Punjab
*16 ਕਿਸਾਨ ਜਥੇਬੰਦੀਆਂ ਦਾ ਸੰਯੁਕਤ ਸਮਾਜ ਮੋਰਚੇ ਨਾਲੋਂ ਵੱਖ ਹੋਣ ਦਾ ਅਹਿਮ ਐਲਾਨ*
*ਸੰਯੁਕਤ ਕਿਸਾਨ ਮੋਰਚੇ ਦੀ ਏਕਤਾ ਲਈ ਯਤਨ ਕਰਨ ਲਈ ਬਣਾਈ ਗਈ 5 ਮੈਂਬਰੀ ਕਮੇਟੀ*
ਚੰਡੀਗੜ੍ਹ, ਲੁਧਿਆਣਾ ( )
ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਵਿੱਚੋਂ 16 ਕਿਸਾਨ ਜੱਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਕਿਸਾਨ ਆਗੂ ਮਨਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਏਕਤਾ ਦੇ ਮੱਦੇਨਜ਼ਰ ਦੂਸਰੇ ਸੂਬਿਆਂ ਦੀਆਂ ਕਿਸਾਨ ਜੱਥੇਬੰਦੀਆਂ ਨਾਲ ਤਾਲਮੇਲ ਬਿਠਾਉਣ ਲਈ ਅਤੇ ਏਕਤਾ ਵਿੱਚ ਅੜਿੱਕਾ ਬਣ ਰਹੇ ਸਵਾਲਾਂ ਨੂੰ ਹੱਲ ਕਰਨ ਲਈ ਜਗਮੋਹਨ ਸਿੰਘ ਪਟਿਆਲਾ, ਸਤਨਾਮ ਸਿੰਘ ਬਹਿਰੂ, ਮਨਜੀਤ ਸਿੰਘ ਰਾਏ, ਬਲਦੇਵ ਸਿੰਘ ਨਿਹਾਲਗੜ ਅਤੇ ਰਾਮਿੰਦਰ ਸਿੰਘ ਪਟਿਆਲਾ ’ਤੇ ਅਧਾਰਿਤ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਐਮਐਸਪੀ ਸਮੇਤ ਹੋਰ ਕਿਸਾਨ ਮੰਗਾਂ ਨੂੰ ਲੈ ਕੇ 11 ਤੋਂ 17 ਅਪ੍ਰੈਲ ਤੱਕ ਮਨਾਏ ਜਾ ਰਹੇ ਪ੍ਰਚਾਰ ਹਫਤੇ ਨੂੰ ਲਾਗੂ ਕਰਨ ਦਾ ਫੈਸਲਾ ਵੀ ਕੀਤਾ ਗਿਆ।
ਮੀਟਿੰਗ ਵਿੱਚ 9 ਕਿਸਾਨ ਜਥੇਬੰਦੀਆਂ ਦੀ ਅਪੀਲ ਉੱਪਰ ਹੁੰਗਾਰਾ ਭਰਦੇ ਹੋਏ ਦੇਸ਼ ਦੀ ਕਿਸਾਨ ਲਹਿਰ ਨੂੰ ਦਰਪੇਸ਼ ਚੁਣੌਤੀਆਂ ਅਤੇ ਉਨਾਂ ਦੇ ਟਾਕਰੇ ਲਈ ਮਜ਼ਬੂਤ ਜਨਤਕ ਲਹਿਰ ਦੀ ਲੋੜ ਨੂੰ ਮਹਿਸੂਸ ਕਰਦਿਆਂ 16 ਕਿਸਾਨ ਜੱਥੇਬੰਦੀਆਂ ਨੇ ਸਰਬਸੰਮਤੀ ਨਾਲ ਮਤਾ ਪਾ ਕੇ ਫੈਸਲਾ ਕਰਦੇ ਹੋਏ ਸੰਯੁਕਤ ਸਮਾਜ ਮੋਰਚੇ ਨਾਲੋਂ ਵੱਖ ਹੋਣ ਦਾ ਐਲਾਨ ਕਰਦਿਆਂ ਆਪਣੇ-ਆਪ ਨੂੰ ਜਨਤਕ ਕਿਸਾਨ ਜੱਥੇਬੰਦੀ ਵਜੋਂ ਵਿਚਰਨ ਦਾ ਪ੍ਰਣ ਦੁਹਰਾਉਦੇ ਹੋਏ ਸੰਯੁਕਤ ਕਿਸਾਨ ਮੋਰਚੇ ਅਤੇ ਕਿਸਾਨੀ ਸੰਘਰਸ਼ ਨੂੰ ਮਜ਼ਬੂਤ ਕਰਨ ਲਈ ਜ਼ੋਰਦਾਰ ਉਪਰਾਲੇ ਕਰਨ ਦਾ ਐਲਾਨ ਕੀਤਾ ਹੈ।
