Punjab

ਮੁੱਖ ਮੰਤਰੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਤਰਜੀਹੀ ਤੌਰ ’ਤੇ ਨਿਪਟਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਅਤੇ ਜਵਾਬਦੇਹੀ ’ਤੇ ਦਿੱਤਾ ਜ਼ੋਰ

7445 ਲਾਭਪਾਤਰੀਆਂ ਲਈ 12.73 ਕਰੋੜ ਰੁਪਏ ਦੀ ਕਰਜ਼ਾ ਰਾਹਤ ਸਕੀਮ ਦੀ ਸੰਕੇਤਕ ਸ਼ੁਰੂਆਤ ਵਜੋਂ ਚਮਕੌਰ ਸਾਹਿਬ ਦੇ 25 ਖੇਤ ਕਾਮਿਆਂ ਤੇ ਬੇਜ਼ਮੀਨੇ ਕਿਸਾਨਾਂ ਨੂੰ ਦਿੱਤੇ ਕਰਜ਼ਾ ਮੁਆਫ਼ੀ ਦੇ ਸਰਟੀਫੀਕੇਟ

ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੀਆਂ ਰਿਹਾਇਸ਼ੀ ਜਾਇਦਾਦਾਂ ਦੀ ਡਰੋਨ ਤਕਨਾਲੋਜੀ ਨਾਲ ਮੈਪਿੰਗ ਕਰਨ ਵਾਲੇ ਪਾਇਲਟ ਪ੍ਰਾਜੈਕਟ ਦੀ ਕੀਤੀ ਸ਼ੁਰੂਆਤ

ਮੋਰਿੰਡਾ, 3 ਅਕਤੂਬਰ:

ਸੂਬੇ ਭਰ ਦੇ ਲੋਕਾਂ ਲਈ ਸਾਫ ਅਤੇ ਪਾਰਦਰਸ਼ੀ ਪ੍ਰਸ਼ਾਸਨ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਸਾਰੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ ਅਤੇ ਤੁਰੰਤ ਨਿਪਟਾਉਣ ਲਈ ਜਵਾਬਦੇਹ ਅਤੇ ਜ਼ਿੰਮੇਵਾਰ ਬਣਾਇਆ ਜਾਵੇਗਾ।

ਮਿਸ਼ਨ ਲਾਲ ਲਕੀਰ ਅਧੀਨ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦੀਆਂ ਪੇਂਡੂ ਜਾਇਦਾਦਾਂ ਦੀ ਡਿਜੀਟਲ ਮੈਪਿੰਗ ਲਈ ਡਰੋਨ ਤਕਨਾਲੋਜੀ ਵਾਲਾ ਪਾਇਲਟ ਪ੍ਰਾਜੈਕਟ ਲਾਂਚ ਕਰਨ ਦੇ ਨਾਲ -ਨਾਲ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਨੂੰ ਕਰਜ਼ਾ ਮੁਆਫੀ ਸਰਟੀਫੀਕੇਟ ਸੌਂਪਣ ਲਈ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਮੋਰਿੰਡਾ ਵਿਖੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਰਕਾਰ ਦੇ ਕੰਮਕਾਜ ਵਿੱਚ ਲੋਕਾਂ ਦੇ ਭਰੋਸੇ ਨੂੰ ਮੁੜ ਬਹਾਲ ਕਰਨ ਲਈ ਲੋਕਾਂ ਖਾਸ ਕਰਕੇ ਗਰੀਬਾਂ ਅਤੇ ਕਮਜ਼ੋਰ ਵਰਗ ਦੇ ਲੋਕਾਂ ਦੀਆਂ ਜਾਇਜ਼ ਸ਼ਿਕਾਇਤਾਂ ਦੇ ਫੌਰੀ ਨਿਪਟਾਰੇ ਦੀ ਲੋੜ ‘ਤੇ ਜੋਰ ਦਿੱਤਾ।

ਸ. ਚੰਨੀ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਗਲਤ ਕੰਮਾਂ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ ਜਦੋਂ ਕਿ ਨਿਰਦੋਸ਼ ਅਤੇ ਇਮਾਨਦਾਰ ਨੂੰ ਪੁਲਿਸ ਕਿਸੇ ਵੀ ਰੂਪ ’ਚ ਪ੍ਰੇਸ਼ਾਨ ਨਹੀਂ ਕਰੇਗੀ। ਉਨਾਂ ਕਿਹਾ ਕਿ ਸੂਬਾਈ ਪ੍ਰਸ਼ਾਸਨ ਵੱਲੋਂ ਸਾਰੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਪਹਿਲਾਂ ਹੀ ਵਿਸਥਾਰਤ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਜੋ ਲੋਕਾਂ ਤੱਕ ਉਨਾਂ ਦੀ ਪਹੁੰਚ ਯਕੀਨੀ ਬਣਾਈ ਜਾ ਸਕੇ ਅਤੇ ਨਾਲ ਹੀ ਲੋਕਾਂ ਦੇ ਨੁਮਾਇੰਦਿਆਂ ਜਿਵੇਂ ਕਿ ਵਿਧਾਇਕ, ਸਰਪੰਚਾਂ, ਪੰਚਾਂ, ਕੌਂਸਲਰਾਂ ਆਦਿ ਨੂੰ ਬਣਦਾ ਸਤਿਕਾਰ ਦਿੱਤਾ ਜਾ ਸਕੇ।

ਸ. ਚੰਨੀ ਨੇ ਭਾਵੁਕ ਹੁੰਦਿਆਂ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਜਿਹਨਾਂ ਨੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਦੁਆਰਾ ਬਖਸ਼ੀ ਇਸ ਪਵਿੱਤਰ ਧਰਤੀ ਦੇ ਨਿਮਾਣੇ ਸੇਵਕ ਵਜੋਂ ਉਨ੍ਹਾਂ ਦੀ ਲੀਡਰਸ਼ਿਪ ਵਿੱਚ ਭਰੋਸਾ ਪ੍ਰਗਟਾਇਆ ਹੈ। ਮੁੱਖ ਮੰਤਰੀ ਨੇ ਤਾ-ਉਮਰ ਪੂਰੀ ਸ਼ਰਧਾ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਖੇਤਰ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਉਨ੍ਹਾਂ ਦੀ ਸੇਵਾ ਕਰਨ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀਆਂ ਇੱਛਾਵਾਂ ਦੀ ਕਦਰ ਕਰਦਿਆਂ ਉਹ ਅਗਲੇ 3-4 ਮਹੀਨਿਆਂ ਵਿੱਚ ਇਲਾਕੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਮੁੱਖ ਮੰਤਰੀ ਨੇ ਇਸ ਖੇਤਰ ਲਈ ਕਈ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਵੀ ਕੀਤਾ ਜਿਨ੍ਹਾਂ ਵਿੱਚ 114 ਕਰੋੜ ਰੁਪਏ ਦੀ ਲਾਗਤ ਨਾਲ ਬੇਲਾ-ਪਨਿਆਲੀ ਸੜਕ ਨੂੰ ਰਾਸ਼ਟਰੀ ਰਾਜਮਾਰਗ 344-ਏ ਨਾਲ ਜੋੜਨ ਵਾਲਾ ਇੱਕ ਓਵਰਬ੍ਰਿਜ, ਰਾਏਪੁਰ ਅਤੇ ਤ੍ਰਿਪੜੀ ਦੀਆਂ ਆਈ.ਟੀ.ਆਈਜ਼ ਵਿੱਚ ਦੋ ਖੇਡ ਸਟੇਡੀਅਮ ਬਣਾਉਣ ਤੋਂ ਇਲਾਵਾ ਸ੍ਰੀ ਚਮਕੌਰ ਸਾਹਿਬ ਵਿਖੇ ਸਿਵਲ ਹਸਪਤਾਲ ਦਾ ਨਵੀਨੀਕਰਨ ਸ਼ਾਮਲ ਹੈ। ਉਨਾਂ ਇਹ ਵੀ ਐਲਾਨ ਕੀਤਾ ਕਿ ਮੋਰਿੰਡਾ ਵਿਖੇ ਰੇਲਵੇ ਅੰਡਰਬ੍ਰਿਜ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਸ੍ਰੀ ਚਮਕੌਰ ਸਾਹਿਬ ਵਿਖੇ ਬਣਨ ਜਾ ਰਹੀ ਸਕਿੱਲ ਯੂਨੀਵਰਸਿਟੀ ਸਥਾਨਕ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਇਸ ਖੇਤਰ ਵਿੱਚ ਰੁਜ਼ਗਾਰ ਦੇ ਮੌਕਿਆਂ ਨੂੰ ਉਤਸ਼ਾਹਤ ਕਰਨ ਲਈ ਅਹਿਮ ਭੂਮਿਕਾ ਨਿਭਾਏਗੀ।

