ਪੰਜਾਬ ਸਰਕਾਰ ਨੂੰ ਝਟਕਾ : ਹਾਈਕੋਰਟ ਨੇ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਦੀ ਨਿਯੁਕਤੀ ਪ੍ਰਕਿਰਿਆ ‘ਤੇ ਲਗਾਈ ਰੋਕ
ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਪੰਜਾਬ ਸਰਕਾਰ ਨੂੰ ਉਸ ਸਮੇ ਵੱਡਾ ਝਟਕਾ ਲੱਗਿਆ ਜਦੋ ਹਾਈਕੋਰਟ ਨੇ ਪੰਜਾਬ ਦੇ ਸਰਕਾਰੀ ਕਾਲਜਾਂ ਦੇ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾਉਂਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਨਿਯੁਕਤੀ ਦੇ ਪੈਮਾਨੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੰਦਿਆਂ ਇੱਕ ਬਿਨੈਕਾਰ ਵੱਲੋਂ ਐਡਵੋਕੇਟ ਜਗਤਾਰ ਸਿੰਘ ਸਿੱਧੂ ਰਾਹੀਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਨੇ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਦੀ ਨਿਯੁਕਤੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਸੀ। ਜਿਸ ਅਨੁਸਾਰ ਉਨ੍ਹਾਂ ਬਿਨੈਕਾਰਾਂ ਨੂੰ ਪ੍ਰਤੀ ਸਾਲ ਇੱਕ ਅੰਕ ਦੇਣ ਦਾ ਫੈਸਲਾ ਕੀਤਾ ਗਿਆ ਜੋ ਪਹਿਲਾਂ ਹੀ ਕਿਸੇ ਸਰਕਾਰੀ ਕਾਲਜ ਵਿੱਚ ਪਾਰਟ ਟਾਈਮ, ਗੈਸਟ ਫੈਕਲਟੀ ਅਤੇ ਠੇਕੇ ‘ਤੇ ਕੰਮ ਕਰ ਰਹੇ ਹਨ। ਇਸ ਤਰ੍ਹਾਂ ਵੱਧ ਤੋਂ ਵੱਧ 5 ਅੰਕ ਦੇਣ ਦਾ ਫੈਸਲਾ ਕੀਤਾ ਗਿਆ। ਇਸ ਖ਼ਿਲਾਫ਼ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਦੱਸਿਆ ਗਿਆ ਸੀ ਕਿ ਜਿਹੜੇ ਬਿਨੈਕਾਰ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਵਿੱਚ ਜਾਂ ਪ੍ਰਾਈਵੇਟ ਕਾਲਜਾਂ ਵਿੱਚ ਪਾਰਟ ਟਾਈਮ, ਗੈਸਟ ਫੈਕਲਟੀ ਅਤੇ ਠੇਕੇ ’ਤੇ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਵਾਧੂ ਅੰਕ ਨਹੀਂ ਦਿੱਤੇ ਜਾ ਰਹੇ ਹਨ।
ਪਟੀਸ਼ਨਕਰਤਾ ਸਰਕਾਰੀ ਸਹਾਇਤਾ ਪ੍ਰਾਪਤ ਕਾਲਜ ਵਿੱਚ ਕੰਮ ਕਰਦਾ ਸੀ, ਫਿਰ ਪਹਿਲਾਂ ਉਸ ਨੂੰ 5 ਅੰਕ ਦਿੱਤੇ ਗਏ, ਪਰ ਬਾਅਦ ਵਿੱਚ ਪੜਤਾਲ ਵਿੱਚ ਇਹ ਕਹਿ ਕੇ ਉਸ ਦੇ ਅੰਕ ਕੱਟ ਦਿੱਤੇ ਗਏ ਕਿ ਉਹ ਸਰਕਾਰੀ ਕਾਲਜ ਵਿੱਚ ਕੰਮ ਨਹੀਂ ਕਰ ਰਿਹਾ। ਪਟੀਸ਼ਨਕਰਤਾ ਦਾ ਕਹਿਣਾ ਹੈ ਕਿ ਇਹ ਨਿਯਮ ਪੂਰੀ ਤਰ੍ਹਾਂ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਹਨ। ਹਾਈਕੋਰਟ ਨੇ ਵੀ ਇਸ ‘ਤੇ ਸਵਾਲ ਚੁੱਕੇ ਹਨ ਅਤੇ ਹੁਣ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 13 ਦਸੰਬਰ ਨੂੰ ਅਗਲੀ ਸੁਣਵਾਈ ‘ਤੇ ਨਿਯੁਕਤੀ ਪ੍ਰਕਿਰਿਆ ‘ਤੇ ਵੀ ਰੋਕ ਲਗਾ ਦਿੱਤੀ ਹੈ।