ਮੀਟਿੰਗ ਵਿੱਚ ਖੇਤੀ ਮੋਟਰਾਂ ਦੇ ਨਾਲ-ਨਾਲ ਆਮ ਤੌਰ ’ਤੇ ਬਿਜਲੀ ਕੱਟਾਂ ਕਾਰਨ ਬਿਜਲੀ ਸਪਲਾਈ ਦੀ ਹੋ ਰਹੀ ਮਾੜੀ ਹਾਲਤ ਉੱਪਰ ਪੰਜਾਬ ਸਰਕਾਰ ਨੂੰ ਇਸ ਪਾਸੇ ਤੁਰੰਤ ਧਿਆਨ ਦੇ ਕੇ ਖੇਤੀ ਮੋਟਰਾਂ ਨੂੰ ਛੇ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ ਗਈ।
ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਣਕ ਦੇ ਮਹਿੰਗੇ ਹੋਣ ਕਾਰਨ ਕਿਸਾਨਾਂ ਨੂੰ ਕਣਕ ਦੀ ਵਾਜਬ ਕੀਮਤ ਮਿਲੇ, ਇਸ ਵਾਸਤੇ ਕਿਸਾਨ ਜੱਥੇਬੰਦੀਆਂ ਨੇ ਕਣਕ ਦੀ ਐਮ.ਐਸ.ਪੀ. ਉੱਪਰ 1000 ਰੁਪਏ ਬੋਨਸ ਦੇਣ ਦੀ ਮੰਗ ਕਰਨ ਦੇ ਨਾਲ-ਨਾਲ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਰਾਹੀਂ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਸਰਕਾਰ ਵਧ ਰਹੀ ਮਹਿੰਗਾਈ ਦੇ ਮੱਦੇਨਜ਼ਰ ਜਨਤਕ ਵੰਡ ਪ੍ਰਣਾਲੀ ਰਾਹੀਂ ਗਰੀਬਾਂ ਅਤੇ ਲੋੜਵੰਦਾਂ ਨੂੰ ਸਸਤਾ ਅਨਾਜ ਮੁਹੱਈਆ ਕਰਵਾ ਸਕੇ।
ਮੀਟਿੰਗ ਵਿੱਚ ਪ੍ਰੀ-ਪੇਡ ਮੀਟਰ ਲਗਾਉਣ ਦੇ ਸਰਕਾਰ ਦੇ ਫੈਸਲੇ ਦੀ ਨਿਖੇਧੀ ਕਰਦਿਆਂ ਇਨਾਂ ਮੀਟਰਾਂ ਵਿਰੁੱਧ ਪਿੰਡ ਪੱਧਰ ’ਤੇ ਲਾਮਬੰਦੀ ਕਰਦੇ ਹੋਏ ਇਨਾਂ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਗਿਆ।
