*ਸਬੂਤ ਦੇਣ ਕੈਪਟਨ ਤੇ ਰੰਧਾਵਾ, ਮਾਨ ਕਰਨਗੇ ਕਾਰਵਾਈ :ਮਲਵਿੰਦਰ ਕੰਗ*
-ਇੱਕ ਦੂਜੇ ’ਤੇ ਦੋਸ਼ ਲਾਉਣ ਦੀ ਥਾਂ ਭ੍ਰਿਸ਼ਟਾਚਾਰ ਖ਼ਿਲਾਫ਼ ਜੰਗ ’ਚ ਮਾਨ ਸਰਕਾਰ ਦਾ ਦੇਣ ਸਹਿਯੋਗ: ਮਲਵਿੰਦਰ ਸਿੰਘ ਕੰਗ
-ਮੌਜ਼ੂਦਾ ਮੰਤਰੀ ਹੋਵੇ ਜਾਂ ਸਾਬਕਾ ਮੰਤਰੀ, ਜੇ ਕਿਸੇ ਖ਼ਿਲਾਫ਼ ਵੀ ਭ੍ਰਿਸ਼ਟਾਚਾਰ ਦੇ ਸਬੂਤ ਮਿਲਦੇ ਹਨ ਤਾਂ ਬਖਸ਼ਿਆ ਨਹੀਂ ਜਾਵੇਗਾ: ਮਲਵਿੰਦਰ ਸਿੰਘ ਕੰਗ
-ਜਾਰੀ ਰਹੇਗਾ ਮਾਨ ਸਰਕਾਰ ਦਾ ‘ਅਪ੍ਰੇਸ਼ਨ ਕਰੱਪਸ਼ਨ ਫ਼ਰੀ ਪੰਜਾਬ’: ਮਲਵਿੰਦਰ ਸਿੰਘ ਕੰਗ
ਚੰਡੀਗੜ੍ਹ, 26 ਮਈ 2022
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਕਾਂਗਰਸੀ ਮੰਤਰੀਆਂ ਦੇ ਭ੍ਰਿਸ਼ਟਾਚਾਰ ਵਾਲੇ ਬਿਆਨ ’ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾਕਿ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਜਿੰਦਰ ਸਿੰਘ ਰੰਧਾਵਾ ਪਿਛਲੇ ਕਈ ਦਿਨਾਂ ਤੋਂ ਇੱਕ ਦੂਜੇ ’ਤੇ ਦੋਸ਼ ਲਾਉਂਦੇ ਰਹੇ ਹਨ, ਪਰ ਕਿਸੇ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਕੋਈ ਸਬੂਤ ਪੇਸ਼ ਨਹੀਂ ਕਰ ਰਹੇ ਹਨ। ਜੇ ਉਨ੍ਹਾਂ ਕੋਲ ਸੱਚਮੁੱਚ ਹੀ ਪਿਛਲੀ ਸਰਕਾਰ ਦੇ ਮੰਤਰੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਸਬੂਤ ਹਨ, ਤਾਂ ਇਨਾਂ ਨੂੰ ਜਨਤਕ ਕਰਨ।
ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ’ਚ ਮੀਡੀਆ ਨੂੰ ਸੰਬੋਧਨ ਕਰਦਿਆਂ ਮਲਵਿੰਦਰ ਸਿੰਘ ਕੰਗ ਨੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਉਪ ਮੁੱਖ ਮੰਤਰੀ ’ਤੇ ਸਵਾਲ ਚੁਕਦਿਆਂ ਕਿਹਾ ਕਿ ‘ਆਪ’ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਉਨ੍ਹਾਂ ਦੇ ਮੰਤਰੀ ਦਾ ਭ੍ਰਿਸ਼ਟਾਚਾਰ ਬਾਰੇ ਮਾਮਲਾ ਪਹੁੰਚਿਆ ਸੀ ਤਾਂ ਉਨ੍ਹਾਂ ਤੁਰੰਤ ਕਾਰਵਾਈ ਕੀਤੀ। ਮੁੱਖ ਮੰਤਰੀ ਨੇ ਆਪਣੇ ਮੰਤਰੀ ਨੂੰ ਤੁਰੰਤ ਬਰਖਾਸਤ ਕੀਤਾ ਅਤੇ ਜੇਲ੍ਹ ਭੇਜ ਦਿੱਤਾ। ਜੇ ਕੈਪਟਨ ਅਤੇ ਰੰਧਾਵਾ ਕੋਲ ਆਪਣੇ ਮੰਤਰੀਆਂ ਖ਼ਿਲਾਫ਼ ਸਬੂਤ ਸਨ ਤਾਂ ਉਨ੍ਹਾਂ ਨੇ ਕੋਈ ਕਾਰਵਾਈ ਕਿਉਂ ਨਹੀਂ ਕੀਤੀ?
