
ਸ਼ਾਨਦਾਰ ਸੇਵਾਵਾਂ ਲਈ ਜਵਾਨਾਂ ਦਾ ਸਨਮਾਨ
ਚੰਡੀਗੜ੍ਹ, 25 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੰਘੀ 23 ਜੁਲਾਈ ਨੂੰ ਸਰਹਿੰਦ ਨਹਿਰ ਵਿੱਚ ਕਾਰ ਡਿੱਗਣ ਨਾਲ ਹਾਦਸੇ ਦਾ ਸ਼ਿਕਾਰ ਹੋਏ 11 ਲੋਕਾਂ ਨੂੰ ਸਹੀ ਸਲਾਮਤ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਨੂੰ ਸਨਮਾਨਿਤ ਕੀਤਾ।
ਮੁੱਖ ਮੰਤਰੀ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਪੀ.ਸੀ.ਆਰ. ਟੀਮ ਦਾ ਸ਼ਾਨਦਾਰ ਸੇਵਾਵਾਂ ਲਈ ਸਨਮਾਨ ਕੀਤਾ ਜਿਨ੍ਹਾਂ ਵਿੱਚ ਦੋ ਏ.ਐਸ.ਆਈ. ਰਜਿੰਦਰ ਸਿੰਘ ਤੇ ਨਰਿੰਦਰ ਸਿੰਘ ਤੋਂ ਇਲਾਵਾ ਕਾਂਸਟੇਬਲ ਜਸਵੰਤ ਸਿੰਘ ਅਤੇ ਹਰਪਾਲ ਕੌਰ ਸ਼ਾਮਲ ਸਨ। ਇਸ ਮੌਕੇ ਪੁਲਿਸ ਮੁਲਾਜ਼ਮਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੀ ਬਹਾਦਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਨੇ ਸਮਰਪਿਤ ਭਾਵਨਾ ਤੇ ਦ੍ਰਿੜ੍ਹ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਕੇ ਪੰਜਾਬ ਪੁਲਿਸ ਦੀ ਗੌਰਵਮਈ ਵਿਰਾਸਤ ਨੂੰ ਕਾਇਮ ਰੱਖਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਕਿਉਂਕਿ ਹਾਦਸੇ ਦੀ ਇਤਲਾਹ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਜਵਾਨਾਂ ਨੇ ਹਰਕਤ ਵਿੱਚ ਆਉਂਦਿਆਂ ਪੰਜ ਬੱਚਿਆਂ ਸਮੇਤ 11 ਪੀੜਤਾਂ ਦੀ ਜਾਨ ਬਚਾਈ।
ਪੁਲਿਸ ਜਵਾਨਾਂ ਦੇ ਸਾਹਸ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਏ.ਐਸ.ਆਈ. ਨਰਿੰਦਰ ਸਿੰਘ ਨੇ ਕਾਰ ਵਿੱਚੋਂ ਪਰਿਵਾਰ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਨਹਿਰ ਵਿੱਚ ਛਾਲ ਮਾਰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਕਾਂਸਟੇਬਲ ਜਸਵੰਤ ਸਿੰਘ ਜੋ ਤੈਰਨਾ ਵੀ ਨਹੀਂ ਜਾਣਦਾ ਸੀ, ਵੀ ਨਰਿੰਦਰ ਸਿੰਘ ਦੇ ਨਾਲ ਗਿਆ ਅਤੇ ਆਪਣੀ ਜਾਨ ਜ਼ੋਖਮ ਵਿੱਚ ਪਾ ਕੇ ਸਮੁੱਚੇ ਪਰਿਵਾਰ ਨੂੰ ਬਚਾ ਲਿਆ। ਭਗਵੰਤ ਸਿੰਘ ਮਾਨ ਨੇ ਪੀ.ਸੀ.ਆਰ. ਟੀਮ ਦੇ ਬਾਕੀ ਮੈਂਬਰਾਂ ਅਤੇ ਉਨ੍ਹਾਂ ਲੋਕਾਂ ਦੀ ਵੀ ਭਰਵੀਂ ਸ਼ਲਾਘਾ ਕੀਤੀ ਜਿਨ੍ਹਾਂ ਨੇ ਪੀੜਤਾਂ ਨੂੰ ਬਚਾਉਣ ਲਈ ਵਧ-ਚੜ੍ਹ ਕੇ ਸਹਾਇਤਾ ਕੀਤੀ।
ਇਸ ਘਟਨਾ ਨੂੰ ਬਹਾਦਰੀ ਅਤੇ ਪੇਸ਼ੇਵਰ ਵਚਨਬੱਧਤਾ ਦੱਸਦਿਆਂ ਮੁੱਖ ਮੰਤਰੀ ਨੇ ਬਠਿੰਡਾ ਦੇ ਐਸ.ਐਸ.ਪੀ. ਅਵਨੀਤ ਕੌਂਡਲ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਜਿਨ੍ਹਾਂ ਨੇ ਮਾਨਵਤਾ ਦੀ ਅਦਭੁਤ ਮਿਸਾਲ ਕਾਇਮ ਕੀਤੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇਨ੍ਹਾਂ ਪੁਲਿਸ ਜਵਾਨਾਂ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ’ ਨਾਲ ਸਨਮਾਨਿਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਸ ਸਾਹਸ ਭਰੀ ਵਿਲੱਖਣ ਕਾਰਵਾਈ ਤੋਂ ਬਾਕੀ ਪੁਲਿਸ ਜਵਾਨ ਵੀ ਪ੍ਰੇਰਿਤ ਹੋਣਗੇ ਤਾਂ ਕਿ ਸੂਬੇ ਦੇ ਲੋਕਾਂ ਦੀ ਸੇਵਾ ਏਸੇ ਭਾਵਨਾ ਅਤੇ ਵਚਨਬੱਧਤਾ ਨਾਲ ਕੀਤੀ ਜਾ ਸਕੇ।