Cabinet DecisionsPunjab

ਪੰਜਾਬ ਮੰਤਰੀ ਮੰਡਲ ਵੱਲੋਂ ਨਵੇਂ ਸਰਕਾਰੀ ਕਾਲਜਾਂ ਵਿੱਚ 160 ਅਸਿਸਟੈਂਟ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀਆਂ ਅਸਾਮੀਆਂ ਭਰਨ ਲਈ ਹਰੀ ਝੰਡੀ

 

ਪੰਜਾਬ ਮੰਤਰੀ ਮੰਡਲ ਵੱਲੋਂ ਨਵੇਂ ਸਰਕਾਰੀ ਕਾਲਜਾਂ ਵਿੱਚ 160 ਅਸਿਸਟੈਂਟ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀਆਂ ਅਸਾਮੀਆਂ ਭਰਨ ਲਈ ਹਰੀ ਝੰਡੀ

9 ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਅਤੇ ਇਨ੍ਹਾਂ ਵਿੱਚ 117 ਅਸਾਮੀਆਂ ਦੀ ਸਿਰਜਣਾ ਨੂੰ ਵੀ ਦਿੱਤੀ ਮਨਜ਼ੂਰੀ

ਚੰਡੀਗੜ੍ਹ, 17 ਸਤੰਬਰ

ਸੂਬੇ ਦੀਆਂ ਵੱਖ-ਵੱਖ ਤਹਿਸੀਲਾਂ ਵਿੱਚ ਸਥਾਪਤ ਕੀਤੇ 18 ਨਵੇਂ ਸਰਕਾਰੀ ਕਾਲਜਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਇਨ੍ਹਾਂ ਕਾਲਜਾਂ ਵਿੱਚ 160 ਅਸਿਸਟੈਂਟ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀਆਂ ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਗਈ।

ਇਸ ਭਰਤੀ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਘੇਰੇ ਵਿੱਚੋਂ ਕੱਢਦਿਆਂ ਵਿਭਾਗੀ ਚੋਣ ਕਮੇਟੀ ਰਾਹੀਂ ਭਰਨ ਦਾ ਫੈਸਲਾ ਕੀਤਾ ਗਿਆ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਕੀਤਾ ਗਿਆ।

ਮੰਤਰੀ ਮੰਡਲ ਨੇ ਵਿਭਾਗੀ ਚੋਣ ਕਮੇਟੀ ਦੇ ਗਠਨ ਨੂੰ ਵੀ ਮਨਜ਼ੂਰੀ ਦੇ ਦਿੱਤੀ ਜਿਸ ਦੇ ਚੇਅਰਪਰਸਨ ਯੂ.ਜੀ.ਸੀ. ਦੇ ਸਾਬਕਾ ਚੇਅਰਮੈਨ ਪ੍ਰੋ. ਵੇਦ ਪ੍ਰਕਾਸ਼ ਹੋਣਗੇ ਜਦੋਂ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਵਾਈਸ ਚਾਂਸਲਰ, ਡੀ.ਪੀ.ਆਈ. (ਕਾਲਜਾਂ), ਸਮਾਜਿਕ ਨਿਆਂ ਤੇ ਸਸ਼ਕਤੀਕਰਨ ਦੇ ਪ੍ਰਮੁੱਖ ਸਕੱਤਰ ਦਾ ਨੁਮਾਇੰਦਾ (ਜੁਆਇੰਟ ਡਾਇਰੈਕਟਰ ਦੇ ਰੈਂਕ ਤੋਂ ਘੱਟ ਨਾ ਹੋਵੇ) ਅਤੇ ਤਿੰਨ ਵਿਸ਼ਾ ਮਾਹਿਰ (ਕਮੇਟੀ ਵੱਲੋਂ ਪ੍ਰੋਫੈਸਰ ਦੇ ਰੈਂਕ ਤੋਂ ਘੱਟ ਨਾ ਚੁਣਿਆ ਜਾਵੇ) ਇਸ ਦੇ ਮੈਂਬਰ ਹੋਣਗੇ। ਕਮੇਟੀ ਲਈ ਚੋਣ ਪ੍ਰਕਿਰਿਆ ਦੌਰਾਨ ਯੂ.ਜੀ.ਸੀ. ਦੇ ਦਿਸ਼ਾ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਨਾ ਜ਼ਰੂਰੀ ਹੋਵੇਗਾ।

