ਸੂਬਾ ਸਰਕਾਰ ਵੱਲੋਂ ਪਹਿਲੇ ਪੰਜ ਮਹੀਨਿਆਂ ਵਿੱਚ ਲੋਕਾਂ ਦੇ ਹੱਕ ਵਿੱਚ ਲਏ ਇਤਿਹਾਸਿਕ ਫ਼ੈਸਲੇ : ਮੀਤ ਹੇਅਰ
–7ਵੇਂ ਤਨਖ਼ਾਹ ਕਮਿਸ਼ਨ ਸਬੰਧੀ ਫ਼ੈਸਲੇ ਨਾਲ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਸਟਾਫ਼ ਨੂੰ ਹੋਵੇਗਾ ਫ਼ਾਇਦਾ
–ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਇਸ ਸਾਲ 56ਫ਼ੀਸਦੀ ਬਜਟ ਚ ਕੀਤਾ ਵਾਧਾ
ਬਠਿੰਡਾ 6 ਸਤੰਬਰ ( ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿੱਖਿਆ, ਸਿਹਤ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਲਈ ਵਿਸ਼ੇਸ਼ ਅਹਿਮੀਅਤ ਦਿੱਤੀ ਜਾ ਰਹੀ ਹੈ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪ੍ਰਸ਼ਾਸਕੀ ਸੁਧਾਰ, ਉਚੇਰੀ ਸਿੱਖਿਆ, ਸਾਇੰਸ ਤਕਨਾਲੋਜੀ ਅਤੇ ਵਾਤਾਵਰਣ, ਖੇਡਾਂ ਤੇ ਯੁਵਕ ਸੇਵਾਵਾਂ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਬਾਬਾ ਫ਼ਰੀਦ ਗਰੁੱਪ ਆਫ ਇੰਸਟੀਚਿਊਸ਼ਨ ਦਿਓਣ (ਬਠਿੰਡਾ) ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਕਰਵਾਏ ਗਏ ਨੈਸ਼ਨਲ ਪੱਧਰੀ ਐਵਾਰਡ ਸਮਾਗਮ-2022 ਚ ਸ਼ਮੂਲੀਅਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਪੰਜਾਬ ਤੋਂ ਇਲਾਵਾ 8 ਹੋਰਨਾਂ ਰਾਜਾਂ ਤੋਂ ਆਏ ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੇ ਨਾਲ ਬਠਿੰਡਾ ਸ਼ਹਿਰੀ ਤੋਂ ਵਿਧਾਇਕ ਸ. ਜਗਰੂਪ ਸਿੰਘ ਗਿੱਲ, ਵਿਧਾਇਕ ਲੰਬੀ ਸ. ਗੁਰਮੀਤ ਸਿੰਘ ਖੁੱਡੀਆਂ ਤੇ ਕਾਲਜ ਦੇ ਚੈਅਰਮੇਨ ਸ੍ਰੀ ਗੁਰਮੀਤ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਇਸ ਮੌਕੇ ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਸੂਬਾ ਸਰਕਾਰ ਵੱਲੋਂ ਯੂਜੀਸੀ ਦੇ 7ਵੇਂ ਤਨਖ਼ਾਹ ਕਮਿਸ਼ਨ ਸਬੰਧੀ ਲਏ ਗਏ ਫ਼ੈਸਲੇ ਨੂੰ ਇਤਹਾਸਿਕ ਦਸਦਿਆਂ ਅਧਿਆਪਕ ਵਰਗ ਲਈ ਇੱਕ ਵੱਡਾ ਤੋਹਫ਼ਾ ਦੱਸਿਆ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਸੂਬੇ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਸਟਾਫ਼ ਨੂੰ ਬਹੁਤ ਫ਼ਾਇਦਾ ਹੋਵੇਗਾ।
ਇਸ ਮੌਕੇ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਪਹਿਲਾਂ ਵਾਲੀਆਂ ਸਰਕਾਰਾਂ ਜੋ ਆਪਣੇ ਕਾਰਜਕਾਲ ਦੇ ਅਖ਼ੀਰ ਵਿੱਚ ਆ ਕੇ ਵੋਟਰਾਂ ਨੂੰ ਭਰਮਾਉਣ ਲਈ ਥੋੜੇ-ਬਹੁਤੇ ਅਧੂਰੇ ਫ਼ੈਸਲੇ ਲੈਂਦੀਆਂ ਸਨ, ਲੇਕਿਨ ਮੌਜੂਦਾ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਹਿਲੇ ਪੰਜ ਮਹੀਨਿਆਂ ਵਿੱਚ ਹੀ ਪੰਜਾਬ ਦੇ ਲੋਕਾਂ ਦੇ ਹੱਕ ਵਿੱਚ ਇਤਿਹਾਸਿਕ ਫ਼ੈਸਲੇ ਲਏ ਗਏ ਹਨ ।
ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਸੂਬਾ ਸਰਕਾਰ ਦੀ ਨੀਅਤ ਬਿਲਕੁੱਲ ਸਾਫ਼ ਹੈ। ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜੋ ਪਹਿਲਾਂ ਬਹੁਤ ਤਰ੍ਹਾਂ ਦੇ ਮਾਫ਼ੀਏ ਚਲਦੇ ਸਨ, ਲੇਕਿਨ ਹੁਣ ਜਦੋਂ ਤੋਂ ਪੰਜਾਬ ਦੇ ਲੋਕਾਂ ਦੁਆਰਾ ਆਪਣੀ ਸਰਕਾਰ ਹੌਂਦ ਵਿੱਚ ਲਿਆਂਦੀ ਹੈ, ਉਦੋਂ ਤੋਂ ਲੋਕਾਂ ਦੇ ਟੈਕਸ ਦਾ ਪੈਸਾ ਲੋਕਾਂ ਤੇ ਖਰਚ ਕੀਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਸ੍ਰੀ ਮੀਤ ਹੇਅਰ ਨੇ ਇਸ ਮੌਕੇ ਕਿਹਾ ਕਿ ਸਾਨੂੰ ਹਰ ਮੌਕੇ ਕੁੱਝ ਨਾ ਕੁੱਝ ਸਿਖਦੇ ਰਹਿਣਾ ਚਾਹੀਦਾ ਹੈ, ਚੰਗੀ ਸਿੱਖਿਆ ਪ੍ਰਾਪਤ ਕਰਕੇ ਹੀ ਜ਼ਿੰਦਗੀ ਵਿੱਚ ਅੱਗੇ ਵਧਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੌਬ ਸੈਕਟਰ ਪੈਦਾ ਕਰਨ ਲਈ ਵੱਧ ਤੋਂ ਵੱਧ ਉਦਯੋਗ ਸਥਾਪਿਤ ਕਰਨ ਦੀ ਜ਼ਰੂਰਤ ਹੈ, ਜਿਸ ਲਈ ਸਾਨੂੰ ਸਭ ਨੂੰ ਰਲ ਕੇ ਹੰਭਲੇ ਮਾਰਨ ਦੀ ਸਖ਼ਤ ਜ਼ਰੂਰਤ ਹੈ ਤਾਂ ਜੋ ਨੌਜਵਾਨ ਪੀੜ੍ਹੀ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਣ।
ਇਸ ਮੌਕੇ ਖੇਡ ਮੰਤਰੀ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਸਿਹਤ ਅਤੇ ਸਿੱਖਿਆ ਦੇ ਨਾਲ-ਨਾਲ ਖੇਡਾਂ ਵੱਲ ਉਚੇਚਾ ਧਿਆਨ ਦੇ ਰਹੀ ਹੈ ਅਤੇ ਇਸ ਸਾਲ ਖੇਡਾਂ ਦੇ ਬਜਟ ਵਿੱਚ 56ਫ਼ੀਸਦੀ ਵਾਧਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮਨਸਾ ਹੈ ਕਿ ਖੇਡਾਂ ਨੂੰ ਪ੍ਰਫੁੱਲਤ ਕਰਕੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਣਾ ਹੈ। ਇਸ ਮੌਕੇ ਉਨ੍ਹਾਂ ਜਿੱਥੇ ਪੁਰਾਣੇ ਖਿਡਾਰੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਪ੍ਰਸੰਸਾ ਕੀਤੀ ਉਥੇ ਹੀ ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਣ ਲਈ ਵੀ ਪ੍ਰੇਰਿਤ ਕੀਤਾ।
ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਵੱਲੋਂ ਆਪਣੇ ਸੰਬੋਧਨ ਵਿੱਚ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਸਬੰਧੀ ਲਏ ਜਾ ਰਹੇ ਫ਼ੈਸਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਅਧਿਆਪਕ ਕਿੱਤੇ ਦੀ ਪਵਿੱਤਰਤਾ ਤੇ ਜ਼ੋਰ ਦਿੰਦਿਆਂ ਇਸ ਨੂੰ ਬਰਕਰਾਰ ਰੱਖਣ ਲਈ ਵੀ ਪ੍ਰੇਰਿਤ ਕੀਤਾ।
ਵਿਧਾਇਕ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਨਮਾਨਿਤ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਬਾਬਾ ਫ਼ਰੀਦ ਗਰੁੱਪ ਆਫ ਇੰਸਟੀਚਿਊਸ਼ਨ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਕਰਵਾਏ ਗਏ ਨੈਸ਼ਨਲ ਪੱਧਰੀ ਐਵਾਰਡ ਸਮਾਗਮ ਦੀ ਸ਼ਲਾਘਾ ਕੀਤੀ।
ਇਸ ਤੋਂ ਪਹਿਲਾਂ ਬਾਬਾ ਫ਼ਰੀਦ ਗਰੁੱਪ ਆਫ ਇੰਸਟੀਚਿਊਸ਼ਨ ਦੇ ਚੈਅਰਮੇਨ ਸ੍ਰੀ ਗੁਰਮੀਤ ਸਿੰਘ ਧਾਲੀਵਾਲ ਨੇ ਆਪਣੇ ਸੰਬੋਧਨ ਵਿੱਚ ਸੂਬਾ ਸਰਕਾਰ ਵੱਲੋਂ ਸਿੱਖਿਆ, ਸਿਹਤ ਅਤੇ ਖੇਡਾਂ ਦੇ ਖੇਤਰ ਵਿੱਚ ਕੀਤੇ ਜਾ ਰਹੇ ਵਡਮੁੱਲੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਇੰਸਟੀਚਿਊਸ਼ਨ ਵੱਲੋਂ ਹੁਣ ਤੱਕ ਦੀਆਂ ਕੀਤੀਆਂ ਗਈਆਂ ਪ੍ਰਾਪਤੀਆਂ ਬਾਰੇ ਵੀ ਹਾਜ਼ਰੀਨ ਨੂੰ ਜਾਣੂੰ ਕਰਵਾਇਆ।