
*ਚੰਡੀਗੜ੍ਹ ਵਿੱਚ ਸਰਕਾਰ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ
ਕਿਸਾਨਾਂ ਤੱਕ ਭਾਰਤ ਸਰਕਾਰ ਦੀ ਪਹੁੰਚ ਦੇ ਹਿੱਸੇ ਵਜੋਂ, 14 ਫਰਵਰੀ, 2025 ਨੂੰ ਸ਼ਹਿਰ ਵਿੱਚ ਹੋਈ ਪਿਛਲੀ ਮੀਟਿੰਗ ਤੋਂ ਬਾਅਦ, ਸਰਕਾਰ ਨੇ ਅੱਜ ਚੰਡੀਗੜ੍ਹ ਵਿੱਚ ਕਿਸਾਨਾਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਸ਼ਿਵਰਾਜ ਸਿੰਘ ਚੌਹਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਕੇਂਦਰੀ ਖਪਤਕਾਰ ਮਾਮਲੇ ਅਤੇ ਖੁਰਾਕ ਅਤੇ ਜਨਤਕ ਵੰਡ ਮੰਤਰੀ, ਸ਼੍ਰੀ ਪ੍ਰਹਲਾਦ ਜੋਸ਼ੀ ਅਤੇ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਸ਼੍ਰੀ ਪੀਯੂਸ਼ ਗੋਇਲ,ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ,ਜਗਜੀਤ ਸਿੰਘ ਡੱਲੇਵਾਲ ਸਮੇਤ ਕਿਸਾਨ ਆਗੂ, ਸਕੱਤਰ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ, ਭਾਰਤ ਸਰਕਾਰ,ਸਕੱਤਰ, ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ, ਭਾਰਤ ਸਰਕਾਰ ਅਤੇ ਕੇਂਦਰ ਅਤੇ ਰਾਜ ਸਰਕਾਰਾਂ ਦੇ ਹੋਰ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਹਾਜ਼ਰ ਸਨ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਨਿਯਮਤ ਤੌਰ ‘ਤੇ ਲੋੜੀਂਦੀ ਨੀਤੀਗਤ ਦਖਲਅੰਦਾਜ਼ੀ ਕਰ ਰਹੀ ਹੈ।
ਕਿਸਾਨ ਆਗੂਆਂ ਨੇ ਸਰਕਾਰ ਅੱਗੇ ਆਪਣੀ ਮੰਗ ਦੁਹਰਾਈ ਅਤੇ ਸਰਕਾਰ ਨੇ ਉਨ੍ਹਾਂ ਦੇ ਹਵਾਲੇ ਨਾਲ ਸਬੰਧਤ ਰਿਪੋਰਟਾਂ ਅਤੇ ਅੰਕੜਿਆਂ ਦੀ ਮੰਗ ਕੀਤੀ ਹੈ, ਜਿਸ ਨੂੰ ਕਿਸਾਨ ਆਗੂਆਂ ਨੇ ਸਰਕਾਰ ਨੂੰ ਦੇਣ ਦੀ ਹਾਮੀ ਭਰੀ ਹੈ। ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਉਹ ਰਿਪੋਰਟਾਂ ਅਤੇ ਅੰਕੜਿਆਂ ਦਾ ਅਧਿਐਨ ਕਰੇਗੀ, ਜਿਸ ਦੇ ਆਧਾਰ ‘ਤੇ ਚਰਚਾ ਨੂੰ ਅੱਗੇ ਵਧਾਇਆ ਜਾਵੇਗਾ।
ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਐਲਾਨ ਕੀਤਾ ਕਿ ਸਰਕਾਰ ਅਤੇ ਕਿਸਾਨਾਂ ਦਰਮਿਆਨ ਗੱਲਬਾਤ ਸਕਾਰਾਤਮਕ ਪਹੁੰਚ ਅਤੇ ਸਦਭਾਵਨਾ ਨਾਲ ਜਾਰੀ ਰਹੇਗੀ ਅਤੇ ਕਿਸਾਨਾਂ ਨਾਲ ਅਗਲੀ ਮੀਟਿੰਗ 19 ਮਾਰਚ, 2025 ਨੂੰ ਉਸੇ ਸਥਾਨ, ਯਾਨੀ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ, ਪੰਜਾਬ ਵਿਖੇ ਹੋਵੇਗੀ।