ਮੁੱਖ ਮੰਤਰੀ ਵੱਲੋਂ ਅਬੋਹਰ ਤੋਂ ਭਾਜਪਾ ਵਿਧਾਇਕ ਉਤੇ ਹਮਲੇ ਦੀ ਨਿਖੇਧੀ, ਸੂਬੇ ਦੀ ਸ਼ਾਂਤੀ ਖਰਾਬ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਚਿਤਾਵਨੀ
ਪ੍ਰਧਾਨ ਮੰਤਰੀ ਨੂੰ ਅਜਿਹੀ ਸਥਿਤੀ ਨੂੰ ਅੱਗੇ ਤੋਂ ਰੋਕਣ ਲਈ ਕਿਸਾਨੀ ਸੰਕਟ ਦੇ ਜਲਦੀ ਹੱਲ ਲਈ ਦਖਲ ਦੇਣ ਦੀ ਕੀਤੀ ਅਪੀਲ
ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਨਾਰੰਗ ‘ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ
ਚੰਡੀਗੜ੍ਹ, 27 ਮਾਰਚ
ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵੱਲੋਂ ਕਥਿਤ ਤੌਰ ਉਤੇ ਅਬੋਹਰ ਤੋਂ ਭਾਜਪਾ ਵਿਧਾਇਕ ਅਰੁਣ ਨਾਰੰਗ ਉਤੇ ਕੀਤੇ ਹਮਲੇ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਨਿਖੇਧੀ ਕਰਦਿਆਂ ਸ਼ਨਿਚਰਵਾਰ ਨੂੰ ਕਿਹਾ ਕਿ ਜੋ ਵੀ ਕਾਨੂੰਨ ਆਪਣੇ ਹੱਥਾਂ ਵਿੱਚ ਲੈ ਕੇ ਸੂਬੇ ਦੀ ਸ਼ਾਂਤੀ ਖਰਾਬ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਕਿਸਾਨਾਂ ਨੂੰ ਅਜਿਹੀਆਂ ਹਿੰਸਕ ਘਟਨਾਵਾਂ ਵਿੱਚ ਨਾ ਪੈਣ ਦੀ ਅਪੀਲ ਕਰਨ ਦੇ ਨਾਲ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਗੀ ਕਿ ਉਹ ਅਜਿਹੀ ਸਥਿਤੀ ਨੂੰ ਅੱਗੇ ਤੋਂ ਰੋਕਣ ਲਈ ਖੇਤੀ ਕਾਨੂੰਨਾਂ ਕਾਰਨ ਪੈਦਾ ਹੋਏ ਸੰਕਟ ਦਾ ਜਲਦੀ ਹੱਲ ਕਰਨ।
ਕੈਪਟਨ ਅਮਰਿੰਦਰ ਸਿੰਘ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਵੀ ਕਾਨੂੰਨ ਦੇ ਤਹਿਤ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਜੋ ਵਿਧਾਇਕ ਨੂੰ ਬਚਾਉਣ ਦੀ ਕੋਸ਼ਿਸ਼ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨਾਲ ਵੀ ਭਿੜ ਗਏ।
ਜ਼ਿਕਰਯੋਗ ਹੈ ਕਿ ਗੁਰਮੇਲ ਸਿੰਘ ਪੀ.ਪੀ.ਐਸ, ਐਸ.ਪੀ. ਹੈਡਕੁਆਰਟਰਜ਼ ਫਰੀਦਕੋਟ, ਪ੍ਰਦਰਸ਼ਨਕਾਰੀ ਭੀੜ ਤੋਂ ਵਿਧਾਇਕ ਨੂੰ ਬਚਾਉਣ ਅਤੇ ਬਾਹਰ ਕੱਢਣ ਦੀ ਕੋਸ਼ਿਸ਼ ਦੌਰਾਨ ਜਖ਼ਮੀ ਹੋ ਗਏ। ਉਨ੍ਹਾਂ ਦੇ ਸਿਰ ‘ਤੇ ਲਾਠੀ ਵੀ ਲੱਗੀ ਜਿਸ ਕਾਰਨ ਉਨ੍ਹਾਂ ਦੀ ਪੱਗ ਉੱਤਰ ਗਈ।ਨਉਨ੍ਹਾਂ ਨੂੰ ਮਲੋਟ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿਥੇ ਇਹ ਘਟਨਾ ਵਾਪਰੀ। ਡੀ.ਜੀ.ਪੀ. ਨੇ ਕਿਹਾ ਕਿ ਵਿਧਾਇਕਾਂ ਅਤੇ ਪੁਲਿਸ ਅਧਿਕਾਰੀਆਂ ‘ਤੇ ਹਮਲਾ ਕਰਨ ਵਾਲੇ ਸ਼ੱਕੀ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਥਾਨਕ ਭਾਜਪਾ ਨੇਤਾਵਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਇਸ ਦੇ ਅਧਾਰ ‘ਤੇ ਕਾਨੂੰਨ ਦੀਆਂ ਢੁੱਕਵੀਆਂ ਧਾਰਾਵਾਂ ਲਗਾਈਆਂ ਜਾਣਗੀਆਂ।