ਇਹ ਫੈਸਲਾ ਸੂਬੇ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਦੇ ਯੋਗ ਬਣਾਏਗਾ। ਇਸ ਤੋਂ ਇਲਾਵਾ ਕੌਮੀ ਸਿੱਖਿਆ ਨੀਤੀ-2020 ਮੁਤਾਬਕ ਸਾਲ 2035 ਤੱਕ 50 ਫੀਸਦੀ ਕੁੱਲ ਦਾਖਲਾ ਅਨੁਪਾਤ (ਜੀ.ਈ.ਆਰ.) ਦਾ ਟੀਚਾ ਪੂਰਾ ਕਰਨ ਲਈ ਸਹਾਈ ਹੋਵੇਗਾ।

9 ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਲਈ 117 ਅਸਾਮੀਆਂ ਦੀ ਸਿਰਜਣਾ ਨੂੰ ਮਨਜ਼ੂਰੀ:

ਜਿਨਸੀ ਸੋਸ਼ਣ ਤੋਂ ਬੱਚਿਆਂ ਦੀ ਸੁਰੱਖਿਆ (ਪੌਸਕੋ) ਐਕਟ ਅਤੇ ਬਲਾਤਕਾਰ ਕੇਸਾਂ ਵਿੱਚ ਲੰਬਿਤ ਮਾਮਲਿਆਂ ਨੂੰ ਘਟਾਉਣ ਦੀ ਦਿਸ਼ਾ ਵਿੱਚ ਕੈਬਨਿਟ ਨੇ 9 ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਅਤੇ ਇਨ੍ਹਾਂ ਵਿੱਚ 117 ਅਸਾਮੀਆਂ ਦੀ ਸਿਰਜਣਾ ਨੂੰ ਮਨਜ਼ੂਰੀ ਦੇ ਦਿੱਤੀ।

ਇਹ 9 ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਅੰਮ੍ਰਿਤਸਰ, ਬਠਿੰਡਾ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਮਾਨਸਾ, ਮੋਗਾ, ਪਟਿਆਲਾ ਤੇ ਐਸ.ਏ.ਐਸ. ਨਗਰ ਵਿਖੇ ਸਥਾਪਤ ਕੀਤੀਆਂ ਜਾਣਗੀਆਂ। ਇਨ੍ਹਾਂ ਅਦਾਲਤਾਂ ਲਈ ਸਿਰਜਣਾ ਕੀਤੀਆਂ 117 ਅਸਾਮੀਆਂ ਵਿੱਚ 9 ਵਧੀਕ ਜ਼ਿਲਾ ਤੇ ਸੈਸ਼ਨ ਜੱਜ ਅਤੇ ਜੱਜਮੈਂਟ ਰਾਈਟਰ (ਸੀਨੀਅਰ ਗਰੇਡ), ਰੀਡਰ ਗਰੇਡ-1, ਸਟੈਨੋਗ੍ਰਾਫਰ ਗਰੇਡ-2, ਟਰਾਂਸਲੇਟਰ, ਅਹਲਮਦ, ਕਾਪੀ ਕਲਰਕ ਤੇ ਅਸ਼ਰ ਦੀਆਂ 9-9 ਅਸਾਮੀਆਂ ਤੇ 18 ਸੇਵਾਦਾਰ ਸ਼ਾਮਲ ਹਨ। ਬਾਕੀ 27 ਅਸਾਮੀਆਂ ਵਿੱਚ ਡਿਪਟੀ ਜ਼ਿਲਾ ਅਟਾਰਨੀ, ਜੂਨੀਅਰ ਸਕੇਲ ਸਟੈਨੋਗ੍ਰਾਫਰ ਤੇ ਸੇਵਾਦਾਰ ਦੀਆਂ 9-9 ਅਸਾਮੀਆਂ ਸ਼ਾਮਲ ਹਨ।

