ਜ਼ਿਲ੍ਹਾ ਪੱਧਰ ਤੇ 6 ਕਮੇਟੀਆਂ ਦਾ ਕੀਤਾ ਗਠਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ
ਚੋਣ ਅਮਲਾ, ਲੋੜੀਂਦੇ ਸਮਾਨ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਬਠਿੰਡਾ, 7 ਜਨਵਰੀ : ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੀਆਂ ਹਦਾਇਤਾਂ ਅਨੁਸਾਰ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਪਾਲ ਸਿੰਘ ਬਾਜਵਾ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਆਗਾਮੀ ਵਿਧਾਨ ਸਭਾ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਥਾਪਤ ਕੀਤੀਆਂ ਕਮੇਟੀਆਂ/ਸੈੱਲਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਬੈਠਕ ਦੀ ਪ੍ਰਧਾਨਗੀ ਕਰਦਿਆਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰ ਤੇ 6 ਵੱਖ-ਵੱਖ ਕਮੇਟੀਆਂ (ਮੀਡੀਆ ਸਰਟੀਫ਼ਿਕੇਸ਼ਨ ਤੇ ਮੋਨੀਟਰਿੰਗ ਕਮੇਟੀ, ਜ਼ਿਲ੍ਹਾ ਮੋਨੀਟਰਿੰਗ ਕਮੇਟੀ ਆਨ ਅਸੈਸਏਬਲ ਇਲੈਕਸ਼ਨ, ਐਕਸਪੈਂਡੀਚਰ ਸੈੱਲ, ਪੋਸਟਲ ਬੈਲਟ ਸੈੱਲ, ਸ਼ਿਕਾਇਤ ਸੈੱਲ ਅਤੇ ਚੋਣ ਮਟੀਰੀਅਲ ਸੈੱਲ) ਦਾ ਗਠਨ ਕੀਤਾ ਗਿਆ ਹੈ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਪਾਲ ਸਿੰਘ ਬਾਜਵਾ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਗਠਤ ਕੀਤੀਆਂ ਕਮੇਟੀਆਂ ਚ ਚੋਣ ਅਮਲੇ ਤੋਂ ਇਲਾਵਾ ਸਾਰੇ ਪ੍ਰਬੰਧ ਜਲਦ ਤੋਂ ਜਲਦ ਮੁਕੰਮਲ ਕਰ ਲਏ ਜਾਣ ਤਾਂ ਜੋ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਬਾਜਵਾ ਨੇ ਇਹ ਵੀ ਖ਼ਾਸ ਹਦਾਇਤ ਕੀਤੀ ਕਿ 24 ਘੰਟੇ ਚੱਲਣ ਵਾਲੇ ਸ਼ਿਕਾਇਤ ਸੈੱਲ ਵਿਚ ਇੱਕ ਵਾਧੂ ਟੀਮ ਦਾ ਵੀ ਗਠਨ ਕੀਤਾ ਜਾਵੇ ਤਾਂ ਜੋ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਕੋਵਿਡ-19 ਸਬੰਧੀ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀਮਤੀ ਨੀਰੂ ਗਰਗ, ਜ਼ਿਲ੍ਹਾ ਉਦਯੋਗ ਮੈਨੇਜ਼ਰ ਸ਼੍ਰੀ ਪ੍ਰੀਤ ਮਹਿੰਦਰ ਸਿੰਘ ਬਰਾੜ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਨਵੀਨ ਗਡਵਾਲ, ਜ਼ਿਲ੍ਹਾ ਟ੍ਰੇਨਿੰਗ ਕੁਆਰਡੀਨੇਟਰ ਸ. ਗੁਰਦੀਪ ਸਿੰਘ ਮਾਨ ਤੋਂ ਇਲਾਵਾ ਐਕਸਪੈਂਡੀਚਰ ਟੀਮ ਦੇ ਨੁਮਾਇੰਦੇ ਆਦਿ ਹਾਜ਼ਰ ਸਨ।