
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਵਸਨੀਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਯੋਧੇ ਬਣਨ ਦੀ ਸਹੁੰ ਚੁਕਾਈ।
ਲੰਗੜੋਆ (ਐਸ.ਬੀ.ਐਸ. ਨਗਰ), 16 ਮਈ: ਆਮ ਆਦਮੀ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਨਿੱਖੜਵਾਂ ਅੰਗ ਬਣਾਉਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਵਸਨੀਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਯੋਧੇ ਬਣਨ ਦੀ ਸਹੁੰ ਚੁਕਾਈ।
ਇੱਥੇ ਇਕ ਸਮਾਗਮ ਵਿੱਚ ਮੁੱਖ ਮੰਤਰੀ ਨੇ ਸਹੁੰ ਚੁਕਾਉਂਦੇ ਹੋਏ ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੇ ਪੂਰਨ ਸਮਰਥਨ ਅਤੇ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ਦੇ ਚਿਹਰੇ `ਤੇ ਇਕ ਧੱਬਾ ਹੈ ਅਤੇ ਇਸ ਲਾਹਨਤ ਨੂੰ ਮਿਟਾਉਣ ਲਈ ਸੂਬਾ ਸਰਕਾਰ ਨੂੰ ਰਣਨੀਤੀ ਬਣਾਉਣ ਵਿੱਚ ਦੋ ਸਾਲਾਂ ਤੋਂ ਵੱਧ ਸਮਾਂ ਲੱਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ ਹੈ ਅਤੇ ਅਜਿਹੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ, ਨਸ਼ਾ ਪੀੜਤਾਂ ਦਾ ਮੁੜ-ਵਸੇਬਾ ਯਕੀਨੀ ਬਣਾਇਆ ਗਿਆ ਅਤੇ ਇੱਥੋਂ ਤੱਕ ਕਿ ਨਸ਼ਾ ਤਸਕਰਾਂ ਦੀ ਜਾਇਦਾਦ ਵੀ ਜ਼ਬਤ ਕਰ ਕੇ ਨਸ਼ਟ ਕੀਤੀ ਗਈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰੂਪ ਵਿੱਚ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸੂਬੇ ਨੂੰ ਸਾਫ਼-ਸੁਥਰਾ ਬਣਾਉਣਾ ਹੈ। ਉਨ੍ਹਾਂ ਨਸ਼ਿਆਂ ਵਿਰੁੱਧ ਇਸ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਇਸ ਪਿੰਡ ਨੇ ਪੁਲਿਸ ਨੂੰ ਪੂਰਾ ਸਹਿਯੋਗ ਦੇਣ ਤੋਂ ਬਾਅਦ ਆਪਣੇ ਆਪ ਨੂੰ ਨਸ਼ਾ ਮੁਕਤ ਐਲਾਨਿਆ ਹੈ, ਉਸੇ ਤਰ੍ਹਾਂ ਇਸ ਨੂੰ ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਦੁਹਰਾਇਆ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜੇ ਪੰਜਾਬੀਆਂ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦਾ ਦ੍ਰਿੜ੍ਹ ਇਰਾਦਾ ਕਰ ਲਿਆ ਹੈ ਤਾਂ ਸਾਨੂੰ ਇਸ ਨੇਕ ਕਾਰਜ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਹਰ ਇੰਚ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਸ਼ਹੀਦਾਂ ਦੀ ਚਰਨ ਛੋਹ ਪ੍ਰਾਪਤ ਹੈ, ਜਿਨ੍ਹਾਂ ਨੇ ਸਾਨੂੰ ਜੁਲਮ ਅਤੇ ਬੇਇਨਸਾਫ਼ੀ ਦਾ ਵਿਰੋਧ ਕਰਨ ਦਾ ਰਸਤਾ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਨਕਸ਼ੇ-ਕਦਮਾਂ `ਤੇ ਚੱਲਦਿਆਂ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਛੇੜੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਖ ਕੇ ਖ਼ੁਸ਼ੀ ਹੁੰਦੀ ਹੈ ਕਿ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਹਿੱਸਾ ਲੈ ਰਹੀਆਂ ਹਨ, ਜੋ ਚੰਗਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਜੇ ਔਰਤਾਂ ਕਿਸੇ ਵੀ ਖ਼ਤਰੇ ਨੂੰ ਖ਼ਤਮ ਕਰਨ ਲਈ ਇੰਨੀ ਵੱਡੀ ਪੱਧਰ `ਤੇ ਲਾਮਬੰਦ ਹੁੰਦੀਆਂ ਹਨ ਤਾਂ ਇਹ ਬਹੁਤ ਜਲਦੀ ਖ਼ਤਮ ਹੋ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬੇ ਦੀਆਂ ਔਰਤਾਂ ਦੀ ਸਰਗਰਮ ਭਾਗੀਦਾਰੀ ਨਾਲ ਸੂਬਾ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਵੇਗਾ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਰਾਹੀਂ ਲੜਕੀਆਂ ਨੂੰ ਵੱਧ ਅਖ਼ਤਿਆਰ ਦੇਣ ਲਈ ਠੋਸ ਯਤਨ ਕਰ ਰਹੀ ਹੈ। ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ 10,000 ਵਿਦਿਆਰਥਣਾਂ ਨੂੰ ਆਵਾਜਾਈ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਕੁੜੀਆਂ ਹਰ ਖੇਤਰ ਵਿੱਚ ਮੁੰਡਿਆਂ ਨਾਲੋਂ ਅੱਗੇ ਵਧ ਰਹੀਆਂ ਹਨ, ਜਿਨ੍ਹਾਂ ਵਿੱਚ ਉਹ ਖੇਤਰ ਵੀ ਸ਼ਾਮਲ ਹਨ, ਜਿਨ੍ਹਾਂ ਵਿੱਚ ਹੁਣ ਤੱਕ ਆਦਮੀਆਂ ਦੀ ਸਰਦਾਰੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਰਾਬਰੀ ਵਾਲਾ ਸਮਾਜ ਸਿਰਜਣ ਲਈ ਅਤੇ ਸਮਾਜ ਤੇ ਸੂਬੇ ਦੇ ਵਡੇਰੇ ਹਿੱਤ ਵਿੱਚ ਔਰਤਾਂ ਦਾ ਸਸ਼ਕਤੀਕਰਨ ਬਹੁਤ ਜ਼ਰੂਰੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਆਲਮੀ ਨਾਗਰਿਕ ਹਨ, ਜਿਨ੍ਹਾਂ ਨੇ ਦੁਨੀਆ ਦੇ ਹਰ ਕੋਨੇ ਵਿੱਚ ਆਪਣੇ ਲਈ ਵੱਖਰਾ ਮੁਕਾਮ ਬਣਾਇਆ ਹੈ। ਉਨ੍ਹਾਂ ਕਿਹਾ ਕਿ ਮੌਕਾ ਮਿਲਣ `ਤੇ ਮਿਹਨਤੀ ਅਤੇ ਊਰਜਾਵਾਨ ਪੰਜਾਬੀ ਹੁਣ ਹਰ ਖੇਤਰ ਵਿੱਚ ਸਫ਼ਲਤਾ ਹਾਸਲ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਸਰਗਰਮ ਸਮਰਥਨ ਅਤੇ ਸਹਿਯੋਗ ਨਾਲ ਸੂਬਾ ਸਰਕਾਰ ਰੰਗਲਾ ਪੰਜਾਬ ਬਣਾਉਣ `ਤੇ ਜ਼ੋਰ ਦੇ ਰਹੀ ਹੈ ਅਤੇ ਨਸ਼ਿਆਂ ਵਿਰੁੱਧ ਜੰਗ ਇਸ ਦਾ ਇਕ ਹਿੱਸਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਦੇ ਸਮੇਂ ਦੇ ਉਲਟ ਜਦੋਂ ਸੂਬੇ ਦੇ ਆਗੂ ਪੰਜਾਬ ਦੇ ਹਿੱਤਾਂ ਨੂੰ ਖ਼ਤਰੇ ਵਿੱਚ ਪਾਉਂਦੇ ਸਨ, ਅੱਜ ਸੂਬਾ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਅਤੇ ਖ਼ੁਸ਼ਹਾਲੀ `ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਆਗੂ ਲੋਕਾਂ ਨੂੰ ਮਿਲਣ ਤੋਂ ਡਰਦੇ ਸਨ, ਜਦੋਂ ਕਿ ਅੱਜ ਸੂਬਾ ਸਰਕਾਰ ਲੋਕਾਂ ਨਾਲ ਗੱਲਬਾਤ ਕਰ ਰਹੀ ਹੈ ਅਤੇ ਉਨ੍ਹਾਂ ਤੋਂ ਪ੍ਰਤੀਕਰਮ ਲੈ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਕੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਇਕ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ, ਬੀ.ਬੀ.ਐਮ.ਬੀ. ਅਤੇ ਹਰਿਆਣਾ ਸਰਕਾਰ ਦੀ ਸੂਬੇ ਦੇ ਪਾਣੀਆਂ ਦੀ ਚੋਰੀ ਕਰਨ ਦੀ ਕੋਸ਼ਿਸ਼ ਦਾ ਸਖ਼ਤ ਵਿਰੋਧ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਵਾਲੇ ਆਗੂ ਆਪਣੇ ਨਿੱਜੀ ਹਿੱਤਾਂ ਲਈ ਪਾਣੀ ਦੀ ਚੋਰੀ ਹੋਣ ਦਿੰਦੇ ਸਨ ਪਰ ਸੂਬੇ ਦੇ ਪਾਣੀਆਂ ਦੇ ਰਖਵਾਲੇ ਹੋਣ ਦੇ ਨਾਤੇ ਉਹ ਅਜਿਹਾ ਕਦੇ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਆਪਣੀ ਨਹਿਰੀ ਪਾਣੀ ਪ੍ਰਣਾਲੀ ਨੂੰ ਅਪਗ੍ਰੇਡ ਕੀਤਾ ਹੈ, ਇਸ ਲਈ ਹੁਣ ਆਉਣ ਵਾਲੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਸੂਬੇ ਦੇ ਕਿਸਾਨਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਪਾਣੀ ਦੀ ਲੋੜ ਹੈ। ਉਨ੍ਹਾਂ ਸਪੱਸ਼ਟ ਤੌਰ `ਤੇ ਕਿਹਾ ਕਿ ਪੰਜਾਬ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਇਕ ਵੀ ਬੂੰਦ ਪਾਣੀ ਵਾਧੂ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਸੁਰਜੀਤ ਕਰਨ ਲਈ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਵਿੱਚ ਭੇਜਣਾ ਆਮ ਆਦਮੀ ਦੀ ਮਜਬੂਰੀ ਸੀ ਪਰ ਹੁਣ ਸਿੱਖਿਆ ਪ੍ਰਣਾਲੀ ਨੂੰ ਨਵਾਂ ਰੂਪ ਦੇਣ ਕਾਰਨ ਲੋਕ ਆਪਣੀ ਇੱਛਾ ਅਨੁਸਾਰ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਭੇਜ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਖ਼ਾਸ ਕਰ ਕੇ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਵੱਖ-ਵੱਖ ਮੁਕਾਬਲਿਆਂ ਲਈ ਤਿਆਰੀ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਵਿਦਿਆਰਥੀ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਧਿਆਨ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਉਣ `ਤੇ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ 54000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ `ਤੇ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨਾਂ ਨੂੰ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਰਿਹਾ ਹੈ।