ਕੇਜਰੀਵਾਲ ਵਲੋਂ ਪੰਜਾਬ ਦੇ ਮੁੱਖ ਸਕੱਤਰ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ : ਸੀਨੀਅਰ ਅਫ਼ਸਰ ਨਵੀਂ ਦਿੱਲੀ ਟਰੇਨਿੰਗ ਲਈ ਮੇਰੇ ਹੁਕਮਾਂ ’ਤੇ ਗਏ ਸਨ : ਭਗਵੰਤ ਮਾਨ
ਆਪਣੇ ਅਫ਼ਸਰਾਂ ਨੂੰ ਸਿਖਲਾਈ ਦੇਣ ਵਿੱਚ ਕੁਝ ਵੀ ਗਲਤ ਨਜ਼ਰ ਨਹੀਂ ਆਉਂਦਾ
ਮੰਤਰੀਆਂ ਨੂੰ ਨਵੇਂ ਵਾਹਨ ਦੇਣ ਦੀ ਕੋਈ ਤਜਵੀਜ਼ ਨਹੀਂ
ਜਲੰਧਰ, 14 ਅਪ੍ਰੈਲ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵਲੋਂ ਪੰਜਾਬ ਦੇ ਮੁੱਖ ਸਕੱਤਰ ਅਤੇ ਹੋਰ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੁਝ ਦਿਨ ਪਹਿਲਾਂ ਸੂਬੇ ਦੇ ਸੀਨੀਅਰ ਅਫ਼ਸਰ ਨਵੀਂ ਦਿੱਲੀ ਵਿੱਚ ਟਰੇਨਿੰਗ ਲਈ ਉਨ੍ਹਾਂ ਦੇ ਹੁਕਮਾਂ ’ਤੇ ਗਏ ਸਨ। ਵਿਰੋਧੀ ਧਿਰਾਂ ਵਲੋਂ ਇਸ ਮੁੱਦੇ ’ਤੇ ਰੌਲਾ-ਰੱਪਾ ਪਾਉਣ ਦੀ ਸਖ਼ਤ ਆਲੋਚਨਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਜਿਥੇ ਵੀ ਸਾਡੇ ਅਫ਼ਸਰਾਂ ਨੂੰ ਦੂਜੇ ਸੂਬਿਆਂ ਜਾਂ ਮੁਲਕਾਂ ਤੋਂ ਚੰਗੀ ਮੁਹਾਰਤ ਸਿੱਖਣ ਦੀ ਲੋੜ ਹੋਵੇਗੀ, ਉਹ ਅਪਣੇ ਅਫ਼ਸਰ ਉਥੇ ਜਰੂਰ ਭੇਜਣਗੇ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਵਲੋਂ ਸਿੱਖਿਆ, ਸਿਹਤ ਅਤੇ ਬਿਜਲੀ ਦੇ ਖੇਤਰ ਵਿੱਚ ਕੀਤੇ ਗਏ ਸੁਧਾਰਾਂ ਦਾ ਕੋਈ ਮੇਲ ਨਹੀਂ ਜਿਸ ਕਰਕੇ ਸਾਨੂੰ ਆਪਣੇ ਅਫ਼ਸਰਾਂ ਨੂੰ ਸਿਖਲਾਈ ਦੇਣ ਵਿੱਚ ਕੁਝ ਵੀ ਗਲਤ ਨਜ਼ਰ ਨਹੀਂ ਆਉਂਦਾ।
ਮੁੱਖ ਮੰਤਰੀ ਨੇ ਸਪਸ਼ਟ ਤੌਰ ’ਤੇ ਕਿਹਾ ਕਿ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਵਿਚੋਂ ਹਰੇਕ ਗਾਰੰਟੀ ਪੂਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਾਲੇ ਪੰਜਾਬ ਵਿੱਚ ਨਵੀਂ ਸਰਕਾਰ ਬਣੀ ਨੂੰ ਇਕ ਮਹੀਨੇ ਤੋਂ ਵੀ ਘੱਟ ਸਮਾਂ ਗੁਜਰਿਆ ਹੈ । ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤਾ ਗਿਆ ਹਰੇਕ ਵਾਅਦਾ ਹਰ ਹੀਲੇ ਪੂਰਾ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਮੰਤਰੀਆਂ ਲਈ ਕੋਈ ਵੀ ਨਵਾਂ ਵਾਹਨ ਖ਼ਰੀਦਣ ਸਬੰਧੀ ਸੂਬਾ ਸਰਕਾਰ ਦੀ ਕਿਸੇ ਤਰ੍ਹਾਂ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਬਿਨ੍ਹਾਂ ਕਿਸੇ ਅਧਾਰ ਦੇ ਇਸ ਨੂੰ ਮੁੱਦਾ ਬਣਾ ਰਹੀ ਹੈ ਕਿਉਂਕਿ ਇਨ੍ਹਾਂ ਕੋਲ ਸੂਬਾ ਸਰਕਾਰ ਖਿਲਾਫ਼ ਬੋਲਣ ਲਈ ਕੁਝ ਵੀ ਨਹੀਂ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਦਾ ਨਵੇਂ ਵਾਹਨ ਖ਼ਰੀਦਣ ਦਾ ਕੋਈ ਇਰਾਦਾ ਨਹੀਂ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕੇਂਦਰੀ ਸਪਾਂਸਰ ਸਕੀਮਾਂ ਅਧੀਨ ਹਾਸਿਲ ਹੁੰਦੇ ਫੰਡਾਂ ਦੀ ਵਰਤੋਂ ਤਰਕਸੰਗਤ ਢੰਗ ਨਾਲ ਲੋਕਾਂ ਦੀ ਭਲਾਈ ਲਈ ਕਰੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਹੁਤ ਛੇਤੀ ਹੀ ਪੇਂਡੂ ਵਿਕਾਸ ਫੰਡ ਜਾਰੀ ਕੀਤੇ ਜਾ ਰਹੇ ਹਨ ਕਿਉਂ ਜੋ ਮੰਤਰੀ ਮੰਡਲ ਨੇ ਬੀਤੇ ਦਿਨ ਹੋਈ ਮੀਟਿੰਗ ਵਿੱਚ ਪੰਜਾਬ ਪੇਂਡੂ ਵਿਕਾਸ ਸੋਧ ਆਰਡੀਨੈਂਸ ਪ੍ਰਵਾਨ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਨੇ ਇਹ ਫੰਡ ਇਸ ਲਈ ਰੋਕੇ ਹੋਏ ਸਨ ਕਿਉਂਕਿ ਪਿਛਲੀਆਂ ਸਰਕਾਰਾਂ ਆਪਣੇ ਸਿਆਸੀ ਹਿੱਤ ਪੂਰਨ ਲਈ ਇਨ੍ਹਾਂ ਫੰਡਾਂ ਨੂੰ ਹੋਰ ਪਾਸੇ ਵਰਤਦੀਆਂ ਰਹੀਆਂ ਹਨ।