ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 8 ਦਸੰਬਰ ਨੂੰ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਹੋਣਗੇ ਨਤਮਸਤਕ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 8 ਦਸੰਬਰ ਨੂੰ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਹੋਣਗੇ ਨਤਮਸਤਕ : ਅਰਵਿੰਦ ਪਾਲ ਸਿੰਘ ਸੰਧੂ
ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਬਠਿੰਡਾ, 3 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ 8 ਦਸੰਬਰ ਨੂੰ ਬਠਿੰਡਾ ਜ਼ਿਲ੍ਹੇ ਚ ਪੈਂਦੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਉਨ੍ਹਾਂ ਦੀ ਆਮਦ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਠਹਿਰਣ ਵਾਲੀ ਜਗ੍ਹਾ ਸਰਾਂ ਦਾ ਵੀ ਦੌਰਾ ਕੀਤਾ। ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਵੀ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਦਿਲੀ ਇੱਛਾ ਸੀ ਕਿ ਉਹ ਤਲਵੰਡੀ ਸਾਬੋ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਪਵਿੱਤਰ ਸਥਾਨ ਤੇ ਰਾਤ ਗੁਜ਼ਾਰਨ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਸੰਧੂ ਨੇ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਦੌਰੇ ਦੌਰਾਨ ਸਾਫ-ਸਫਾਈ, ਟਰੈਫਿਕ ਸੁਰੱਖਿਆ ਦੇ ਮੁਕੰਮਲ ਪ੍ਰਬੰਧ ਕੀਤੇ ਜਾਣ ਅਤੇ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਨਾ ਵਰਤੀ ਜਾਵੇ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਵੀ ਹੋਏ। ਇਸ ਮੌਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਮੈਨੇਜ਼ਰ ਸ਼੍ਰੀ ਪਰਮਜੀਤ ਸਿੰਘ ਡਿਪਟੀ ਕਮਿਸ਼ਨਰ ਨੂੰ ਸਿਰੋਪਾਓ ਵੀ ਭੇਂਟ ਕੀਤਾ।
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸ਼੍ਰੀ ਖੁਸ਼ਬਾਜ ਜਟਾਣਾ, ਐਸਡੀਐਮ ਤਲਵੰਡੀ ਸਾਬੋ ਸ਼੍ਰੀ ਅਕਾਸ਼ ਬਾਂਸਲ, ਐਸਪੀ ਸ਼੍ਰੀ ਮੇਜਰ ਸਿੰਘ, ਹੈਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।