ਕੰਗ ਨੇ ਕਿਹਾ ਕਿ ਕਾਂਗਰਸ ਦੇ ਪੰਜਾਬ ਪ੍ਰਧਾਨ ਅਤੇ ਸਾਬਕਾ ਆਵਾਜਾਈ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵੀ ਕਿਹਾ ਸੀ ਕਿ ਉਨ੍ਹਾਂ ਦੇ ਵਿਭਾਗਾਂ ’ਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਹੋਏ ਹਨ, ਪਰ ਪਿਛਲੀਆਂ ਸਰਕਾਰਾਂ ਨੇ ਕੋਈ ਕਾਰਵਾਈ ਨਹੀਂ ਕੀਤੀ। ਇਹ ਬੇਹੱਦ ਗੰਭੀਰ ਅਤੇ ਪੰਜਾਬ ਦੇ ਹਿੱਤ ਨਾਲ ਜੁੜਿਆ ਮਾਮਲਾ ਹੈ, ਇਸ ਲਈ ਇੱਕ ਦੂਜੇ ’ਤੇ ਦੋਸ਼ ਲਾਉਣ ਦੀ ਥਾਂ ਕੈਪਟਨ ਅਤੇ ਰੰਧਾਵਾ ਪੰਜਾਬ ਪੁਲੀਸ ਨੂੰ ਭ੍ਰਿਸ਼ਟਾਚਾਰ ਦੇ ਸਬੂਤ ਦੇਣ। ਮਾਨ ਸਰਕਾਰ ਇਸ ’ਤੇ ਤੁਰੰਤ ਅਤੇ ਸਖ਼ਤ ਕਾਰਵਾਈ ਕਰੇਗੀ।
ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖੁੱਦ ਨੂੰ ਰਾਸ਼ਟਰ ਭਗਤ ਕਹਿੰਦੇ ਹਨ, ਜੇ ਉਹ ਸੱਚਮੁੱਚ ਰਾਸ਼ਟਰ ਭਗਤ ਅਤੇ ਪੰਜਾਬ ਹਿਤੈਸ਼ੀ ਹਨ, ਤਾਂ ਇੱਕ ਦੂਜੇ ’ਤੇ ਦੋਸ਼ ਲਾਉਣ ਦੀ ਰਾਜਨੀਤੀ ਕਰਨ ਦੀ ਥਾਂ ਉਹ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਮੁੱਕਤ ਪੰਜਾਬ ਬਣਾਉਣ ਦੀ ਮੁਹਿੰਮ ’ਚ ਸਹਿਯੋਗ ਕਰਨ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਜਿਹੜੀ ਵੀ ਜਾਣਕਾਰੀ ਉਨ੍ਹਾਂ ਕੋਲ ਹੈ, ਉਸ ਨੂੰ ਸਾਝਾਂ ਕਰਨ। ਮਾਨ ਸਰਕਾਰ ’ਚ ਚਾਹੇ ਮੌਜ਼ੂਦਾ ਮੰਤਰੀ ਤੇ ਵਿਧਾਇਕ ਹੋਵੇ ਜਾਂ ਸਾਬਕਾ ਮੰਤਰੀ ਕਿਸੇ ਦੇ ਵੀ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਸਬੂਤ ਮਿਲਦੇ ਹਨ ਤਾਂ ਉਹ ਬਖਸ਼ੇ ਨਹੀਂ ਜਾਣਗੇ। ਸਾਰੇ ਭ੍ਰਿਸ਼ਟਾਚਾਰੀ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।