ਭਾਜਪਾ 117 ਸੀਟਾਂ ‘ਤੇ ਚੋਣ ਲੜ ਕੇ ਪੰਜਾਬ ‘ਚ ਬਣਾਏਗੀ ਮਜ਼ਬੂਤ ਸਰਕਾਰ, ਸੰਗਠਨ ਪੂਰੀ ਤਰ੍ਹਾਂ ਤਿਆਰ: ਦੁਸ਼ਯੰਤ ਗੌਤਮ
ਆਉਣ ਵਾਲੇ ਦਿਨਾਂ ਵਿੱਚ ਕਈ ਮਸ਼ਹੂਰ ਚਿਹਰੇ ਹੋਣਗੇ ਭਾਜਪਾ ਵਿੱਚ ਸ਼ਾਮਲ: ਅਸ਼ਵਨੀ ਸ਼ਰਮਾ
ਰਾਸ਼ਟਰੀ ਲੀਡਰਸ਼ਿਪ ਵੱਲੋਂ ਸੰਗਠਨ ਨੂੰ ਬੂਥ ਪੱਧਰ ਤੱਕ ਵਧੇਰੇ ਕਾਰਜਸ਼ੀਲ ਬਣਾਉਣ ਲਈ ਸੂਬਾਈ ਲੀਡਰਸ਼ਿਪ ਨੂੰ ਦਿੱਤੇ ਗਏ ਦਿਸ਼ਾ ਨਿਰਦੇਸ਼: ਸ਼ਰਮਾ
ਪੰਜਾਬ ਭਾਜਪਾ ਦੇ ਨੇਤਾਵਾਂ ਵੱਲੋਂ ਅਗਾਮੀ ਚੋਣਾਂ ਦੇ ਸੰਬੰਧ ਵਿੱਚ ਰਾਸ਼ਟਰੀ ਲੀਡਰਸ਼ਿਪ ਨਾਲ ਮੀਟਿੰਗ ‘ਚ ਕੀਤਾ ਗਿਆ ਵਿਚਾਰ-ਵਟਾਂਦਰਾI
ਚੰਡੀਗੜ੍ਹ: 19 ਅਗਸਤ ( ), ਭਾਰਤੀ ਜਨਤਾ ਪਾਰਟੀ ਦੀ ਕੌਮੀ ਲੀਡਰਸ਼ਿਪ ਨਾਲ ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਬਾਰੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਲਈ ਸੂਬਾ ਭਾਜਪਾ ਦਾ 6 ਮੈਂਬਰ ਦਿੱਲੀ ਪੁੱਜੇ, ਜਿੱਥੇ ਉਨ੍ਹਾਂ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਦੁਸ਼ਯੰਤ ਗੌਤਮ ਅਤੇ ਭਾਜਪਾ ਦੇ ਕੌਮੀ ਸਕੱਤਰ ਅਤੇ ਸੂਬਾ ਭਾਜਪਾ ਦੇ ਸਹਿ-ਇੰਚਾਰਜ ਡਾ. ਨਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਵਿੱਚ ਸੰਗਠਨ ਦੇ ਜਨਰਲ ਸਕੱਤਰ ਦਿਨੇਸ਼ ਕੁਮਾਰ, ਸੂਬਾ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ ਅਤੇ ਦਿਆਲ ਸਿੰਘ ਸੋਢੀ ਹਾਜ਼ਰ ਸਨ।
ਜੀਵਨ ਗੁਪਤਾ ਅਤੇ ਡਾ. ਸੁਭਾਸ਼ ਸ਼ਰਮਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਜਪਾ ਸੂਬੇ ਦੀਆਂ 117 ਸੀਟਾਂ ‘ਤੇ ਚੋਣ ਲੜੇਗੀ ਅਤੇ ਜਿੱਤ ਹਾਸਲ ਕਰੇਗੀ ਅਤੇ ਸੰਗਠਨ ਇਸ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਕੁਝ ਦਿਨਾਂ ਵਿੱਚ ਸੂਬੇ ਦੇ ਕਈ ਨਾਮੀ ਚਿਹਰੇ ਭਾਜਪਾ ਵਿੱਚ ਸ਼ਾਮਲ ਹੋਣਗੇ। ਅਗਾਮੀ ਚੋਣਾਂ ਦੇ ਸਬੰਧ ਵਿੱਚ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਅਧਿਕਾਰੀਆਂ ਵਲੋਂ ਕੌਮੀ ਭਾਜਪਾ ਲੀਡਰਸ਼ਿਪ ਨਾਲ ਸਮੀਖਿਆ ਬੈਠਕ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬੇ ਦੇ ਲੋਕਾਂ ਵਿੱਚ ਵਿਰੋਧੀ ਧਿਰ ਵੱਲੋਂ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਅਤੇ ਭਾਰਤ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ‘ਤੋਂ ਪੰਜਾਬ ਦੇ ਲੋਕਾਂ ਨੂੰ ਵਾਂਝੇ ਕਰਨ ਬਾਰੇ ਕੌਮੀ ਲੀਡਰਸ਼ਿਪ ਨੂੰ ਵਿਸਥਾਰਤ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ‘ਤੇ ਪੰਜਾਬ ਵਿੱਚ ਕੀਤੇ ਜਾਣ ਵਾਲੇ ਅੰਦੋਲਨਾਂ ਅਤੇ ਪ੍ਰਦਰਸ਼ਨਾਂ ਬਾਰੇ ਵਿਸਥਾਰਪੂਰਵਕ ਚਰਚਾ ਅਤੇ ਇਸ ਦੀਆਂ ਤਿਆਰੀਆਂ ਦੀ ਸਮੀਖਿਆ ਵੀ ਕੀਤੀ ਗਈ ਹੈ। ਉਹਨਾਂ ਨੇ ਕਿਹਾ ਕਿ ਅਫਗਾਨਿਸਤਾਨ ਤੋਂ ਹਿੰਦੂ-ਸਿੱਖ ਪਰਿਵਾਰਾਂ ਦੀ ਸੁਰੱਖਿਅਤ ਵਾਪਸੀ ਦਾ ਮੁੱਦਾ ਵੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੌਮੀ ਲੀਡਰਸ਼ਿਪ ਦੇ ਸਾਹਮਣੇ ਚੁੱਕਿਆ ਹੈ, ਜਿਸ ‘ਤੇ ਲੀਡਰਸ਼ਿਪ ਨੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਦਾ ਭਰੋਸਾ ਦਿੱਤਾ ਹੈ।