ਅੱਜ ਦੀ ਮੀਟਿੰਗ ਵਿੱਚ ਬੀ.ਕੇ.ਯੂ. (ਕਾਦੀਆਂ) ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਬੀ.ਕੇ.ਯੂ. (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਕਿਰਤੀ ਕਿਸਾਨ ਯੂਨੀਅਨ ਦੇ ਨਿਰਭੈ ਸਿੰਘ ਢੁੱਡੀਕੇ, ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਸਤਨਾਮ ਸਿੰਘ ਬਹਿਰੂ, ਜਮਹੂਰੀ ਕਿਸਾਨ ਸਭਾ ਦੇ ਸਤਨਾਮ ਸਿੰਘ ਅਜਨਾਲਾ, ਪੰਜਾਬ ਕਿਸਾਨ ਯੂਨੀਅਨ ਦੇ ਰੁਲਦੂ ਸਿੰਘ ਮਾਨਸਾ, ਕੁੱਲ ਹਿੰਦ ਕਿਸਾਨ ਸਭਾ ਦੇ ਬਲਦੇਵ ਸਿੰਘ ਨਿਹਾਲਗੜ, ਬੀ.ਕੇ.ਯੂ. (ਪੰਜਾਬ) ਦੇ ਫੁਰਮਾਨ ਸਿੰਘ ਸੰਧੂ, ਬੀ.ਕੇ.ਯੂ. (ਦੋਆਬਾ) ਦੇ ਸਤਨਾਮ ਸਿੰਘ ਸਾਹਨੀ, ਕਿਰਨਜੀਤ ਸਿੰਘ ਸੇਖੋਂ, ਦਵਿੰਦਰ ਸਿੰਘ, ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਰਾਜੂ ਔਲਖ, ਬੂਟਾ ਸਿੰਘ ਸ਼ਾਦੀਪੁਰ, ਮੁਕੇਸ਼ ਚੰਦਰ, ਕਿਸਾਨ ਬਚਾਓ ਮੋਰਚਾ ਦੇ ਕਿਰਪਾ ਸਿੰਘ ਸਮੇਤ ਜਗਮੋਹਨ ਸਿੰਘ, ਰਾਮਿੰਦਰ ਸਿੰਘ ਪਟਿਆਲਾ ਆਦਿ ਸ਼ਾਮਲ ਸਨ।
ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦੇ ਹੋਏ ਮਨਜੀਤ ਸਿੰਘ ਰਾਏ ਨੇ ਕਿਹਾ ਕਿ 9 ਕਿਸਾਨ ਜੱਥੇਬੰਦੀਆਂ ਪਹਿਲਾਂ ਹੀ ਵੱਖ ਵੱਖ ਵੱਖ ਸਮੇਂ ਤੇ ਸੰਯੁਕਤ ਸਮਾਜ ਮੋਰਚੇ ਨਾਲੋਂ ਦੂਰੀ ਬਣਾ ਚੁੱਕੀਆਂ ਸਨ, ਅੱਜ 7 ਹੋਰ ਕਿਸਾਨ ਜੱਥੇਬੰਦੀਆਂ ਨੇ ਸੰਯੁਕਤ ਸਮਾਜ ਮੋਰਚੇ ਨਾਲੋਂ ਦੂਰੀ ਬਣਾਉਦੇ ਹੋਏ ਸੰਯੁਕਤ ਕਿਸਾਨ ਮੋਰਚੇ ਨੂੰ ਮਜਬੂਤ ਕਰਨ ਦਾ ਫੈਸਲਾ ਕੀਤਾ ਹੈ।
ਉਨਾਂ ਬਾਕੀ ਕਿਸਾਨ ਆਗੂਆਂ ਨੂੰ ਵੀ ਸਿਆਸੀ ਤੌਰ ’ਤੇ ਸੰਯੁਕਤ ਸਮਾਜ ਮੋਰਚੇ ਵਜੋਂ ਸਰਗਰਮ ਰਹਿਣ ਦੇ ਆਪਣੇ ਫੈਸਲੇ ਨੂੰ ਮੁੜ-ਵਿਚਾਰਨ ਦੀ ਅਪੀਲ ਕੀਤੀ ਹੈ।