Punjab
ਕੋਵਿਡ ਕੇਸਾਂ ਵਿੱਚ ਵਾਧੇ ਤੋਂ ਪ੍ਰਤੀਤ ਹੁੰਦਾ ਹੈ ਕਿ ਇਹ ਸਕੂਲ ਤੇ ਕਾਲਜ ਖੋਲ੍ਹਣ ਦਾ ਨਤੀਜਾ : ਸੂਬਾ ਸਰਕਾਰ ਦੇ ਮਾਹਿਰਾਂ ਦੀ ਟੀਮ ਦੇ ਮੁਖੀ ਡਾ. ਕੇ.ਕੇ. ਤਲਵਾੜ
ਸੂਬੇ ਵਿੱਚ ਕੋਵਿਡ ਕੇਸਾਂ ਵਿੱਚੋਂ 40 ਫੀਸਦੀ ਕੇਸ 30 ਸਾਲ ਤੋਂ ਘੱਟ ਵਸੋਂ ਵਾਲੇ
ਚੰਡੀਗੜ੍ਹ, 19 ਮਾਰਚ
ਕੋਵਿਡ ਦੇ ਮੁੜ ਪੈਰ ਪਸਾਰਨ ‘ਤੇ ਸਖ਼ਤ ਕਾਰਵਾਈ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਲਕ ਤੋਂ ਸੂਬਾ ਭਰ ਵਿੱਚ ਵਿਆਪਕ ਪੱਧਰ ਉਤੇ ਬੰਦਿਸ਼ਾਂ ਲਾਉਣ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਾਰੀਆਂ ਵਿਦਿਅਕ ਸੰਸਥਾਵਾਂ 31 ਮਾਰਚ ਤੱਕ ਬੰਦ ਰੱਖਣ ਅਤੇ ਸਿਨੇਮਾ ਘਰਾਂ/ਮਾਲਜ਼ ਦੀ ਸਮਰੱਥਾ ‘ਤੇ ਵੀ ਰੋਕ ਲਾਉਣ ਦੇ ਆਦੇਸ਼ ਜਾਰੀ ਕੀਤੇ ਹਨ।
ਕੋਵਿਡ ਸਮੀਖਿਆ ਦੌਰਾਨ ਕੋਵਿਡ ਸਬੰਧੀ ਸੂਬਾ ਸਰਕਾਰ ਦੇ ਮਾਹਿਰਾਂ ਦੀ ਟੀਮ ਦੇ ਮੁਖੀ ਡਾ. ਕੇ.ਕੇ. ਤਲਵਾੜ ਨੇ ਕਿਹਾ ਕਿ ਕੋਵਿਡ ਕੇਸਾਂ ਵਿੱਚ ਵਾਧੇ ਤੋਂ ਪ੍ਰਤੀਤ ਹੁੰਦਾ ਹੈ ਕਿ ਇਹ ਸਕੂਲ ਤੇ ਕਾਲਜ ਖੋਲ੍ਹਣ ਦਾ ਨਤੀਜਾ ਹੈ ਅਤੇ ਬਗੈਰ ਲੱਛਣਾਂ ਵਾਲੇ ਨੌਜਵਾਨਾਂ ਵੱਲੋਂ ਵਾਇਰਸ ਦਾ ਫੈਲਾਅ ਕਰਨਾ ਜਾਪਦਾ ਹੈ। ਅਜੇ ਤੱਕ ਅਜਿਹਾ ਕੋਈ ਸਬੂਤ ਨਹੀਂ ਮਿਲਿਆ ਕਿ ਜਿਸ ਤੋਂ ਇਹ ਪਤਾ ਲੱਗ ਸਕੇ ਕਿ ਵਾਇਰਸ ਦੇ ਨਵੇਂ ਰੂਪ ਦੀ ਆਮਦ ਕਾਰਨ ਇਹ ਵਾਧਾ ਹੋਇਆ ਜਦਕਿ ਪੰਜਾਬ ਵਿੱਚ ਵਾਇਰਸ ਦੇ ਨਵੇਂ ਰੂਪ ਦੇ ਹਾਲੇ ਤੱਕ ਸਿਰਫ ਦੋ ਕੇਸ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਕੋਵਿਡ ਕੇਸਾਂ ਵਿੱਚੋਂ 40 ਫੀਸਦੀ ਕੇਸ 30 ਸਾਲ ਤੋਂ ਘੱਟ ਵਸੋਂ ਵਾਲੇ ਹਨ।