Punjab

ਸਾਂਝੇ ਅਧਿਆਪਕ ਮੋਰਚੇ ਨੇ 3 ਜੂਨ ਨੂੰ ਜਿਲ੍ਹਿਆਂ ‘ਚ ਝੰਡਾ ਮਾਰਚ ਕਰਕੇ ਸਿੱਖਿਆ ਮੰਤਰੀ ਅਤੇ ਸਕੱਤਰ ਦੇ ਪੁਤਲੇ ਫੂਕਣ ਦਾ ਕੀਤਾ ਐਲਾਨ

 

ਅਧਿਆਪਕਾਂ ਤੇ ਸਿੱਖਿਆ ਦੇ ਹੋ ਰਹੇ ਉਜਾੜੇ ਪ੍ਰਤੀ ਸਿੱਖਿਆ ਮੰਤਰੀ ਬਣੇ ਮੂਕ ਦਰਸ਼ਕ: ਸਾਂਝਾ ਅਧਿਆਪਕ ਮੋਰਚਾ

ਚੰਡੀਗੜ੍ਹ, 30 ਮਈ ( ): ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਮੀਟਿੰਗ ਸੁਖਵਿੰਦਰ ਸਿੰਘ ਚਾਹਲ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਸਿੱਖਿਆ ਮੰਤਰੀ ਵੱਲੋਂ ਮੋਰਚੇ ਨਾਲ ਹੋਣ ਵਾਲੀ ਮੀਟਿੰਗ 15 ਮਈ ਤਕ ਮੁਲਤਵੀ ਕਰਨ ਤੋਂ ਬਾਅਦ ਦੁਬਾਰਾ ਮੁਲਾਕਤ ਨਾ ਕਰਨ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਅਤੇ ਅਧਿਆਪਕਾਂ ਦੀ ਵਿਆਪਕ ਲਾਮਬੰਦੀ ਕਰਦਿਆਂ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ।

