਹਮਣੇ ਆਈ ਹੈ ਜੋ ਸੱਤਾ ਵਿੱਚ ਹੁੰਦੀਆਂ ਇਕ-ਦੂਜੇ ਦੇ ਕਾਲੇ ਕਾਰਨਾਮਿਆਂ ਉਤੇ ਪਰਦਾ ਪਾਉਂਦੀਆਂ ਰਹੀਆਂ ਹਨ। ਉਨ੍ਹਾਂ ਨੇ ਰਵਾਇਤੀ ਸਿਆਸੀ ਪਾਰਟੀਆਂ ਨੂੰ ਮੁੜ ਚੁਣੌਤੀ ਦਿੱਤੀ ਕਿ ਪੰਜਾਬ ਵਾਸੀਆਂ ਨੂੰ ਸਪੱਸ਼ਟ ਕੀਤਾ ਜਾਵੇ ਕਿ ਉਹ ਨਸ਼ਾ ਤਸਕਰਾਂ ਦੇ ਹੱਕ ਵਿੱਚ ਹਨ ਜਾਂ ਵਿਰੋਧ ਵਿੱਚ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਾਭਾ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਵਿਰੁੱਧ ਅਹਿਮ ਸਬੂਤ ਮਿਲੇ ਹਨ ਜੋ ਅਦਾਲਤ ਵਿੱਚ ਪੇਸ਼ ਕੀਤੇ ਜਾਣਗੇ।
ਪੰਜਾਬ ਵਾਸੀਆਂ ਲਈ ਇਕ ਹੋਰ ਵੱਡਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੌਨਸੂਨ ਸੀਜ਼ਨ ਖਤਮ ਹੋਣ ਤੋਂ ਬਾਅਦ ਸੂਬੇ ਵਿੱਚ 20,000 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਵਿਆਪਕ ਪੱਧਰ ਉਤੇ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਲਿੰਕ ਸੜਕਾਂ ਸੂਬੇ ਦੇ ਅਰਥਚਾਰੇ ਦੀ ਜੀਵਨ ਰੇਖਾ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਵੱਡੇ ਲੋਕ ਪੱਖੀ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਿਆ ਹੈ, ਜਿਸ ਨਾਲ ਸਿੰਜਾਈ ਲਈ ਪਾਣੀ ਦੀ ਸਮੱਸਿਆ ਖਤਮ ਹੋ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਤੋਂ 55000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਕਈ ਥਾਵਾਂ ਉਤੇ ਟੋਲ ਪਲਾਜ਼ੇ ਬੰਦ ਕਰਨ ਨਾਲ ਪੰਜਾਬ ਵਾਸੀਆਂ ਦੇ ਰੋਜ਼ਾਨਾ 64 ਲੱਖ ਰੁਪਏ ਬਚ ਰਹੇ ਹਨ, ਜੋ ਬਹੁਤ ਵੱਡੀ ਆਰਥਿਕ ਰਾਹਤ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸ਼ਨਾਖਤੀ ਕਾਰਡ ਜਾਰੀ ਕੀਤੇ।
ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਮਕਾਨ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।