ਮੂਸੇਵਾਲਾ ਦੇ ਕਤਲ ਨੇ ਸਪੱਸ਼ਟ ਕਰ ਦਿੱਤਾ ਪੰਜਾਬ ‘ਚ ਭਗਵੰਤ ਮਾਨ ਸਰਕਾਰ ਦਾ ਨਹੀਂ ਅਪਰਾਧੀਆਂ ਦਾ ਰਾਜ : ਅਸ਼ਵਨੀ ਸ਼ਰਮਾ
ਮੂਸੇਵਾਲਾ ਦੇ ਕਤਲ ਨੇ ਸਪੱਸ਼ਟ ਕਰ ਦਿੱਤਾ ਪੰਜਾਬ ‘ਚ ਭਗਵੰਤ ਮਾਨ ਸਰਕਾਰ ਦਾ ਨਹੀਂ ਅਪਰਾਧੀਆਂ ਦਾ ਰਾਜ : ਅਸ਼ਵਨੀ ਸ਼ਰਮਾ
ਭਗਵੰਤ ਮਾਨ ਸਰਕਾਰ ਦੇ ਰਾਜ ‘ਚ ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ, ‘ਆਪ’ ਸਰਕਾਰ ਹਰ ਫਰੰਟ ‘ਤੇ ਫੇਲ੍ਹ ਸਾਬਤ ਹੋਈ: ਸ਼ਰਮਾ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਅਸ਼ਵਨੀ ਸ਼ਰਮਾ ਨੇ ਕੀਤੀ ਸਖ਼ਤ ਨਿਖੇਧੀ।
ਚੰਡੀਗੜ੍ਹ, 29 ਮਈ ( ), ਆਪਣੀ ਭੜਕਾਊ ਗਾਇਕੀ ਕਰਕੇ ਸੁਰਖੀਆਂ ‘ਚ ਰਹਿਣ ਵਾਲੇ ਅਤੇ ਕਾਂਗਰਸ ਵਲੋਂ ਚੋਣ ਲੜਨ ਵਾਲੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਨੇੜੇ ਕੁਝ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਵੱਲੋਂ ਸ਼ਰੇਆਮ ਕਤਲ ਕੀਤੇ ਜਾਣ ਦੀ ਅਨ੍ਸੁਖਾਂਵੀੰ ਘਟਨਾ ਦੀ ਭਾਜਪਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ‘ਤੇ ਸਵਾਲ ਚੁੱਕਦੇ ਹੋਏ ਸ਼ਰਮਾ ਨੇ ਕਿਹਾ ਕਿ ਪੰਜਾਬ ‘ਚ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਪੰਜਾਬ ‘ਚ ਕਾਨੂਨ ਵਿਵਸਥਾ ਖਤਮ ਹੋ ਗਈ ਹੈI ਅੱਜ ਆਮ ਜਨਤਾ ਜਾਂ ਇਥੇ ਦਾ ਕੋਈ ਵੱਡਾ ਨੇਤਾ ਸੁਰੱਖਿਅਤ ਨਹੀਂ ਹੈ। ਸ਼ਰਮਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਮੁਖਮੰਤਰੀ ਭਗਵੰਤ ਮਾਨ ਨੇ ਹਟਾਈ ਸੀ। ਸ਼ਰਮਾ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਕਾਨੂੰਨ ਵਿਵਸਥਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਹੀਂ ਸੰਭਾਲੀ ਜਾਂਦੀ ਤਾਂ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਸਮੇਤ 50 ਤੋਂ ਵੱਧ ਕਤਲ ਹੋ ਚੁੱਕੇ ਹਨ। ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ ਹੈ। ਅਪਰਾਧੀ ਸ਼ਰੇਆਮ ਸਰਕਾਰ ਅਤੇ ਪੁਲਿਸ-ਪ੍ਰਸ਼ਾਸਨ ਦੇ ਨੱਕ ਹੇਠ ਕਤਲ, ਲੁੱਟ-ਖੋਹ ਅਤੇ ਫਿਰੌਤੀ ਵਰਗੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਪਰ ਪੰਜਾਬ ‘ਚ ਬਦਲਾਅ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਨ ਵਾਲੇ ਭਗਵੰਤ ਮਾਨ ਤੇ ਕੇਜਰੀਵਾਲ ਸਮੇਤ ‘ਆਪ’ ਦੇ ਸਾਰੇ ਆਗੂ ਬਦਲਾਅ ਦੇ ਸਵਾਲ ‘ਤੇ ਗਾਇਬ ਹੋ ਜਾਂਦੇ ਹਨ। ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਕੀ ਪੰਜਾਬ ਵਿੱਚ ਇਹੀ ਬਦਲਾਅ ਹੈ? ਜਿੱਥੇ ਕੋਈ ਵੀ ਸੁਰੱਖਿਅਤ ਨਹੀਂ ਹੈ!