ਸਾਂਝਾ ਅਧਿਆਪਕ ਮੋਰਚਾ ਦੇ ਸੂਬਾਈ ਕਨਵੀਨਰਾਂ ਬਲਕਾਰ ਸਿੰਘ ਵਲਟੋਹਾ, ਵਿਕਰਮ ਦੇਵ ਸਿੰਘ, ਬਲਜੀਤ ਸਿੰਘ ਸਲਾਣਾ, ਹਰਜੀਤ ਸਿੰਘ ਬਸੋਤਾ, ਸੁਖਵਿੰਦਰ ਸਿੰਘ ਚਾਹਲ, ਸੂਬਾ ਕੋ ਕਨਵੀਨਰਾਂ ਸੁਖਰਾਜ ਸਿੰਘ ਕਾਹਲੋਂ ਅਤੇ ਸੁਖਜਿੰਦਰ ਸਿੰਘ ਹਰੀਕਾ ਨੇ ਦੱਸਿਆ ਕਿ 3 ਜੂਨ ਨੂੰ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰ ‘ਤੇ ਕਾਲੇ ਝੰਡਿਆਂ ਨਾਲ ਮੋਟਰਸਾਈਕਲ ਮਾਰਚ ਕਰਨ, ਸਿੱਖਿਆ ਦੀ ਤਬਾਹੀ ‘ਤੇ ਕੇਵਲ ਮੂਕ ਦਰਸ਼ਕ ਬਣੇ ਸਿੱਖਿਆ ਮੰਤਰੀ ਅਤੇ ਲਗਾਤਾਰ ਸਿੱਖਿਆ ਉਜਾੜੂ ਫ਼ੈਸਲੇ ਲਾਗੂ ਕਰਨ ਵਾਲੇ ਸਿੱਖਿਆ ਸਕੱਤਰ, ਦੇ ਪੁਤਲੇ ਫੂਕਣ ਅਤੇ ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਵੱਲ ਰੋਸ ਪੱਤਰ ਦਿੱਤੇ ਜਾਣਗੇ। ਇਸ ਤੋਂ ਪਹਿਲਾਂ ਰੋਸ ਪੱਤਰ ਈ-ਮੇਲ ਰਾਹੀਂ ਵੀ ਭੇਜੇ ਜਾਣਗੇ। ਆਗੂਆਂ ਨੇ ਦੋਸ਼ ਲਗਾਇਆ ਕਿ ਸਕੱਤਰ ਸਕੂਲ ਸਿੱਖਿਆ ਵੱਲੋਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਾਲੀ ਕੈਬਨਿਟ ਸਬ ਕਮੇਟੀ ਦੇ 5 ਮਾਰਚ 2019 ਨੂੰ ਕੀਤੇ ਫੈਸਲੇ ਅਨੁਸਾਰ ਸੰਘਰਸ਼ਾਂ ਦੌਰਾਨ ਹੋਈਆਂ ਵਿਕਟੇਮਾਈਜ਼ੇਸ਼ਨਾਂ ਰੱਦ ਨਾ ਕਰਨ, ਵਿਭਾਗ ਦੀ ਆਕਾਰ ਘਟਾਈ ਕਰਨ, ਵੱਡੀ ਗਿਣਤੀ ਸਰਕਾਰੀ ਸਕੂਲ ਬੰਦ ਕਰਨ, ਬੇਰੁਜ਼ਗਾਰਾਂ ਨੂੰ ਪੱਕਾ ਰੁਜ਼ਗਾਰ ਦੇਣ ਤੇ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦੀ ਬਜਾਏ ਨਵੀਂ ਸਿੱਖਿਆ ਨੀਤੀ 2020 ਤਹਿਤ ਲਗਾਤਾਰ ਸਿੱਖਿਆ ਦਾ ਉਜਾਡ਼ਾ ਕਰਨ, ਨਿਯਮਾਂ ਵਿੱਚ ਅਧਿਆਪਕ ਵਿਰੋਧੀ ਸੋਧਾਂ ਕਰਨ, ਪ੍ਰਸੋਨਲ ਵਿਭਾਗ ਵੱਲੋਂ 30 ਦਿਨ ਦੀ ਇਕਾਂਤਵਾਸ ਛੁੱਟੀ ਦਾ ਪੱਤਰ ਲਾਗੂ ਨਾ ਕਰਕੇ ਕਮਾਈ ਜਾਂ ਮੈਡੀਕਲ ਛੁੱਟੀ ਕੱਟਣ, ਹਰ ਵਰਗ ਦੀਆਂ ਪ੍ਰੋਮੋਸ਼ਨਾਂ ਨਾ ਕਰਨ, ਹੋਈਆਂ ਪ੍ਰਮੋਸ਼ਨਾ ਨੂੰ ਰੱਦ ਕਰਨ, ਬਦਲੀ ਨੀਤੀ ਨੂੰ ਮਨਚਾਹੇ ਢੰਗ ਨਾਲ ਲਾਗੂ ਕਰਨ, ਨਾਨ ਬਾਰਡਰ (3582, 6060 ਆਦਿ) ਅਧਿਆਪਕਾਂ ਨੂੰ ਬਦਲੀ ਪ੍ਰਕਿਰਿਆ ਵਿਚ ਨਾ ਵਿਚਾਰਨ, ਪ੍ਰਾਇਮਰੀ ਸਮੇਤ ਹੋਰ ਕਈ ਵਰਗਾਂ ਦੀਆਂ ਬਦਲੀਆਂ ਲਾਗੂ ਨਾ ਕਰਨ, ਬਿਨਾਂ ਪੜਤਾਲ ਤੋਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੀ ਪਿਰਤ ਪਾਉਣ, ਛੁੱਟੀਆਂ ਹੋਣ ਦੇ ਬਾਵਜੂਦ ਅਧਿਆਪਕਾਂ ਨੂੰ ਰੋਜ਼ਾਨਾ ਜੁਬਾਨੀ ਆਦੇਸ਼ਾਂ ਅਨੁਸਾਰ ਕੰਮ ਕਰਨ ਲਈ ਮਜਬੂਰ ਕਰਕੇ ਮਾਨਸਿਕ ਗੁਲਾਮ ਬਣਾਉਣ ਅਤੇ ਪ੍ਰੀਖਿਆਵਾਂ ਲਈ ਢੁੱਕਵੇਂ ਪ੍ਰਬੰਧ ਕਰਨ ਵਿੱਚ ਨਾਕਾਮ ਰਹਿਣ ‘ਤੇ ਸਭ ਵਿਦਿਆਰਥੀਆਂ ਨੂੰ ਪਾਸ ਕਰਕੇ ਮਿਸ਼ਨ ਸ਼ੱਤ ਪ੍ਰਤੀਸ਼ੱਤ ਰੂਪੀ ਝੂਠੇ ਅੰਕੜਿਆਂ ਦੀ ਖੇਡ ਰਾਹੀਂ ਸਿੱਖਿਆ ਵਿੱਚ ਗਹਿਰਾ ਨਿਘਾਰ ਲਿਆਉਣ ਦੇ ਮਾਮਲਿਆਂ ‘ਚ ਸਾਂਝਾ ਅਧਿਆਪਕ ਮੋਰਚਾ ਵੱਲੋਂ ਵਾਰ ਵਾਰ ਵਿਰੋਧ ਕਰਨ ਦੇ ਬਾਵਜੂਦ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਵੱਲੋਂ ਸਾਜਸ਼ੀ ਚੁੱਪ ਧਾਰਨ ਕਰਦਿਆਂ ਸਕੱਤਰ ਨੂੰ ਜਨਤਕ ਸਿੱਖਿਆ ਦੀ ਬਰਬਾਦੀ ਕਰਨ ਦੀ ਖੁੱਲ੍ਹੀ ਛੁੱਟੀ ਦਿੱਤੀ ਹੋਈ ਹੈ। ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ 1 ਜਨਵਰੀ 2004 ਤੋਂ ਬਾਅਦ ਭਰਤੀ ਹੋਣ ਵਾਲਿਆਂ ‘ਤੇ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਨਹੀਂ ਕੀਤੀ ਜਾ ਰਹੀ, ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਮੁਲਾਜ਼ਮ ਪੱਖੀ ਰੂਪ ਦਿੰਦਿਆਂ ਜਨਤਕ ਨਹੀਂ ਕੀਤਾ ਜਾ ਰਿਹਾ ਅਤੇ ਮਹਿੰਗਾਈ ਭੱਤੇ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ ਹਨ, ਸਗੋਂ ਨਵੀਂਆਂ ਭਰਤੀਆਂ ਉੱਪਰ ਕੇਂਦਰੀ ਤਨਖਾਹ ਸਕੇਲਾਂ/ਗ੍ਰੇਡਾਂ ਤੋਂ ਵੀ ਘੱਟ ਤਨਖਾਹਾਂ ਥੋਪੀਆਂ ਜਾ ਰਹੀਆਂ ਹਨ।

