Punjab

ਮੁੱਖ ਮੰਤਰੀ ਤੁਰੰਤ ਸਹਿਕਾਰੀ ਬੈਂਕਾਂ ਨੁੰ ਕਿਸਾਨਾਂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕਰਨੇ ਬੰਦ ਕਰਨ ਦੀ ਹਦਾਇਤ ਦੇਣ : ਅਕਾਲੀ ਦਲ

ਆਮ ਆਦਮੀ ਪਾਰਟੀ ਸਰਕਾਰ ਕਿਸਾਨਾਂ ਨੂੰ ਕਣਕ ’ਤੇ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਵੇ ਤੇ ਡੀਜ਼ਲ ’ਤੇ ਵੈਟ ਘਟਾਵੇ : ਡਾ. ਦਲਜੀਤ ਸਿੰਘ ਚੀਮਾ
ਚੰਡੀਗੜ੍ਹ, 21 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨੁੰ ਆਖਿਆ ਕਿ ਉਹ ਸਹਿਕਾਰੀ ਬੈਂਕਾਂ ਨੂੰ ਹਦਾਇਤ ਦੇਣ ਕਿ ਉਹ ਉਹਨਾਂ ਕਿਸਾਨਾਂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕਰਨੇ ਬੰਦ ਕਰੇ ਜਿਹਨਾਂ ਨੇ ਮਾੜੇ ਵਿੱਤੀ ਹਾਲਾਤ ਕਾਰਨ ਆਪਣੇ ਕਰਜ਼ੇ ਨਹੀਂ ਉਤਾਰੇ ਕਿਉਂਕਿ ਜਿਣਸ ਦਾ ਜਿਥੇ ਇਸ ਵਾਰ ਝਾੜ ਘੱਟ ਗਿਆ ਹੈ, ਉਥੇ ਹੀ ਖੇਤੀਬਾੜੀ ਦੀ ਲਾਗਤ ਵੱਧ ਗਈ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਹੈਰਾਨੀ ਪ੍ਰਗਟ ਕੀਤੀ ਕਿ ਬਠਿੰਡਾ, ਮਾਨਸਾ, ਫਿਰੋਜ਼ਪੁਰ ਤੇ ਫਾਜ਼ਿਲਕਾ ਜ਼ਿਲ੍ਹਿਆਂ ਵਿਚ ਪੰਜਾਬ ਖੇਤੀਬਾੜੀ ਵਿਕਾਬ ਬੈਂਕ ਤੋਂ ਲਏ ਕਰਜ਼ੇ ਮੋੜਨ ਵਿਚ ਫੇਲ੍ਹ ਹੋਏ ਕਿਸਾਨਾਂ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤੇ ਜਾ ਰਹੇ ਹਨ।  ਉਹਨਾਂ ਕਿਹਾ ਕਿ ਜ਼ਿਆਦਾ ਡਿਫਾਲਟ ਸੂਬੇ ਦੀ ਨਰਮਾ ਪੱਟੀ ਦੇ ਕਿਸਾਨ ਹਨ।
ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਨੂੰ ਖੇਤੀਬਾੜੀ ਸੰਕਟ ਤੋਂ ਭਲੀ ਭਾਂਤ ਜਾਣੂ ਹਨ ਤੇ ਉਹ ਆਪ ਵੀ ਹਮੇਸ਼ਾ ਕਿਸਾਨਾਂ ਨਾਲ ਸਖ਼ਤੀ ਵਰਤਣ ਦਾ ਵਿਰੋਧ ਕਰਦੇ ਰਹੇ ਹਨ। ਉਹਨਾਂ ਮੰਗ ਕੀਤੀ ਕਿ ਗ੍ਰਿਫਤਾਰੀ ਵਾਰੰਟ ਤੁਰੰਤ ਵਾਪਸ ਲਏ ਜਾਣ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੁੰ ਕਿਸਾਨਾਂ ਦੀ ਹਰ ਸੰਭਵ ਮਦਦ ਕਰਨੀ ਚਾਹੀਦੀ ਹੈ, ਉਹਨਾਂ ਨੁੰ ਕਣਕ ਦਾ ਝਾੜ ਘੱਟਣ ’ਤੇ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਡੀਜ਼ਲ ’ਤੇ ਵੈਟ ਘਟਾਉਣਾ ਚਾਹੀਦਾ ਹੈ ਕਿਉਂਕਿ ਇਕ ਮਹੀਨੇ ਵਿਚ ਇਸਦੀ ਕੀਮਤ ਵਿਚ ਚੋਖਾ ਵਾਧਾ ਹੋਇਆ ਹੈ ਤੇ ਇਸ ਤੋਂ ਇਲਾਵਾ ਕਿਸਾਨਾਂ ਦਾ ਕਰਜ਼ਾ ਘਟਾਉਣ ਲਈ ਹੋਰ ਸਕੀਮਾਂ ਸ਼ੁਰੂ ਕਰਨੀਆਂ ਚਾਹੀਦੀਆਂ ਹਨ। 