ਗੌਰਤਲਬ ਹੈ ਕਿ ਸੁਪਰੀਮ ਕੋਰਟ ਵੱਲੋਂ ਸੂਬਾ ਸਰਕਾਰਾਂ ਨੂੰ ਅਜਿਹੇ ਜ਼ਿਲ੍ਹਿਆਂ ਵਿੱਚ ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਜਿਨ੍ਹਾਂ ਵਿੱਚ ਪੌਸਕੇ ਤੇ ਬਲਾਤਕਾਰ ਕੇਸਾਂ ਦੇ 100 ਤੋਂ ਵੱਧ ਕੇਸ ਲੰਬਿਤ ਪਏ ਹਨ।

——–

 

ਪੰਜਾਬ ਸਰਕਾਰ ਵੱਲੋਂ ਨੇਤਰਹੀਣ ਸ਼੍ਰੇਣੀਆਂ ਲਈ ਰਾਖਵੀਆਂ ਮਾਸਟਰ ਕਾਡਰ ਦੀਆਂ ਖਾਲ਼ੀ ਪੋਸਟਾਂ ਨੂੰ ਆਰਟਸ ਸਟਰੀਮ ਦੇ ਵਿਸ਼ਿਆਂ ‘ਚ ਬਦਲਣ ਦਾ ਫੈਸਲਾ: ਵਿਜੈ ਇੰਦਰ ਸਿੰਗਲਾ

 

ਨੇਤਰਹੀਣ ਉਮੀਦਵਾਰਾਂ ਨੂੰ ਉਹਨਾਂ ਦੀ ਸਹੂਲਤ ਲਈ ਸਾਇੰਸ ਅਤੇ ਕਾਮਰਸ ਸਟਰੀਮ ਵਿਸ਼ਿਆਂ ‘ਚ ਖਾਲੀ ਰਹੀਆਂ ਅਸਾਮੀਆਂ ਦੇ ਬਦਲੇ ਆਰਟਸ ਸਟਰੀਮ ਵਿਸ਼ਿਆਂ ‘ਚ ਉਹੀ ਕੋਟਾ ਮਿਲੇਗਾ: ਸਕੂਲ ਸਿੱਖਿਆ ਮੰਤਰੀ

 

ਚੰਡੀਗੜ੍ਹ, 17 ਸਤੰਬਰ:

 

ਸਕੂਲ ਸਿੱਖਿਆ ਮੰਤਰੀ, ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਨੇਤਰਹੀਣ ਸ਼੍ਰੇਣੀ ਦੇ ਉਮੀਦਵਾਰਾਂ ਦੀ ਸਹੂਲਤ ਲਈ ਮਾਸਟਰ ਕੇਡਰ ਦੀਆਂ ਖਾਲੀ ਰਹੀਆਂ ਅਸਾਮੀਆਂ ਦੇ ਵਿਸ਼ਿਆਂ ਨੂੰ ਬਦਲਣ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਨੇਤਰਹੀਣ ਉਮੀਦਵਾਰਾਂ ਦੀ ਸਹੂਲਤ ਲਈ ਸਿੱਖਿਆ ਵਿਭਾਗ ਨੇ ਸਾਇੰਸ ਅਤੇ ਕਾਮਰਸ ਸਟਰੀਮ ਵਿਸ਼ਿਆਂ ਅਤੇ ਸਰੀਰਕ ਸਿੱਖਿਆ ਵਿਸ਼ਿਆਂ ਲਈ ਯੋਗ ਉਮੀਦਵਾਰ ਨਾ ਮਿਲਣ ਕਾਰਨ ਖਾਲੀ ਪਈਆਂ ਅਸਾਮੀਆਂ ਦੇ ਬਦਲੇ ਆਰਟਸ ਸਟਰੀਮ ਦੇ ਵਿਸ਼ਿਆਂ ਦੀਆਂ ਅਸਾਮੀਆਂ ਵਿੱਚ ਉਹੀ ਕੋਟਾ ਦੇਣ ਦਾ ਫੈਸਲਾ ਕੀਤਾ ਹੈ।

