
ਲਾਲਜੀਤ ਸਿੰਘ ਭੁੱਲਰ ਨੇ ਯੂਨੀਅਨ ਦੀਆਂ ਜਾਇਜ਼ ਮੰਗਾਂ ਨੂੰ ਮੰਨਣ ਦਾ ਭਰੋਸਾ ਦਿੱਤਾ
ਚੰਡੀਗੜ੍ਹ, 15 ਮਈ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਅਤੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਮੁਲਾਜ਼ਮ ਵਰਗ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੂਲਰ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਕਰਨ ਮੌਕੇ ਇਹ ਪ੍ਰਗਟਾਵਾ ਕੀਤਾ।
ਮੀਟਿੰਗ ਦੌਰਾਨ ਮੁਲਾਜ਼ਮ ਯੂਨੀਅਨਾਂ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਕੈਬਨਿਟ ਮੰਤਰੀ ਨੇ ਯਕੀਨ ਦਿਵਾਇਆ ਕਿ ਸੂਬਾ ਸਰਕਾਰ ਹਮਦਰਦੀ ਪੂਰਬਕ ਸਮੁੱਚੀਆਂ ਮੰਗਾਂ ਬਾਰੇ ਵਿਚਾਰ ਕਰੇਗੀ। ਉਨ੍ਹਾਂ ਕਿਹਾ ਕਿ ਮੁਲਾਜ਼ਮ ਕਿਸੇ ਵੀ ਸੰਸਥਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਸਰਕਾਰ ਹਮੇਸ਼ਾ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਰਹੇਗੀ।
ਮੀਟਿੰਗ ਦੌਰਾਨ ਯੂਨੀਅਨਾਂ ਵੱਲੋਂ ਦਿੱਤੇ ਗਏ ਸੁਝਾਵਾਂ ਅਨੁਸਾਰ ਪਨਬੱਸ ਅਤੇ ਪੀ.ਆਰ.ਟੀ.ਸੀ. ਨੂੰ ਹੋਰ ਲਾਭ ਵਿੱਚ ਲਿਆਉਣ ਅਤੇ ਵਿਭਾਗੀ ਕੰਮਕਾਜ ਵਿੱਚ ਹੋਰ ਸੁਧਾਰ ਲਿਆਉਣ ਲਈ ਵਿਸਤ੍ਰਿਤ ਚਰਚਾ ਕੀਤੀ। ਕੈਬਨਿਟ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਸਬੰਧੀ ਤਕਨੀਕੀ ਪਹਿਲੂਆਂ ਦੀ ਜਾਂਚ ਕਰਕੇ ਜਲਦ ਰਿਪੋਰਟ ਪੇਸ਼ ਕੀਤੀ ਜਾਵੇ।
ਸ. ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਭਲਾਈ ਲਈ ਲਗਾਤਾਰ ਨਵੇਂ ਫੈਸਲੇ ਲੈ ਰਹੀ ਹੈ ਅਤੇ ਅਗਲੇ ਦਿਨਾਂ ਵਿੱਚ ਵੀ ਇਸੇ ਜ਼ਿੰਮੇਵਾਰੀ ਨਾਲ ਕੰਮ ਕੀਤਾ ਜਾਵੇਗਾ।