ਡਾ. ਚੀਮਾ ਨੇ ਸਪਸ਼ਟ ਕੀਤਾ ਕਿ ਅਕਾਲੀ ਦਲ ਸੂਬੇ ਵਿਚ ਕਿਸਾਨਾਂ ਦੀ ਗ੍ਰਿਫਤਾਰੀ ’ਤੇ ਚੁੱਪ ਨਹੀਂ ਬੈਠੇਗਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੁੰ ਆਪਣੀ ਕਹੀ ਗੱਲ ਪੁਗਾਉਣੀ ਚਾਹੀਦੀ ਹੈ ਤੇ ਬਜਾਏ ਕਿਸਾਨਾਂ ਦੇ ਗ੍ਰਿਫਤਰੀ ਵਾਰੰਟ ਜਾਰੀ ਕਰ ਕੇ ਉਹਨਾਂ ਨੂੰ ਜ਼ਲੀਲ ਤੇ ਖਜੱਲ ਖੁਆਰ ਕਰਨ ਤੇ ਉਹਨਾਂ ਨੂੰ ਕਰਜ਼ੇ ਦੇ ਜਾਲ ਵਿਚੋਂ ਕੱਢਣ ਦੇ ਯਤਨ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਇਸ ਤਰੀਕੇ ਨਾਲ ਪਹਿਲਾਂ ਵੀ ਮਾਰੂ ਅਸਰ ਪਿਆ ਹੈ ਤੇ ਬਠਿੰਡਾ ਤੇ ਮਾਨਸਾ ਦੇ ਕਿਸਾਨਾਂ ਨੇ ਕਣਕ ਦਾ ਝਾੜ ਘੱਟ ਨਿਕਲਣ ਕਾਰਨ ਕਰਜ਼ਾ ਵਧਣ ਦੇ ਡਰੋਂ ਖੁਦਕੁਸ਼ੀਆਂ ਕੀਤੀਆਂ ਹਨ।
ਅਕਾਲੀ ਆਗੂ ਨੇ ਹੈਰਾਨੀ ਪ੍ਰਗਟ ਕੀਤੀ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਸਮੇਂ ਸਿਰ ਕਦਮ ਕਿਉਂ ਨਹੀਂ ਚੁੱਕਿਆ ਤੇ ਪੰਜਾਬ ਦੇ ਕਿਸਾਨਾਂ ਨੁੰ ਕਣਕ ਦਾ ਝਾੜ ਘੱਟ ਨਿਕਲਣ ’ਤੇ ਉਹਨਾਂ ਨੁੰ ਵਿਆਪਕ ਮੁਆਵਜ਼ਾ ਦੇਣ ਦਾ ਐਲਾਨ ਕਿਉਂ ਨਹੀਂ ਕੀਤਾ। ਉਹਨਾਂ ਕਿਹਾ ਕਿ ਵੱਧ ਮੀਂਹ ਪੈਣ ਮਗਰੋਂ ਤਾਪਮਾਨ ਵਿਚ ਚੋਖਾ ਵਾਧਾ ਹੋਣ ਦੇ ਬਾਵਜੂਦ ਇਸਨੁੰ ਕੁਦਰਤੀ ਆਫਤ ਐਲਾਨ ਕੇ ਡਿਜ਼ਾਸਟਰ ਮੈਨੇਜਮੈਂਟ ਫੰਡ ਵਿਚੋਂ ਪੈਸੇ ਜਾਰੀ ਕਰਨ ਦੀ ਮੰਗ ਲਈ ਕੋਈ ਯਤਨ ਨਹੀਂ ਕੀਤੇ ਗਏ। ਉਹਨਾਂ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਵਾਸਤੇ ਵੀ ਹੁਣ ਤੱਕ ਨਹੀਂ ਆਖਿਆ। 
ਡਾ. ਚੀਮਾ ਨੇ ਮੁੱਖ ਮੰਤਰੀ ਨੂੰ ਇਹ ਵੀ ਕਿਹਾ ਕਿ ਉਹ ਸਰਗਰਮ ਹੋਣ ਅਤੇ ਕੇਂਦਰ ਸਰਕਾਰ ਨੁੰ ਬੇਨਤੀ ਕਰਨ ਕਿ ਉਹ ਸਹਿਕਾਰੀ ਬੈਂਕਾਂ ਅਤੇ ਲੈਂਡ ਮਾਰਗੇਜ਼ ਬੈਂਕਾਂ ਨੁੰ ਪੈਸਾ ਜਾਰੀ ਕਰੇ। ਉਹਨਾਂ ਕਿਹਾ ਕਿ ਨਬਾਰਡ ਨੇ ਪੈਸੇ ਦੇਣ ’ਤੇ ਰੋਕ ਲਗਾ ਰੱਖੀ ਹੈ ਜਿਸ ਕਾਰਨ ਪੰਜਾਬ ਦੇ ਬੈਂਕ ਕਿਸਾਨਾਂ ਨੂੰ ਕਰਜ਼ੇ ਨਹੀਂ ਦੇ ਰਹੇ। ਉਹਨਾਂ ਕਿਹਾ ਕਿ ਹਾਲ ਹੀ ਵਿਚ ਕਣਕ ਦਾ ਝਾੜ ਘੱਟ ਨਿਕਲਣ ਕਾਰਨ ਆੜ੍ਹਤੀਏ ਵੀ ਕਿਸਾਨਾਂ ਨੁੰ ਕਰਜ਼ੇ ਨਹੀਂ ਦੇ ਰਹੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਤੁਰੰਤ ਮਾਮਲੇ ਵਿਚ ਦਖਲ ਦੇਣਾ ਚਾਹੀਦਾ ਹੈ ਅਤੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਹੱਲ ਕਰਨੀਆਂ ਚਾਹੀਦੀਆਂ ਹਨ।

Related Articles

Leave a Reply

Your email address will not be published. Required fields are marked *

Back to top button
error: Sorry Content is protected !!