ਹੋਰ ਜਾਣਕਾਰੀ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੁਝ ਵਿਸ਼ੇ ਅਜਿਹੇ ਸਨ ਜਿਨ੍ਹਾਂ ਵਿੱਚ ਮਾਸਟਰ ਕਾਡਰ ਦੀਆਂ ਅਸਾਮੀਆਂ ਜ਼ਿਆਦਾਤਰ ਮੌਕੇ ਖਾਲੀ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਵਿਸ਼ਿਆਂ ਵਿੱਚ ਸਾਇੰਸ, ਗਣਿਤ, ਰਸਾਇਣ ਵਿਗਿਆਨ, ਜੀਵ ਵਿਗਿਆਨ, ਕਾਮਰਸ, ਸਰੀਰਕ ਸਿੱਖਿਆ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਸਰਕਾਰ ਵੱਲੋਂ ਇਨ੍ਹਾਂ ਵਿਸ਼ਿਆਂ ਦੀਆਂ ਨੇਤਰਹੀਣ ਸ਼੍ਰੇਣੀਆਂ ਦੀਆਂ ਖਾਲੀ ਅਸਾਮੀਆਂ ਨੂੰ ਪੰਜਾਬੀ, ਹਿੰਦੀ, ਸੰਗੀਤ, ਇਤਿਹਾਸ, ਰਾਜਨੀਤੀ ਸ਼ਾਸਤਰ ਅਤੇ ਸਮਾਜ ਸ਼ਾਸਤਰ ਦੇ ਵਿਸ਼ਿਆਂ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਸਬੰਧ ਵਿੱਚ ਲਗਾਤਾਰ ਠੋਸ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਨੇਤਰਹੀਣ ਕੋਟੇ ਦੀਆਂ ਅਸਾਮੀਆਂ ਨੂੰ ਆਰਟਸ ਸਟਰੀਮ ਵਿਸ਼ਿਆਂ ਵਿੱਚ ਬਦਲਣ ਦੇ ਫੈਸਲੇ ਨਾਲ ਇਨ੍ਹਾਂ ਸ਼੍ਰੇਣੀਆਂ ਦੇ ਉਮੀਦਵਾਰਾਂ ਨੂੰ ਮਾਸਟਰ ਕਾਡਰ ਦੀਆਂ ਅਸਾਮੀਆਂ ਦੀ ਭਰਤੀ ਵਿੱਚ ਵਧੇਰੇ ਨੌਕਰੀਆਂ ਦਾ ਮੌਕਾ ਮਿਲੇਗਾ ਜੋ ਪਹਿਲਾ ਯੋਗ ਉਮੀਦਵਾਰ ਨਾ ਹੋਣ ਕਾਰਨ ਅਜਾਈਂ ਨਿਕਲ ਜਾਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਸਿੱਖਿਆ ਵਿਭਾਗ ਵੀ ਬਿਨਾਂ ਕਿਸੇ ਰੁਕਾਵਟ ਤੋਂ ਇਨ੍ਹਾਂ ਸ਼੍ਰੇਣੀਆਂ ਲਈ ਰਾਖਵੀਂਆਂ ਅਸਾਮੀਆਂ ਭਰ ਸਕੇਗਾ।

 

Related Articles

Leave a Reply

Your email address will not be published. Required fields are marked *

Back to top button
error: Sorry Content is protected !!