ਮੀਟਿੰਗ ਵਿਚ ਕੁਲਦੀਪ ਸਿੰਘ ਦੌੜਕਾ, ਸੁਰਿੰਦਰ ਪੁਆਰੀ, ਸੁਰਿੰਦਰ ਸਿੰਘ ਕੰਬੋਜ, ਲਛਮਣ ਸਿੰਘ, ਸੁਖਵਿੰਦਰ ਸਿੰਘ ਮਾਨ ਆਦਿ ਸ਼ਾਮਲ ਰਹੇ। ਅਗਲੇ ਐਕਸ਼ਨਾਂ ਦੀ ਵਿਉਂਤਬੰਦੀ ਲਈ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ 5 ਜੂਨ ਨੂੰ ਲੁਧਿਆਣਾ ਵਿਖੇ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ।

ਜਾਰੀ ਕਰਤਾ:-
ਵਿਕਰਮ ਦੇਵ ਸਿੰਘ (ਸੂਬਾ ਕਨਵੀਨਰ)
ਸੰਪਰਕ: 97795-83467
ਰਘਵੀਰ ਸਿੰਘ ਭਵਾਨੀਗੜ੍ਹ
ਸੰਪਰਕ ਨੰ: 9988122887
ਸਾਂਝਾ ਅਧਿਆਪਕ ਮੋਰਚਾ ਪੰਜਾਬ

Related Articles

Leave a Reply

Your email address will not be published. Required fields are marked *

Back to top button
error: Sorry Content is protected !!