*ਭਾਜਪਾ ਨੇ ਮਾਝਾ, ਮਾਲਵਾ ਅਤੇ ਦੋਆਬਾ ਖੇਤਰਾਂ ਵਿੱਚੋਂ ਕਾਂਗਰਸ ਅਤੇ ਅਕਾਲੀ ਦਲ ਦੇ ਕਈ ਵੱਡੇ ਥੰਮ੍ਹ ਉਖਾੜੇ*
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੀ ਚੰਡੀਗੜ੍ਹ ਫੇਰੀ ਦੌਰਾਨ ਪੰਜਾਬ ਦੀ ਸਿਆਸਤ ਵਿੱਚ ਭੂਚਾਲ ਲਿਆਂਦੀਆਂ ਪੰਜਾਬ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਦਿੰਦਿਆਂ ਉਹਨਾਂ ਦੇ ਕਈ ਦਿੱਗਜ ਆਗੂਆਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਇਆ ਹੈ। ਭਾਜਪਾ ਦਫ਼ਤਰ ਪੁੱਜਣ ‘ਤੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣੀ ਟੀਮ ਦੇ ਅਹੁਦੇਦਾਰਾਂ ਅਮੇਟ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਫੁੱਲਾਂ ਦੀ ਵਰਖਾ ਅਤੇ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ
ਚੰਡੀਗੜ੍ਹ ਭਾਜਪਾ ਹੈੱਡਕੁਆਰਟਰ ਵਿਖੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਉਲੀਕੇ ਪ੍ਰੋਗਰਾਮ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਨ੍ਹਾਂ ਸਾਰੇ ਆਗੂਆਂ ਨੂੰ ਭਾਜਪਾ ਪਰਿਵਾਰ ਵਿਚ ਸ਼ਾਮਲ ਕਰਵਾਇਆ। ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗੁਵਾਈ ਹੇਠ ਅੱਜ ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅੰਮ੍ਰਿਤਸਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਡਾ: ਰਾਜ ਕੁਮਾਰ ਵੇਰਕਾ, ਸਾਬਕਾ ਮੰਤਰੀ ਸ਼ਿਆਮ ਸੁੰਦਰ ਅਰੋੜਾ, ਬਲਬੀਰ ਸਿੱਧੂ, ਮੁਹਾਲੀ ਦੇ ਮੇਅਰ ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ ਕਾਂਗੜ, ਕਾਂਗਰਸ ਦੇ ਮਾਲਵਾ ਖੇਤਰ ਦੇ ਸੀਨੀਅਰ ਆਗੂ ਕੇਵਲ ਢਿੱਲੋਂ, ਕਮਲਜੀਤ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਤੋਂ ਬੀਬੀ ਮਹਿੰਦਰ ਕੌਰ ਜੋਸ਼ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬਠਿੰਡਾ ਸ਼ਹਿਰੀ ਤੋਂ ਸਾਬਕਾ ਵਿਧਾਇਕ ਸਰੂਪ ਸਿੰਗਲਾ ਸ਼ਾਮਲ ਹਨ। ਇਹਨਾਂ ਸਾਰੀਆਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਹ ਸਾਰੇ ਆਗੂ ਆਪੋ-ਆਪਣੇ ਖੇਤਰਾਂ ਵਿੱਚ ਭਾਜਪਾ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾ ਕੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨਗੇ।
ਇਸ ਮੌਕੇ ਸੰਗਠਨ ਦੇ ਕੌਮੀ ਜਨਰਲ ਸਕੱਤਰ ਬੀ.ਐੱਲ.ਸੰਤੋਸ਼, ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਕੌਮੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਦੁਸ਼ਯੰਤ ਗੌਤਮ, ਭਾਜਪਾ ਦੇ ਕੌਮੀ ਉਪ ਪ੍ਰਧਾਨ ਸੌਦਾਨ ਸਿੰਘ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਕੌਮੀ ਸਕੱਤਰ ਅਤੇ ਸਹਿ-ਇੰਚਾਰਜ ਡਾ: ਨਰਿੰਦਰ ਸਿੰਘ ਰੈਣਾ, ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ, ਦਿਆਲ ਸਿੰਘ ਸੋਢੀ, ਸੀਨੀਅਰ ਆਗੂ ਸੁਨੀਲ ਜਾਖੜ, ਮਨਜਿੰਦਰ ਸਿੰਘ ਸਿਰਸਾ ਅਤੇ ਫਤਿਹਜੰਗ ਸਿੰਘ ਬਾਜਵਾ ਵੀ ਹਾਜ਼ਰ ਸਨI