SGPC ਚੋਣਾਂ ‘ਚ ਸਹਿਜਧਾਰੀ ਸਿੱਖਾਂ ਦੇ ਵੋਟ ਦੇ ਅਧਿਕਾਰ ਦੇ ਮਾਮਲੇ ‘ਚ ਹਾਈਕੋਰਟ ਨੇ SGPC ਤੋਂ ਜਵਾਬ ਕੀਤਾ ਤਲਬ
ਸਹਿਜਧਾਰੀ ਸਿੱਖ ਪਾਰਟੀ ਨੇ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਸਹਿਜਧਾਰੀ ਸਿੱਖਾਂ ਦੇ ਵੋਟ ਦੇ ਅਧਿਕਾਰ ਨੂੰ ਖਤਮ ਕਰਨ ਦੇ ਖਿਲਾਫ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਕੇਂਦਰ ਸਰਕਾਰ ਨੇ ਜੋ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਸਹਿਜਧਾਰੀ ਸਿੱਖਾਂ ਦੇ ਵੋਟ ਦੇ ਅਧਿਕਾਰ ਨੂੰ ਖਤਮ ਕਰਨ ਲਈ ਸਿੱਖ ਗੁਰਦੁਆਰਾ ਐਕਟ ਵਿੱਚ ਸੋਧ ਕੀਤੀ ਗਈ ਹੈ , ਨੂੰ ਰੱਦ ਕਰਨ ਲਈ ਸਹਿਜਧਾਰੀ ਸਿੱਖ ਪਾਰਟੀ ਵੱਲੋਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ।
ਹਾਈਕੋਰਟ ਨੇ ਹੁਣ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਤੋਂ ਜਵਾਬ ਮੰਗਿਆ ਹੈ, ਇਹ ਪਟੀਸ਼ਨ ਹਾਈ ਕੋਰਟ ਵਿੱਚ 2017 ਤੋਂ ਪੈਂਡਿੰਗ ਹੈ। ਸਤੰਬਰ 2019 ਵਿੱਚ ਹਾਈ ਕੋਰਟ ਨੇ ਸ਼੍ਰੋਮਣੀ ਕਮੇਟੀ ਨੂੰ ਇਸ ਮਾਮਲੇ ਵਿੱਚ ਚਾਰ ਹਫ਼ਤਿਆਂ ਵਿੱਚ ਜਵਾਬ ਦੇਣ ਦੇ ਹੁਕਮ ਦਿੱਤੇ ਸਨ ਪਰ ਅੱਜ ਤੱਕ ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਖ਼ਲ ਨਹੀਂ ਕੀਤਾ। ਹੁਣ ਹਾਈ ਕੋਰਟ ਨੇ ਸ਼੍ਰੋਮਣੀ ਕਮੇਟੀ ਨੂੰ 7 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
ਸਹਿਜਧਾਰੀ ਸਿੱਖ ਪਾਰਟੀ ਦੇ ਪ੍ਰਧਾਨ ਪਰਮਜੀਤ ਸਿੰਘ ਰਾਣੂ ਨੇ ਇਹ ਪਟੀਸ਼ਨ ਦਾਇਰ ਕਰਕੇ ਹਾਈ ਕੋਰਟ ਨੂੰ ਦੱਸਿਆ ਹੈ ਕਿ ਸਿੱਖ ਗੁਰਦੁਆਰਾ ਐਕਟ 1925 ਵਿੱਚ ਲਾਗੂ ਹੋਇਆ ਸੀ। 1944 ਵਿੱਚ ਐਕਟ ਵਿੱਚ ਸੋਧ ਕਰਕੇ ਸਹਿਜਧਾਰੀ ਸਿੱਖ ਸ਼ਬਦ ਨੂੰ ਐਕਟ ਵਿੱਚ ਸ਼ਾਮਲ ਕੀਤਾ ਗਿਆ ਸੀ ਪਰ 2003 ਵਿੱਚ ਬਿਨਾਂ ਕਿਸੇ ਪ੍ਰਕਿਰਿਆ ਦੀ ਪਾਲਣਾ ਕਰਦਿਆਂ ਕੇਂਦਰ ਸਰਕਾਰ ਨੇ ਸਹਿਜਧਾਰੀ ਸ਼ਬਦ ਨੂੰ ਐਕਟ ਤੋਂ ਵੱਖ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਸਹਿਜਧਾਰੀ ਸਿੱਖਾਂ ਦੇ ਵੋਟਿੰਗ ਅਧਿਕਾਰ ਨੂੰ ਖ਼ਤਮ ਕਰ ਦਿੱਤਾ ਸੀ।
ਹਾਈ ਕੋਰਟ ਨੇ ਦਸੰਬਰ 2011 ਵਿੱਚ ਕੇਂਦਰ ਸਰਕਾਰ ਦੇ ਇਸ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ 2016 ਵਿੱਚ ਮੁੜ ਐਕਟ ਵਿੱਚ ਸੋਧ ਕਰਕੇ ਸਹਿਜਧਾਰੀ ਸਿੱਖਾਂ ਦੇ ਵੋਟਿੰਗ ਅਧਿਕਾਰ ਨੂੰ ਖ਼ਤਮ ਕਰ ਦਿੱਤਾ। ਇਸ ਸੋਧ ਨੂੰ ਸਹਿਜਧਾਰੀ ਸਿੱਖ ਪਾਰਟੀ ਵੱਲੋਂ 2017 ਵਿੱਚ ਹਾਈ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕਰਕੇ ਰੱਦ ਕਰਨ ਦੀ ਮੰਗ ਕੀਤੀ ਗਈ ਸੀ, ਜਿਸ ’ਤੇ ਹਾਈ ਕੋਰਟ ਨੇ ਹੁਣ ਸ਼੍ਰੋਮਣੀ ਕਮੇਟੀ ਤੋਂ ਜਵਾਬ ਤਲਬ ਕੀਤਾ ਹੈ।