ਕੇਂਦਰ ਵਿਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਅਤੇ ਪਿਛਲੇ ਚਾਰ ਮਹੀਨਿਆਂ ਤੋਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਕਿਸਾਨਾਂ ਵਿਚ ਤਣਾਅ ਵਧਣ ਦੇ ਕਾਰਨ ਅੱਜ ਪੰਜਾਬ ਦੇ ਵੱਖ ਵੱਖ ਹਿੱਸਿਆਂ ਤੋਂ ਭਾਜਪਾ ਨੇਤਾਵਾਂ ਵਿਰੁੱਧ ਰੋਸ ਪ੍ਰਦਰਸ਼ਨ ਦੀਆਂ ਕਈ ਘਟਨਾਵਾਂ ਰਿਪੋਰਟ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਜਮਹੂਰੀ ਹੱਕ ਹੈ ਪਰ ਕਿਸੇ ਵੀ ਤਰ੍ਹਾਂ ਦੀ ਹਿੰਸਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਿਸੇ ਵੀ ਕੀਮਤ ‘ਤੇ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਵਿਧਾਇਕ ”ਤੇ ਹੋਏ ਹਮਲੇ ਨੂੰ ਰੋਕਦਿਆਂ, ਭਾਜਪਾ ਦੇ ਹੋਰ ਆਗੂਆਂ ਨੂੰ ਪ੍ਰਦਰਸ਼ਨ ਵਾਲੀਆਂ ਥਾਵਾਂ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
ਕਿਸਾਨਾਂ ਅਤੇ ਕੇਂਦਰ ਦਰਮਿਆਨ ਬਣੀ ਤਣਾਅਪੂਰਨ ਸਥਿਤੀ ਦੇ ਹੱਲ ਲਈ ਪ੍ਰਧਾਨ ਮੰਤਰੀ ਦੇ ਤੁਰੰਤ ਦਖਲ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਕਿਸੇ ਵੀ ਤਰ੍ਹਾਂ ਦੀ ਦੇਰੀ ਅੰਦੋਲਨਕਾਰੀ ਕਿਸਾਨਾਂ ਵਿਚ ਹੋਰ ਬੇਚੈਨੀ ਪੈਦਾ ਕਰੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸਰਹੱਦ ਪਾਰੋਂ ਪਾਕਿਸਤਾਨ ਦੀ ਹਮਾਇਤ ਪ੍ਰਾਪਤ ਅਤਿਵਾਦੀ ਸੰਗਠਨਾਂ, ਜੋ ਪਹਿਲਾਂ ਹੀ ਸਥਿਤੀ ਦਾ ਫਾਇਦਾ ਉਠਾਉਣ ਦੀ ਤਾਕ ਵਿੱਚ ਰਹਿੰਦੇ ਹਨ, ਤੋਂ ਵੱਧ ਰਹੇ ਖ਼ਤਰੇ ਦੇ ਨਾਲ ਇਹ ਪੰਜਾਬ ਅਤੇ ਦੇਸ਼ ਦੀ ਸੁਰੱਖਿਆ ਲਈ ਵੱਡਾ ਖ਼ਤਰਾ ਹੋ ਸਕਦਾ ਹੈ।
ਉਨ੍ਹਾਂ ਮੁੜ ਦੁਹਰਾਇਆ ਕਿਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਕੇ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨਾ ਚਾਹੀਦਾ ਹੈ ਅਤੇ ਕਿਸਾਨਾਂ ਨਾਲ ਵਿਚਾਰ ਚਰਚਾ ਕਰਕੇ ਉਨ੍ਹਾਂ ਦੀ ਜਾਣਕਾਰੀ ਅਤੇ ਫੀਡਬੈਕ ਦੇ ਅਧਾਰ ‘ਤੇ ਨਵੇਂ ਕਾਨੂੰਨ ਤਿਆਰ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ 4 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਖਿਲਾਫ਼ ਸੜਕਾਂ ‘ਤੇ ਹਨ ਅਤੇ ਕੇਂਦਰ ਸਰਕਾਰ ਵੱਲੋਂ ਪਿੱਛੇ ਹਟਣ ਦੇ ਕੋਈ ਸੰਕੇਤ ਨਾ ਮਿਲਣ ‘ਤੇ ਕਿਸਾਨਾਂ ਵਿਚ ਰੋਸ ਵਧਦਾ ਜਾ ਰਿਹਾ ਸੀ।
