Punjab
*ਪੰਜਾਬ ਭਰ ‘ਚ 16 ਕਿਸਾਨ-ਜਥੇਬੰਦੀਆਂ ਵੱਲੋਂ ਧਰਨੇ*
*ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਐਕਸੀਅਨ ਦਫ਼ਤਰ ਘੇਰੇ*
*ਮੁੱਖ ਮੰਤਰੀ ਪੰਜਾਬ ਨੂੰ ਭੇਜੇ ਮੰਗ ਪੱਤਰ*
ਚੰਡੀਗੜ੍ਹ :-
ਪੰਜਾਬ ਦੀਆਂ 16 ਸੰਘਰਸ਼ਸ਼ੀਲ ਕਿਸਾਨ-ਜਥੇਬੰਦੀਆਂ ਵੱਲੋਂ ਸੂਬੇ ਭਰ ‘ਚ ਨਹਿਰੀ ਵਿਭਾਗ ਦੇ ਐਕਸੀਅਨ ਦਫ਼ਤਰਾਂ ਸਾਹਮਣੇ ਧਰਨੇ ਦਿੱਤੇ ਗਏ ਅਤੇ ਮਾਣਯੋਗ ਮੁੱਖ ਮੰਤਰੀ ਪੰਜਾਬ ਸਰਕਾਰ ਨੂੰ ਮੰਗ-ਪੱਤਰ ਭੇਜਦਿਆਂ ਮੰਗ ਕੀਤੀ ਕਿ
ਪੰਜਾਬ ਸਰਕਾਰ ਵਲੋਂ ਜ਼ਮੀਨ ਹੇਠਲੇ ਪਾਣੀ ਦੀ ਅਹਿਮੀਅਤ ਨੂੰ ਦੇਖਦਿਆਂ ਅਤੇ ਖੇਤੀ ਸੰਕਟ ਦੇ ਹੱਲ ਵਜੋਂ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕੀਤੇ ਜਾਣ ਦੀ ਨੀਤੀ ਨੂੰ ਤਰਜੀਹ ਦੇਣ ਦੇ ਬਾਵਜੂਦ ਸਰਕਾਰ ਵਲੋਂ ਨਹਿਰੀ ਪਾਣੀ ਦੀ ਟੇਲਾਂ ਤੱਕ ਢੁੱਕਵੀਂ ਵਿਵਸਥਾ ਕਰਨ ਵਿੱਚ ਦੇਰੀ ਕੀਤੀ ਜਾ ਰਹੀ ਹੈ।
ਕਿਸਾਨ-ਆਗੂ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਨਹਿਰੀ ਪਾਣੀ ਸਬੰਧੀ ਸਰਕਾਰ ਦੀ ਅਜਿਹੀ ਦੇਰੀ ਦਾ ਨੋਟਿਸ ਲੈ ਰਹੀਆਂ ਹਨ। ਇਸ ਨਾਲ ਪੰਜਾਬ ਸਰਕਾਰ ਵਲੋਂ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਦੀ ਗੰਭੀਰਤਾ ਉੱਪਰ ਸਵਾਲ ਖੜ੍ਹੇ ਹੁੰਦੇ ਹਨ।ਸੋ ਅੱਜ ਰੋਸ ਵਜੋਂ ਨਹਿਰੀ ਵਿਭਾਗ ਦੇ ਦਫਤਰਾਂ ਸਾਹਮਣੇ ਇੱਕਠੇ ਹੋ ਕੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜ ਕੇ ਮੰਗ ਕੀਤੀ ਜਾ ਰਹੀ ਹੈ ਕਿ
1.ਪੰਜਾਬ ਸਰਕਾਰ ਫੌਰੀ ਨਹਿਰਾਂ ਨੂੰ ਚਾਲੂ ਕਰਕੇ ਨਹਿਰੀ ਪਾਣੀ ਦੀ ਵਿਵਸਥਾ ਦਾ ਪ੍ਰਬੰਧ ਕਰੇ।
2. ਕੱਸੀਆਂ ਅਤੇ ਰਜਬਾਹਿਆਂ ਦੀ ਸਾਫ਼ ਸਫ਼ਾਈ ਕਰਵਾਕੇ ਟੇਲਾ ਤੱਕ ਪਾਣੀ ਦੀ ਪਹੁੰਚ ਯਕੀਨੀ ਬਣਾਈ ਜਾਵੇ।
ਉਮੀਦ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਇਨ੍ਹਾਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਨ੍ਹਾਂ ਸਬੰਧੀ ਹਰੇਕ ਪੱਧਰ ਤੇ ਢੁੱਕਵੀਂ ਕਾਰਵਾਈ ਕਰਕੇ ਹੁਕਮ ਜਾਰੀ ਕਰੇਗੀ। ਵੱਖ-ਵੱਖ ਥਾਵਾਂ ‘ਤੇ ਸੰਬੋਧਨ ਕਰਨ ਵਾਲੇ ਆਗੂਆਂ ‘ਚ ਭਾਰਤੀ ਯੂਨੀਅਨ-ਏਕਤਾ(ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਬੀਕੇਯੂ-ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਸਤਨਾਮ ਸਿੰਘ ਅਜਨਾਲਾ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਕੁੱਲ ਹਿੰਦ ਕਿਸਾਨ ਸਭਾ ਦੇ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ, ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਬੀਕੇਯੂ-ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ, ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਬਲਵਿੰਦਰ ਸਿੰਘ ਔਲਖ਼, ਆਲ ਇੰਡੀਆ ਕਿਸਾਨ ਸੰਘਰਸ਼ ਕਮੇਟੀ ਦੇ ਸਤਨਾਮ ਸਿੰਘ ਬਹਿਰੂ, ਭਾਰਤੀ ਕਿਸਾਨ ਮੰਚ ਦੇ ਬੂਟਾ ਸਿੰਘ ਸ਼ਾਦੀਪੁਰ, ਦੋਆਬਾ ਕਿਸਾਨ ਕਮੇਟੀ ਦੇ ਜੰਗਬੀਰ ਚੌਹਾਨ, ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਮੁਕੇਸ਼ ਚੰਦਰ, ਕਿਸਾਨ ਬਚਾਓ ਮੋਰਚਾ ਦੇ ਕਿਰਪਾ ਸਿੰਘ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਕਿਰਨਜੀਤ ਸਿੰਘ ਸੇਖ਼ੋਂ, ਦੋਆਬਾ ਕਿਸਾਨ ਯੂਨੀਅਨ ਦੇ ਕੁਲਦੀਪ ਸਿੰਘ ਵਜ਼ੀਦਪੁਰ ਅਤੇ ਬੀਕੇਯੂ-ਪੰਜਾਬ ਦੇ ਫੁਰਮਾਨ ਸਿੰਘ ਸੰਧੂ ਨੇ ਸੰਬੋਧਿਤ ਕੀਤਾ।