• ਨੌਵੇਂ ਪਾਤਸ਼ਾਹ ਦੀ ਲਾਸਾਨੀ ਸ਼ਹਾਦਤ ਭਾਰਤ ਦੇ ਬਹੁਲਵਾਦੀ ਸਿਧਾਂਤਾਂ ਦੀ ਨੀਂਹ: ਅਮਨ ਅਰੋੜਾ
ਚੰਡੀਗੜ੍ਹ/ਲਖਨਊ, 1 ਨਵੰਬਰ:
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਦੇਸ਼ ਭਰ ਦੇ ਆਗੂਆਂ ਨੂੰ ਸੱਦਾ ਦੇਣ ਸਬੰਧੀ ਪੰਜਾਬ ਸਰਕਾਰ ਦੀ ਪਹਿਲਕਦਮੀ ਦੇ ਹਿੱਸੇ ਵਜੋਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲਖਨਊ ਵਿਖੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਯੋਗੀ ਆਦਿੱਤਿਆਨਾਥ ਨਾਲ ਮੁਲਾਕਾਤ ਕੀਤੀ।
ਇਸ ਮੀਟਿੰਗ ਦਾ ਮੁੱਖ ਉਦੇਸ਼ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਰੋਹਾਂ ਵਿੱਚ ਸ਼ਾਮਲ ਹੋਣ ਲਈ ਯੂ.ਪੀ. ਦੇ ਮੁੱਖ ਮੰਤਰੀ ਨੂੰ ਰਸਮੀ ਤੌਰ ‘ਤੇ ਸੱਦਾ ਦੇਣਾ ਸੀ।
ਇਸ ਮੀਟਿੰਗ ਦੌਰਾਨ ਮੰਤਰੀਆਂ ਨੇ ਸਾਰੇ ਭਾਰਤੀਆਂ ਦੀ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਦਿੱਲੀ ਵਿੱਚ ਸ਼ਹੀਦੀ ਦੇਣ ਵਾਲੇ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਦੀ ਇਤਿਹਾਸਕ ਅਤੇ ਅਧਿਆਤਮਿਕ ਮਹੱਤਤਾ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਇਹ ਸਮਾਗਮ ਨਾ ਸਿਰਫ਼ ਪੰਜਾਬ ਲਈ ਸਗੋਂ ਸਮੁੱਚੇ ਦੇਸ਼ ਤੇ ਮਾਨਵਤਾ ਲਈ ਹਨ, ਜੋ ਕੁਰਬਾਨੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਦੇ ਪ੍ਰਤੀਕ ਵਜੋਂ ਬਹੁਤ ਮਹੱਤਵ ਰੱਖਦੇ ਹਨ।
ਅਮਨ ਅਰੋੜਾ ਨੇ ਕਿਹਾ, “ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਭਾਰਤ ਦੇ ਬਹੁਲਵਾਦੀ ਸਮਾਜ ਦੇ ਸਿਧਾਂਤਾਂ ਦੀ ਨੀਂਹ ਹੈ। ਉਸ ਸਮੇਂ ਰਾਜਧਾਨੀ ਵਿੱਚ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੇ ਉਨ੍ਹਾਂ ਦੀ ਵਿਰਾਸਤ ਨੂੰ ਹਮੇਸ਼ਾ ਲਈ ਭਾਰਤ ਦੀ ਰੂਹ ਵਿੱਚ ਸਮੋਇਆ ਹੈ। ਇਹਨਾਂ ਸਮਾਗਮਾਂ ਵਿੱਚ ਯੂ.ਪੀ. ਦੇ ਮੁੱਖ ਮੰਤਰੀ ਦੀ ਸ਼ਮੂਲੀਅਤ ਰਾਸ਼ਟਰੀ ਏਕਤਾ ਦੇ ਸ਼ਕਤੀਸ਼ਾਲੀ ਪ੍ਰਮਾਣ ਵਜੋਂ ਕੰਮ ਕਰੇਗੀ ਅਤੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵੱਲੋਂ ਜ਼ੁਲਮ ਦਾ ਡੱਟ ਕੇ ਮੁਕਾਬਲਾ ਕਰਨ ਅਤੇ ਸਾਰੇ ਭਾਈਚਾਰਿਆਂ ਦੇ ਅਧਿਕਾਰਾਂ ਦੀ ਰਾਖੀ ਦੇ ਸਿਧਾਂਤ ਪ੍ਰਤੀ ਸੱਚੀ ਸ਼ਰਧਾਂਜਲੀ ਹੋਵੇਗੀ।”
ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਹ ਇਤਿਹਾਸਕ ਦਿਹਾੜਾ ਪੰਜਾਬ ਅਤੇ ਉੱਤਰ ਪ੍ਰਦੇਸ਼ ਦਰਮਿਆਨ ਸੱਭਿਆਚਾਰਕ ਅਤੇ ਅਧਿਆਤਮਿਕ ਸਬੰਧਾਂ ਨੂੰ ਮਜ਼ਬੂਤ ਕਰਨ ਦਾ ਜ਼ਰੀਆਂ ਬਣੇਗਾ। ਪੰਜਾਬ ਸਰਕਾਰ ਸੂਬੇ ਦੀ ਅਮੀਰ ਵਿਰਾਸਤ ਅਤੇ ‘ਸਰਬੱਤ ਦੇ ਭਲੇ’ ਦੇ ਸੰਕਲਪ ਨਾਲ ਸਬੰਧਤ ਪਰੰਪਰਾਵਾਂ ਨੂੰ ਉਜਾਗਰ ਕਰਨ ਵਾਲੇ ਇਸ ਇਤਿਹਾਸਕ ਮੌਕੇ ਲਈ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦਾ ਪੰਜਾਬ ਵਿੱਚ ਸਵਾਗਤ ਕਰਨ ਲਈ ਤਿਆਰ ਹੈ।
ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਨਿਮਰਤਾ ਨਾਲ ਸੱਦਾ ਸਵੀਕਾਰ ਕਰਦਿਆਂ ਪੰਜਾਬ ਸਰਕਾਰ ਦੇ ਇਸ ਨੇਕ ਕਾਰਜ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਬੇਮਿਸਾਲ ਤੇ ਲਾਸਾਨੀ ਵਿਰਾਸਤ ਨੂੰ ਨਮਨ ਕੀਤਾ।
————-
