
LED BY CM, CABINET GIVES NOD TO AMEND THE PUNJAB RIGHT OF CHILDREN TO FREE AND COMPULSORY EDUCATION RULES, 2011
ਚੰਡੀਗੜ੍ਹ, 21 ਮਾਰਚ:
ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਪ੍ਰਬੰਧਾਂ ਵਿੱਚ ਮਾਪਿਆਂ ਦੀ ਭਾਈਵਾਲੀ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ‘ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸੋਧ ਦਾ ਮਨੋਰਥ ਸਕੂਲ ਪ੍ਰਬੰਧਕੀ ਕਮੇਟੀਆਂ ਵਿੱਚ ਮਾਪਿਆਂ ਦੇ ਨਾਲ-ਨਾਲ ਭਾਈਚਾਰਕ ਭਾਈਵਾਲੀ ਨੂੰ ਵਧਾਉਣਾ ਹੈ ਤਾਂ ਕਿ ਸੂਬਾ ਭਰ ਦੇ ਸਰਕਾਰੀ ਸਕੂਲਾਂ ਵਿੱਚ ਵਿਆਪਕ ਪੱਧਰ ਉਤੇ ਅਕਾਦਮਿਕ ਵਿਕਾਸ ਕੀਤਾ ਜਾ ਸਕੇ। ਇਸ ਸੋਧ ਨਾਲ ਸਰਕਾਰੀ ਸਕੂਲਾਂ ਦੀਆਂ ਸਕੂਲ ਪ੍ਰਬੰਧਕੀ ਕਮੇਟੀਆਂ ਵਿੱਚ ਮੈਂਬਰਾਂ ਦੀ ਗਿਣਤੀ ਮੌਜੂਦਾ 12 ਤੋਂ ਵਧ ਕੇ 16 ਹੋ ਜਾਵੇਗੀ ਜਿਨ੍ਹਾਂ ਵਿੱਚ 12 ਮੈਂਬਰ ਵਿਦਿਆਰਥੀਆਂ ਦੇ ਮਾਪਿਆਂ ਤੋਂ ਹੋਣਗੇ ਜਦਕਿ ਬਾਕੀ ਚਾਰ ਮੈਂਬਰ ਸਿੱਖਿਆ, ਖੇਡ ਅਤੇ ਸਹਾਇਕ ਖੇਤਰਾਂ ਤੋਂ ਹੋਣਗੇ। ਇਸ ਨਾਲ ਵਿਸ਼ਾ ਅਧਾਰਿਤ ਗਤੀਵਿਧੀਆਂ ਵਿੱਚ ਮਾਪਿਆਂ ਅਤੇ ਵੱਖ-ਵੱਖ ਖੇਤਰਾਂ ਦੀਆਂ ਸ਼ਖਸੀਅਤਾਂ ਦੀ ਭਾਈਵਾਲੀ ਵਧੇਗੀ ਅਤੇ ਖਾਸ ਮੁਹਾਰਤ ਹਾਸਲ ਹੋਵੇਗੀ।
ਟਰਾਂਸਫਰ ਆਫ ਪ੍ਰੀਜ਼ਨ ਐਕਟ-1950 ’ਚ ਸੋਧ ਕਰਨ ਦੀ ਮਨਜ਼ੂਰੀ
ਇਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਮੰਤਰੀ ਮੰਡਲ ਨੇ ਮੁਕੱਦਮਾ ਅਧੀਨ ਕੈਦੀਆਂ ਨੂੰ ਇਕ ਸੂਬੇ ਤੋਂ ਦੂਜੇ ਸੂਬੇ ਵਿੱਚ ਤਬਦੀਲ ਕਰਨ ਲਈ ਟਰਾਂਸਫਰ ਆਫ ਪ੍ਰੀਜ਼ਨ ਐਕਟ-1950 ਵਿੱਚ ਸੋਧ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰਕਿਰਿਆ ਦੋਵਾਂ ਸੂਬਿਆਂ ਦੀ ਸਹਿਮਤੀ ਨਾਲ ਕੀਤੀ ਜਾਵੇਗੀ, ਜਿੱਥੇ ਮੁਕੱਦਮਾ ਅਧੀਨ ਕੈਦੀ ਇਸ ਸਮੇਂ ਬੰਦ ਹਨ ਅਤੇ ਟ੍ਰਾਇਲ ਕੋਰਟ ਦੀ ਪ੍ਰਵਾਨਗੀ ਤੋਂ ਬਾਅਦ ਜਿਸ ਸੂਬੇ ਵਿੱਚ ਉਨ੍ਹਾਂ ਨੂੰ ਤਬਦੀਲ ਕੀਤਾ ਜਾਣਾ ਹੈ। ਇਹ ਕਦਮ ਪੰਜਾਬ ਦੀਆਂ ਜੇਲ੍ਹਾਂ ਵਿੱਚ ਭੀੜ-ਭੜੱਕੇ ਦੀ ਸਥਿਤੀ ਨੂੰ ਸੁਧਾਰਨ ਵਿੱਚ ਮਦਦਗਾਰ ਹੋਵੇਗਾ।
ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਗਰੁੱਪ-ਏ ਲਈ ਨਵੇਂ ਨਿਯਮ ਬਣਾਉਣ ਨੂੰ ਹਰੀ ਝੰਡੀ
ਮੰਤਰੀ ਮੰਡਲ ਨੇ ਵਡੇਰੇ ਜਨਤਕ ਹਿੱਤ ਵਿੱਚ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਗਰੁੱਪ-ਏ ਲਈ ਨਵੇਂ ਨਿਯਮ ਬਣਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ ਜਿਸ ਨਾਲ ਕਮਜ਼ੋਰ ਅਤੇ ਪਛੜੇ ਵਰਗਾਂ ਨੂੰ ਬਹੁਤ ਲਾਭ ਹੋਵੇਗਾ।
ਨਿਯੁਕਤੀਆਂ ਦੇ ਨਿਯਮਾਂ ਤੇ ਸ਼ਰਤਾਂ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਪੰਜਾਬ ਤੀਰਥ ਯਾਤਰਾ ਸਮਿਤੀ ਦੇ ਚੇਅਰਮੈਨ ਤੇ ਮੈਂਬਰਾਂ ਅਤੇ ਪੰਜਾਬ ਵਿਰਾਸਤ ਅਤੇ ਸੈਰ-ਸਪਾਟਾ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਦੀ ਨਿਯੁਕਤੀ ਲਈ ਨਿਯਮਾਂ ਤੇ ਸ਼ਰਤਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।