ਪੰਜਾਬ ਭਾਜਪਾ ਦੇ ਆਗੂਆਂ ਵੱਲੋਂ ਇਸ ਮੁੱਦੇ ਉਤੇ ਉਨ੍ਹਾਂ ਦੇ ਅਸਤੀਫੇ ਦੀ ਕੀਤੀ ਜਾ ਰਹੀ ਮੰਗ ਉਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੀ ਘਟਨਾ ਉਤੇ ਰਾਜਸੀ ਰੋਟੀਆਂ ਸੇਕਣ ਦੀ ਕੋਸ਼ਿਸ਼ ਕਰਨ ਦੀ ਬਜਾਏ ਉਨ੍ਹਾਂ ਨੂੰ ਕੇਂਦਰੀ ਲੀਡਰਸ਼ਿਪ ਉਤੇ ਵਿਵਾਦਤ ਖੇਤੀ ਕਾਨੂੰਨ ਵਾਪਸ ਲੈਣ ਲਈ ਦਬਾਅ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਾਜਪਾ ਆਗੂਆਂ ਨੂੰ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੂੰ ਕਿਸਾਨਾਂ ਵਿੱਚ ਪੈਦਾ ਹੋਏ ਅਸਲ ਗੁੱਸੇ ਤੋਂ ਜਾਣੂੰ ਕਰਵਾਉਣਾ ਚਾਹੀਦਾ ਹੈ ਜਿਸ ਨੂੰ ਭਾਰਤ ਸਰਕਾਰ ਪੰਜਾਬ ਵਿੱਚ ਕਾਂਗਰਸ ਦਾ ਹੱਥਕੰਡਾ ਕਹਿ ਕੇ ਹਕੀਕਤ ਉਤੇ ਪਰਦਾ ਪਾ ਰਹੀ ਹੈ।
ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਨਾਰੰਗ ‘ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ
ਚੰਡੀਗੜ੍ਹ, 27 ਮਾਰਚ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਮਲੋਟ ਵਿਖੇ ਅਬੋਹਰ ਤੋਂ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਅਰੁਣ ਨਾਰੰਗ ’ਤੇ ਹੋਏ ਹਮਲੇ ਦੀ ਸਖਤ ਨਿੰਦਾ ਕੀਤੀ ਹੈ।
ਅੱਜ ਇਥੇ ਜਾਰੀ ਇੱਕ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ ਲੋਕਤੰਤਰ ਵਿੱਚ ਅਜਿਹੀਆਂ ਘਟਨਾਵਾਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ, “ਇਹ ਕੇਵਲ ਨਾ-ਬਰਦਾਸ਼ਤ ਯੋਗ ਹੀ ਨਹੀਂ ਬਲਕਿ ਬਹੁਤ ਨਿੰਦਣਯੋਗ ਵੀ ਹੈ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ।
ਉਨ੍ਹਾਂ ਕਿਹਾ, “ਅਸੀਂ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥਾਂ ਵਿਚ ਲੈਣ ਦੀ ਆਗਿਆ ਨਹੀਂ ਦੇਵਾਂਗੇ।” ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਦਾ ਉਦੇਸ਼ ਕਿਸਾਨਾਂ ਦੇ ਅੰਦੋਲਨ ਨੂੰ ਬਦਨਾਮ ਅਤੇ ਕਮਜ਼ੋਰ ਕਰਨਾ ਹੈ।
ਸਪੀਕਰ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਨੂੰ ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਡੀਜੀਪੀ ਤੋਂ ਇਸ ਘਟਨਾ ਅਤੇ ਕੀਤੀ ਗਈ ਕਾਰਵਾਈ ਬਾਰੇ ਸਮਾਂਬੱਧ ਰਿਪੋਰਟ ਮੰਗੀ ਹੈ।