ਇਸ ਮੌਕੇ ਮੁੱਖ ਮੰਤਰੀ ਨੇ ਉਨ੍ਹਾਂ ਨਾਲ ਮੌਜੂਦ ਮਾਲ ਤੇ ਮੁੜ ਵਸੇਬਾ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨਾਲ ਮੋਰਿੰਡਾ ਵਿਧਾਨ ਸਭਾ ਖੇਤਰ ਦੇ ਪਿੰਡਾਂ ਵਿੱਚ ਰਿਹਾਇਸ਼ੀ ਜਾਇਦਾਦਾਂ ਦੀ ਮੈਪਿੰਗ ਲਈ ਡਰੋਨ ਤਕਨਾਲੋਜੀ ਦਾ ਪਾਇਲਟ ਪ੍ਰਾਜੈਕਟ ਵੀ ਲਾਂਚ ਕੀਤਾ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਮਾਲਕੀ ਦੇ ਅਧਿਕਾਰ ਪ੍ਰਦਾਨ ਕੀਤੇ ਜਾ ਸਕਣ। ਇਸ ਦੌਰਾਨ ਗੁਰਮੀਤ ਸਿੰਘ ਅਤੇ ਨਰਿੰਦਰ ਸਿੰਘ ਵਾਸੀ ਵਜ਼ੀਦਪੁਰ ਨੂੰ ਮਾਲਕੀ ਸਰਟੀਫੀਕੇਟ ਵੀ ਦਿੱਤੇ ਗਏ।

ਬਾਅਦ ਵਿੱਚ ਉਨ੍ਹਾਂ ਨੇ ਕਰਜ਼ਾ ਮੁਆਫੀ ਸਕੀਮ ਦੀ ਸੰਕੇਤਕ ਸ਼ੁਰੂਆਤ ਦੇ ਰੂਪ ਵਿੱਚ 25 ਖੇਤ ਕਾਮਿਆਂ ਅਤੇ ਬੇਜ਼ਮੀਨੇ ਕਿਸਾਨਾਂ ਨੂੰ ਕਰਜ਼ਾ ਰਾਹਤ ਸਰਟੀਫਿਕੇਟ ਵੀ ਸੌਂਪੇ।ਜ਼ਿਕਰਯੋਗ ਹੈ ਕਿ ਇਸ ਸਕੀਮ ਤਹਿਤ ਰੋਪੜ ਅਤੇ ਮੁਹਾਲੀ ਜ਼ਿਲ੍ਹਿਆਂ ਦੇ 7445 ਲਾਭਪਾਤਰੀਆਂ ਲਈ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਵਲੋਂ ਦਿੱਤੇ ਗਏ 12.73 ਕਰੋੜ ਰੁਪਏ ਦੇ ਕਰਜ਼ੇ ਮੁਆਫ ਕੀਤੇ ਜਾਣੇ ਹਨ।

ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ 31 ਜੁਲਾਈ, 2017 ਨੂੰ 2.85 ਲੱਖ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦੇ ਉਨ੍ਹਾਂ ਦੇ ਸਹਿਕਾਰੀ ਕਰਜ਼ਿਆਂ ਦੀ ਮੂਲ ਰਕਮ ਦੇ ਸੰਬੰਧ ਵਿੱਚ 520 ਕਰੋੜ ਰੁਪਏ ਦੇ ਕਰਜ਼ੇ ਅਤੇ 6 ਮਾਰਚ, 2019 ਤੱਕ ਉਕਤ ਰਕਮ ‘ਤੇ 7.0 ਫੀਸਦੀ ਸਧਾਰਨ ਵਿਆਜ ਮੁਆਫ ਕਰਨ ਦਾ ਫੈਸਲਾ ਕੀਤਾ ਹੈ। ਇਹ ਧਿਆਨ ਯੋਗ ਹੈ ਕਿ ਸੂਬਾ ਸਰਕਾਰ ਨੇ ਇਸ ਤੋਂ ਪਹਿਲਾਂ 5.85 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 4700 ਕਰੋੜ ਰੁਪਏ ਦੇ ਕਰਜ਼ੇ (2 ਲੱਖ ਰੁਪਏ ਤੱਕ ਦੇ ਫਸਲੀ ਕਰਜ਼ੇ) ਨੂੰ ਮੁਆਫ ਕਰ ਦਿੱਤਾ ਸੀ।

ਇਸ ਮੌਕੇ ਬੋਲਦਿਆਂ ਮਾਲ ਤੇ ਮੁੜ ਵਸੇਬਾ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਹਾਲ ਹੀ ਵਿੱਚ ਕਈ ਗਰੀਬ- ਪੱਖੀ ਪਹਿਲਕਦਮੀਆਂ ਕੀਤੀਆਂ ਗਈਆਂ ਹਨ, ਜੋ ਰਾਜ ਦੇ ਪ੍ਰਸ਼ਾਸਨ ਵਿੱਚ ਲੋਕਾਂ ਦੇ ਭਰੋਸੇ ਨੂੰ ਬਹਾਲ ਕਰਨ ਵਿੱਚ ਬਹੁਤ ਅਹਿਮ ਸਾਬਤ ਹੋਣਗੀਆਂ। ਉਨ੍ਹਾਂ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਮਿਸ਼ਨ ਲਾਲ ਲਕੀਰ ਅਕਤੂਬਰ ਦੇ ਅੰਤ ਤੱਕ ਜ਼ਰੂਰ ਮੁਕੰਮਲ ਹੋ ਜਾਵੇਗਾ ਕਿਉਂਕਿ ਡਰੋਨ ਪ੍ਰਾਜੈਕਟ ਪਹਿਲਾਂ ਹੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਾਇਲਟ ਪ੍ਰਾਜੈਕਟ ਵਜੋਂ ਲਾਂਚ ਕੀਤਾ ਜਾ ਚੁੱਕਾ ਹੈ ਅਤੇ ਡਿਜੀਟਲ ਮੈਪਿੰਗ ਰਾਹੀਂ ਪੇਂਡੂ ਜਾਇਦਾਦਾਂ ਦੀ ਪਛਾਣ ਕਰਨ ਲਈ ਇਸ ਨੂੰ ਹੋਰ ਸਾਰੇ ਜ਼ਿਲ੍ਹਿਆਂ ਵਿੱਚ ਵੀ ਵਰਤਿਆ ਜਾਵੇਗਾ।

ਇਸ ਦੌਰਾਨ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ ਨੇ ਆਪਣੇ ਸਵਾਗਤੀ ਭਾਸ਼ਣ ਵਿੱਚ ਮੁੱਖ ਮੰਤਰੀ ਨੂੰ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਲਈ ਕਰਜ਼ਾ ਮੁਆਫੀ ਸਕੀਮ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਵਿਧਾਇਕ ਭਾਗ ਸਿੰਘ, ਸਥਾਨਕ ਨੇਤਾਵਾਂ ਅਤੇ ਪਾਰਟੀ ਵਰਕਰਾਂ ਤੋਂ ਇਲਾਵਾ ਰੂਪਨਗਰ ਦੇ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਸ਼ਾਮਲ ਹੋਏ।

Related Articles

Leave a Reply

Your email address will not be published. Required fields are marked *

Back to top button
error: Sorry Content is protected !!