ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਕੱਟੇ ਜਾਣ ਚਲਾਣ : ਡਿਪਟੀ ਕਮਿਸ਼ਨਰ
ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਕੱਟੇ ਜਾਣ ਚਲਾਣ : ਡਿਪਟੀ ਕਮਿਸ਼ਨਰ
- ਕਿਹਾ, ਸਕੂਲਾਂ ਦੇ 100 ਮੀਟਰ ਦੇ ਘੇਰੇ ਚ ਤੰਬਾਕੂ ਉਤਪਾਦ ਵੇਚਣ ਵਾਲਿਆਂ ਤੇ ਕੀਤੀ ਜਾਵੇ ਕਾਨੂੰਨੀ ਕਾਰਵਾਈ
- ਬਿਨ੍ਹਾਂ ਚਿਤਾਵਨੀ ਵਾਲੇ ਤੰਬਾਕੂ ਉਤਪਾਦ ਵੇਚਣ ਵਾਲਿਆਂ ਉੱਤੇ ਕੀਤੀ ਜਾਵੇ ਸਖ਼ਤ ਕਾਰਵਾਈ
ਬਠਿੰਡਾ, 25 ਮਈ : ਕੋਟਪਾ ਐਕਟ 2003 ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਚਲਾਣ ਕੱਟੇ ਜਾਣ ਅਤੇ ਸਕੂਲਾਂ ਦੇ 100 ਮੀਟਰ ਦੇ ਘੇਰੇ ਵਿੱਚ ਤੰਬਾਕੂ ਉਤਪਾਦ ਵੇਚਣ ਵਾਲਿਆਂ ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਕੌਮੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਕੋਆਰਡੀਕੇਸ਼ਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਖੁੱਲ੍ਹੀ ਸਿਗਰਟ ਵੇਚਣ ਵਾਲਿਆਂ, ਹੁੱਕਾ ਬਾਰ ਅਤੇ ਬਿਨ੍ਹਾਂ ਚਿਤਾਵਨੀ ਵਾਲੇ ਤੰਬਾਕੂ ਉਤਪਾਦ ਵੇਚਣ ਵਾਲਿਆਂ ਤੇ ਵੀ ਸਖਤ ਕਾਰਵਾਈ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਆਦੇਸ਼ ਦਿੰਦਿਆਂ ਕਿਹਾ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕਿਹਾ। ਉਨ੍ਹਾਂ ਸਮੂਹ ਵਿਭਾਗਾਂ ਨੂੰ ਕੋਟਪਾ ਐਕਟ ਤਹਿਤ ਸਰਕਾਰੀ ਤੇ ਪ੍ਰਾਈਵੇਟ ਅਦਾਰਿਆਂ ਵਿਖੇ ਤੰਬਾਕੂ ਦੀ ਵਰਤੋਂ ਦੀ ਮਨਾਹੀ ਸਬੰਧੀ ਚੇਤਾਵਨੀ ਬੋਰਡ ਲਗਵਾਏ ਜਾਣ ਦੀ ਵੀ ਹਦਾਇਤ ਕੀਤੀ।
ਇਸ ਮੌਕੇ ਸਹਾਇਕ ਸਿਵਲ ਸਰਜਨ-ਕਮ-ਤੰਬਾਕੂ ਕੰਟਰੋਲ ਸੈੱਲ ਦੇ ਨੋਡਲ ਅਫਸਰ ਡਾ. ਅਨੁਪਮਾ ਸ਼ਰਮਾ ਨੇ ਪੀਪੀਟੀ ਰਾਹੀਂ ਜ਼ਿਲ੍ਹੇ ਵਿੱਚ ਤੰਬਾਕੂ ਕੰਟਰੋਲ ਲਈ ਕੋਟਪਾ ਐਕਟ 2003 ਤਹਿਤ ਵੱਖ-ਵੱਖ ਵਿਭਾਗਾਂ ਦੀ ਬਣਦੀ ਜਿੰਮੇਵਾਰੀ ਅਤੇ ਤੰਬਾਕੂ ਸੇਵਨ ਦੇ ਮਨੁੱਖੀ ਸਰੀਰ ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਤੋਂ ਇਲਾਵਾ ਉਨ੍ਹਾਂ ਤੋਂ ਪੈਦਾ ਹੋਣ ਵਾਲੀਆਂ ਭਿਆਨਕ ਬਿਮਾਰੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਐਂਟੀ ਤੰਬਾਕੂ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ 31 ਮਈ ਨੂੰ ਵਿਸ਼ਵ ਤੰਬਾਕੂ ਦਿਵਸ ਵੀ ਮਨਾਇਆ ਜਾਵੇਗਾ।
ਬੈਠਕ ਦੌਰਾਨ ਤੰਬਾਕੂ ਕੰਟਰੋਲ ਸਬੰਧੀ ਜ਼ਿਲ੍ਹਾ ਕੋਆਰਡੀਨੇਸ਼ਨ ਕਮੇਟੀ ਦੇ ਮੈਂਬਰਾਂ ਵੱਲੋਂ ਤੰਬਾਕੂ ਦੀ ਵਰਤੋਂ ਨਾ ਕਰਨ ਤੇ ਆਮ ਲੋਕਾਂ ਨੂੰ ਤੰਬਾਕੂ ਦੇ ਸਿਹਤ ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕਰਨ ਦੀ ਸਹੁੰ ਚੁੱਕੀ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਭੁਪਿੰਦਰ ਕੌਰ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦਿਆਂ ਵਲੋਂ ਭਾਗ ਲਿਆ ਗਿਆ।