ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਮਾਮਲੇ ਹਾਈਕੋਰਟ ਦਾ ਵੱਡਾ ਫੈਸਲਾ
ਹਾਈਕੋਰਟ ਨੇ ਉਨ੍ਹਾਂ ਦੀ ਨਿਯੁਕਤੀ ਨੂੰ ਸਹੀ ਦੱਸਿਆ, ਸਿੰਗਲ ਬੈਂਚ ਦੇ ਫੈਸਲੇ ਨੂੰ ਰੱਦ ਕਰ ਦਿੱਤਾ
ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਦੀ ਨਿਯੁਕਤੀ ਖ਼ਿਲਾਫ਼ ਸਿੰਗਲ ਬੈਂਚ ਦੇ ਫ਼ੈਸਲੇ ਨੂੰ ਰੱਦ ਕਰਦਿਆਂ ਉਨ੍ਹਾਂ ਦੀ ਨਿਯੁਕਤੀ ਨੂੰ ਸਹੀ ਕਰਾਰ ਦਿੱਤਾ ਹੈ। ਹਾਲਾਂਕਿ ਡਬਲ ਬੈਂਚ ਦਾ ਵਿਸਥਾਰਤ ਆਦੇਸ਼ ਆਉਣਾ ਬਾਕੀ ਹੈ। ਪਰ ਹਾਈਕੋਰਟ ਨੇ ਇਸ ਮਾਮਲੇ ਵਿੱਚ ਸਾਬਕਾ ਕੈਪਟਨ ਸਰਕਾਰ ਨੂੰ ਵੱਡੀ ਰਾਹਤ ਦਿੱਤੀ ਹੈ।
ਜ਼ਿਕਰਯੋਗ ਹੈ ਕਿ 2017 ‘ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣਨ ‘ਤੇ ਕੈਪਟਨ ਨੇ ਉਨ੍ਹਾਂ ਦੀ ਕਾਬਲੀਅਤ ਨੂੰ ਦੇਖਦੇ ਹੋਏ ਸੇਵਾ ਮੁਕਤ ਸੀਨੀਅਰ ਆਈਏਐਸ ਅਧਿਕਾਰੀ ਸੁਰੇਸ਼ ਕੁਮਾਰ ਨੂੰ ਆਪਣਾ ਮੁੱਖ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਸੀ। ਇਸ ਨਿਯੁਕਤੀ ਨੂੰ ਹਾਈ ਕੋਰਟ ਦੇ ਸਿੰਗਲ ਬੈਂਚ ਵਿੱਚ ਚੁਣੌਤੀ ਦਿੱਤੀ ਗਈ ਸੀ। ਉਨ੍ਹਾਂ ਦੀ ਨਿਯੁਕਤੀ ਨੂੰ ਜਨਵਰੀ 2018 ਵਿੱਚ ਸਿੰਗਲ ਬੈਂਚ ਨੇ ਰੱਦ ਕਰ ਦਿੱਤਾ ਸੀ। ਜਿਸ ਦੇ ਖਿਲਾਫ ਪੰਜਾਬ ਸਰਕਾਰ ਨੇ ਡਬਲ ਬੈਂਚ ‘ਚ ਅਪੀਲ ਦਾਇਰ ਕੀਤੀ ਸੀ। ਡਬਲ ਬੈਂਚ ਨੇ ਅਪੀਲ ‘ਤੇ ਪਹਿਲੀ ਹੀ ਸੁਣਵਾਈ ‘ਤੇ ਸਿੰਗਲ ਬੈਂਚ ਦੇ ਫੈਸਲੇ ‘ਤੇ ਸਖ਼ਤ ਟਿੱਪਣੀ ਕਰਦੇ ਹੋਏ ਇਸ ਫੈਸਲੇ ‘ਤੇ ਰੋਕ ਲਗਾ ਦਿੱਤੀ ਸੀ। ਸਿੰਗਲ ਬੈਂਚ ਦੇ ਫੈਸਲੇ ‘ਤੇ ਰੋਕ ਲਗਾਉਂਦੇ ਹੋਏ ਡਬਲ ਬੈਂਚ ਨੇ ਕਿਹਾ ਸੀ ਕਿ ਸਿੰਗਲ ਬੈਂਚ ਨੂੰ ਇਸ ਪਟੀਸ਼ਨ ‘ਤੇ ਸੁਣਵਾਈ ਦਾ ਅਧਿਕਾਰ ਨਹੀਂ ਹੈ, ਸਿੰਗਲ ਬੈਂਚ ਨੇ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਇਹ ਫੈਸਲਾ ਦਿੱਤਾ ਹੈ।
ਪੰਜਾਬ ਸਰਕਾਰ ਦੀ ਅਪੀਲ ‘ਤੇ ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਪਿਛਲੇ ਸਾਲ ਅਗਸਤ ‘ਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਹੁਣ ਹਾਈ ਕੋਰਟ ਨੇ ਇਸ ‘ਤੇ ਆਪਣਾ ਫੈਸਲਾ ਦਿੰਦੇ ਹੋਏ ਸਰਕਾਰ ਦੀ ਅਪੀਲ ਨੂੰ ਸਹੀ ਮੰਨਦੇ ਹੋਏ ਸਵੀਕਾਰ ਕਰ ਲਿਆ ਹੈ ਅਤੇ ਇਸ ਨਿਯੁਕਤੀ ਖਿਲਾਫ ਸਿੰਗਲ ਬੈਂਚ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ।